ਅੰਮ੍ਰਿਤਸਰ, 15 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲੁਧਿਆਣਾ ਜ਼ਿਲ੍ਹੇ ’ਚ ਪੀ.ਐਚ.ਸੀ. ਮਲੋਦ ਦੇ ਸਿਹਤ ਕਾਮੇ ਸ. ਮਸਤਾਨ ਸਿੰਘ ਦੀ ਸਥਾਨਕ ਇੱਕ ਡੇਰੇ ਵਿਚ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਤੌਹੀਨ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇੱਕ ਸਿੱਖ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਬਰਦਾਸ਼ਤਯੋਗ ਨਹੀਂ ਹੈ। ਇਸ ਘਟਨਾਂ ਦੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਕੁਝ ਦੋਸ਼ੀ ਗ੍ਰਿਫਤਾਰ ਕਰ ਲਏ ਗਏ ਹਨ, ਪਰੰਤੂ ਅਜੇ ਵੀ ਕਈ ਲੋਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਹਰ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਬਣਦੀਆਂ ਧਰਾਵਾਂ ਤਹਿਤ ਕਾਰਵਾਈ ਹੋਵੇ। ਭਾਈ ਲੌਂਗੋਵਾਲ ਨੇ ਕਿਹਾ ਕਿ ਕੋਵਿਡ-19 ਦੌਰਾਨ ਮੋਹਰਲੀ ਕਤਾਰ ਵਿਚ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਨਾਲ ਅਜਿਹਾ ਦੁਰਵਿਹਾਰ ਅਨੈਤਿਕ ਹੋਣ ਦੇ ਨਾਲ-ਨਾਲ ਪ੍ਰਸਾਸ਼ਨ ਲਈ ਵੀ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੰਕਟ ਦੌਰਾਨ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਸਿਹਤ ਵਿਭਾਗ ਦੇ ਕਰਮਚਾਰੀ ਸੇਵਾ ਨਿਭਾ ਰਹੇ ਹਨ, ਪਰੰਤੂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਉਨ੍ਹਾਂ ਦਾ ਮਨੋਬਲ ਕਾਇਮ ਨਹੀਂ ਰਹਿ ਸਕੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਹੈਲਥ ਵਰਕਰ ਸ. ਮਸਤਾਨ ਸਿੰਘ ਨਾਲ ਬਦਸਲੂਕੀ ਕਰਨ ਵਾਲੇ ਲੋਕਾਂ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਦੋਸ਼ੀ ਕਿਸੇ ਵੀ ਤਰ੍ਹਾਂ ਬਖਸ਼ੇ ਨਹੀਂ ਜਾਣੇ ਚਾਹੀਦੇ ਅਤੇ ਪੀੜਤ ਨੂੰ ਮੁਕੰਮਲ ਨਿਆਂ ਮਿਲਣਾ ਚਾਹੀਦਾ ਹੈ।