ਅੰਮ੍ਰਿਤਸਰ, 12 ਸਤੰਬਰ- ਸਾਰਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਭਾਈ ਬਲਵੰਤ ਸਿੰਘ ਨੇ ਅਰਦਾਸ ਕੀਤੀ। ਉਪਰੰਤ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਸ਼ਹੀਦਾਂ ਦੀ ਇਕ ਲੰਮੀ ਸੂਚੀ ਹੈ, ਜਿਸ ਤੋਂ ਪ੍ਰੇਰਣਾ ਲੈ ਕੇ ਅਯੋਕੀ ਪੀੜ੍ਹੀ ਨੂੰ ਧਰਮ ਇਤਿਹਾਸ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਕੁਝ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਸ. ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਇੰਚਾਰਜ ਸ. ਬਲਜੀਤ ਸਿੰਘ, ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਭਾਈ ਬਲਵੰਤ ਸਿੰਘ, ਸ. ਰਣਜੀਤ ਸਿੰਘ ਆਦਿ ਮੌਜੂਦ ਸਨ।