੧੦ ਸਤੰਬਰ ਨੂੰ ਕੀਤਾ ਜਾਵੇਗਾ ਗੈਲਰੀ ਦਾ ਉਦਘਾਟਨ

ਅੰਮ੍ਰਿਤਸਰ, 30 ਅਗਸਤ ੨੦੧੭- ਸੰਸਾਰ ਦੀਆਂ ਮਹਾਨ ਜੰਗਾਂ ਵਿਚ ਸ਼ੁਮਾਰ ੧੨ ਸਤੰਬਰ ੧੮੯੭ ਨੂੰ ਹੋਈ ਇਤਿਹਾਸਕ ਸਾਰਾਗੜ੍ਹੀ ਦੀ ਜੰਗ ਵਿਚ ਬਹਾਦਰੀ ਨਾਲ ਲੜਨ ਵਾਲੇ ੩੬ ਸਿੱਖ ਬਟਾਲੀਅਨ ਦੇ ੨੧ ਸਿੱਖਾਂ ਦੀ ਯਾਦ ਵਿਚ ਸ੍ਰੀ ਦਰਬਾਰ ਸਾਹਿਬ ਦੇ ਸਾਰਾਗੜ੍ਹੀ ਨਿਵਾਸ ਵਿਚ ਇੱਕ ਵਿਸ਼ੇਸ਼ ਗੈਲਰੀ ਸਥਾਪਤ ਕੀਤੀ ਜਾਵੇਗੀ। ਸਥਾਪਤ ਕੀਤੀ ਜਾਣ ਵਾਲੀ ਗੈਲਰੀ ਵਿਚ ਇਸ ਜੰਗ ਦੌਰਾਨ ਸ਼ਹੀਦ ਹੋਏ ਬਹਾਦਰ ਸਿੱਖਾਂ ਦੀਆਂ ਤਸਵੀਰਾਂ ਅਤੇ ਜੰਗ ਨਾਲ ਸਬੰਧਤ ਹੋਰ ਸਮੱਗਰੀ ਨੂੰ ਰੂਪਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇਥੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਸ. ਗੁਰਿੰਦਰਪਾਲ ਸਿੰਘ ਜੋਸਨ, ਫਾਊਂਡੇਸ਼ਨ ਦੇ ਸੈਕਟਰੀ ਸ. ਮਨਜੀਤ ਸਿੰਘ ਅਤੇ ਸ. ਕਵਲਜੀਤ ਸਿੰਘ ਜੋਸਨ ਨਾਲ ਮੁਲਾਕਾਤ ਦੌਰਾਨ ਕੀਤਾ।
ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਦੁਨੀਆਂ ਦੀਆਂ ਮਹਾਨ ਜੰਗਾਂ ਵਿਚ ਸ਼ਾਮਲ ਹੈ ਜਿਸਦੇ ਨਾਇਕ ਸਿੱਖ ਫੌਜੀਆਂ ਵੱਲੋਂ ਦਿਖਾਈ ਗਈ ਬਹਾਦਰੀ ਨੂੰ ਨੌਜੁਆਨ ਪੀੜੀ ਤਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਰਾਗੜ੍ਹੀ ਨਿਵਾਸ ਵਿਖੇ ਇੱਕ ਵਿਸ਼ੇਸ਼ ਗੈਲਰੀ ਸਥਾਪਤ ਕਰਕੇ ਇਨ੍ਹਾਂ ਮਹਾਨ ਸ਼ਹੀਦ ਫੌਜੀਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸਾਰਾਗੜ੍ਹੀ ਦੀ ਜੰਗ ਨੂੰ ਰੂਪਮਾਨ ਕਰਦਾ ਮਾਡਲ ਵੀ ਇਸ ਗੈਲਰੀ ਵਿਚ ਲਗਾਇਆ ਜਾਵੇਗਾ। ਪ੍ਰੋ: ਬਡੂੰਗਰ ਨੇ ਕਿਹਾ ਕਿ ਇਸ ਗੈਲਰੀ ਦਾ ਉਦਘਾਟਨ ੧੦ ਸਤੰਬਰ ਨੂੰ ਕੀਤਾ ਜਾਵੇਗਾ ਅਤੇ ੧੨ ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਬਜੀਦਪੁਰ (ਫਿਰੋਜ਼ਪੁਰ) ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਵਿਰਸਾ ਬਹੁਤ ਮਹਾਨ ਹੈ ਜਿਸ ਤੋਂ ਨੌਜੁਆਨੀ ਨੂੰ ਜਾਣੂੰ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜਸ਼ੀਲ ਹੈ। ਇਸ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਗੈਲਰੀ ਵਿਚ ਲਗਾਈਆਂ ਜਾਣ ਵਾਲੀਆਂ ਸਿੱਖ ਫੌਜੀਆਂ ਦੀਆਂ ਤਸਵੀਰਾਂ ਪ੍ਰੋ: ਬਡੂੰਗਰ ਨੂੰ ਦਿਖਾਈਆਂ ਅਤੇ ਸਾਰਾਗੜ੍ਹੀ ਦੀ ਚੌਂਕੀ ਨਾਲ ਸਬੰਧਤ ਮਾਡਲ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਸ. ਗੁਰਿੰਦਰਪਾਲ ਸਿੰਘ ਜੋਸਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਹਾਨ ਸਿੱਖ ਫੌਜੀਆਂ ਦੇ ਸਤਿਕਾਰ ਵਿਚ ਦਿਖਾਈ ਗਈ ਵਿਸ਼ੇਸ਼ ਰੁਚੀ ਨੌਜੁਆਨੀ ਲਈ ਪ੍ਰੇਰਨਾ ਸਰੋਤ ਬਣੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ੧੦ ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਦੀ ਘੰਟਾ ਘਰ ਬਾਹੀ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤਕ ਇੱਕ ਮਾਰਚ ਵੀ ਕੱਢਿਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੁਰਾ ਕੋਹਨਾ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਅਤੇ ਹੋਰ ਹਾਜ਼ਰ ਸਨ।