ਫਤਹਿਗੜ੍ਹ ਸਾਹਿਬ, ੨੦ ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੀਆਂ ਰਾਜਸੀ ਧਿਰਾਂ ਨੂੰ ਅਪੀਲ ਕੀਤੀ ਹੈ ਕਿ ਸਤਿਕਾਰਤ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਰਾਜਸੀ ਕਾਨਫਰੰਸਾਂ ਵਿਚ ਦੂਸ਼ਣਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸਾਲਾਨਾ ਸ਼ਹੀਦੀ ਜੋੜ ਮੇਲ ਮੌਕੇ ਵੱਖ-ਵੱਖ ਰਾਜਸੀ ਧਿਰਾਂ ਵੱਲੋਂ ਆਪੋ-ਆਪਣੀਆਂ ਕਾਨਫੰਰਸਾਂ ਕੀਤੀਆਂ ਜਾਂਦੀਆਂ ਹਨ। ਪਰ ਸੰਗਤ ਵੱਲੋਂ ਅਕਸਰ ਹੀ ਇਹ ਸ਼ਿਕਾਇਤ ਰਹਿੰਦੀ ਹੈ ਕਿ ਇਸ ਦਿਹਾੜੇ ਮੌਕੇ ਰਾਜਸੀ ਕਾਨਫਰੰਸਾਂ ਵਿਚ ਕੀਤੀ ਜਾਂਦੀ ਆਪਸੀ ਤਿੱਖੀ ਬਿਆਨਬਾਜ਼ੀ ਨਾਲ ਸਾਹਿਬਜ਼ਾਦਿਆਂ ਦੇ ਸਤਿਕਾਰ ਅਤੇ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜਦੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਨ੍ਹਾਂ ਕਾਨਫਰੰਸਾਂ ਵਿਚ ਬੋਲਣ ਵਾਲੇ ਆਗੂ ਆਪਣੇ ਸੰਬੋਧਨ ਵਿਚ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਤੋਂ ਇਲਾਵਾ ਕਿਸੇ ਕਿਸਮ ਦੀ ਵੀ ਰਾਜਸੀ ਬਿਆਨਬਾਜ਼ੀ ਕਰਨ ਤੋਂ ਸੰਕੋਚ ਕਰਨ।