ਅੰਮ੍ਰਿਤਸਰ, 12 ਸਤੰਬਰ- ਸਾਰਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅੰਦਰ ਸ਼ਹੀਦਾਂ ਦੀ ਇਕ ਲੰਮੀ ਸੂਚੀ ਹੈ, ਜਿਸ ਤੋਂ ਪ੍ਰੇਰਣਾ ਲੈ ਕੇ ਅਜੋਕੀ ਪੀੜ੍ਹੀ ਨੂੰ ਧਰਮ ਇਤਿਹਾਸ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਸਾਲ ਇਨ੍ਹਾਂ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਗੁਰਦੁਆਰਾ ਸਾਰਾਗੜੀ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਕਰਵਾਉਂਦੀ ਹੈ। ਇਸ ਮੌਕੇ ਕੁਝ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਮੈਨੇਜਰ ਸ. ਸੁਖਰਾਜ ਸਿੰਘ ਆਦਿ ਨੇ ਹਾਜ਼ਰੀ ਭਰੀ।