ਗਿਆਨੀ ਮੱਲ ਸਿੰਘ ਨਮਿੱਤ ਅੰਤਿਮ ਅਰਦਾਸ ਅਤੇ ਗੁਰਮਤਿ ਸਮਾਗਮ

ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਸੀ ਸ਼ਖਸੀਅਤਾਂ ਨੇ ਭਰੀ ਹਾਜ਼ਰੀ

 

ਸ੍ਰੀ ਅਨੰਦਪੁਰ ਸਾਹਿਬ, 24 ਅਗਸਤ- ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨਮਿੱਤ ਦਸਮੇਸ਼ ਦੀਵਾਨ ਹਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਤਿਮ ਅਰਦਾਸ ਤੇ ਗੁਰਮਤਿ ਸਮਾਗਮ ਕੀਤਾ ਗਿਆ, ਜਿਸ ਵਿਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ, ਵੱਖ-ਵੱਖ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਨੀਤਿਕ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਵਿਚ ਭਾਈ ਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਭਾਈ ਕਰਨੈਲ ਸਿੰਘ, ਭਾਈ ਰਸ਼ਪਾਲ ਸਿੰਘ ਤੇ ਭਾਈ ਸਿਮਰਪ੍ਰੀਤ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਿੰਘ ਸਾਹਿਬ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਅਤੇ ਉਨ੍ਹਾਂ ਦੁਆਰਾ ਲਿਖੀਆਂ ਪੁਸਤਕਾਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਕਰਕੇ ਸੰਗਤਾਂ ਵਿਚ ਵੰਡੀਆਂ ਜਾਣਗੀਆਂ। ਉਨ੍ਹਾਂ ਗਿਆਨੀ ਮੱਲ ਸਿੰਘ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਿੰਘ ਸਾਹਿਬ ਮਹਾਨ ਸਾਹਿਤਕਾਰ ਤੇ ਸਿੱਖ ਵਿਦਵਾਨ ਸਨ ਜੋ ਪੰਥ ਦੀ ਚੜ੍ਹਦੀ ਕਲਾ ਲਈ ਨਿਰੰਤਰ ਕਾਰਜਸ਼ੀਲ ਰਹੇ। ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਵਿਦੇਸ਼ਾਂ ਅੰਦਰ ਵੀ ਸੰਗਤਾਂ ਨੂੰ ਗੁਰਮਤਿ ਫਲਸਫੇ ਨਾਲ ਜੋੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੇਸ਼ੱਕ ਇਸ ਸੰਸਾਰ ‘ਤੇ ਆਏ ਹਰ ਜੀਵ ਨੇ ਸਰੀਰ ਛੱਡ ਜਾਣਾ ਹੈ ਪਰ ਗੁਰਮੁੱਖ ਸ਼ਖਸੀਅਤਾਂ ਦੇ ਕੀਤੇ ਕਾਰਜਾਂ ਨੂੰ ਸੰਗਤਾਂ ਹਮੇਸ਼ਾ ਯਾਦ ਰੱਖਦੀਆਂ ਹਨ। ਪ੍ਰੋ: ਬਡੂੰਗਰ ਨੇ ਆਖਿਆ ਕਿ ਗਿਆਨੀ ਮੱਲ ਸਿੰਘ ਦੀ ਵਿਦਵਤਾ ਇਸ ਗੱਲ ਤੋਂ ਵੀ ਪ੍ਰਗਟ ਹੁੰਦੀ ਹੈ ਕਿ ਉਨ੍ਹਾਂ ਨੇ ਗੁਰਬਾਣੀ ਦੀ ਵਿਚਾਰਧਾਰਾ, ਰਹੱਸ ਅਤੇ ਡੂੰਘੇ ਭੇਦਾਂ ਨੂੰ ਸਮਝ ਕੇ ਆਪਣੀਆਂ ਲਿਖਤਾਂ ਰਾਹੀਂ ਬਿਆਨ ਕੀਤਾ ਜੋ ਨਵੇਂ ਕਥਾਕਾਰਾਂ, ਪ੍ਰਚਾਰਕਾਂ ਅਤੇ ਗ੍ਰੰਥੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਸਮੂਹ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਮਹਾਂਪੁਰਖਾਂ ਨੂੰ ਅਪੀਲ ਕੀਤੀ ਕਿ ਪੰਥ ਦੀ ਚੜ੍ਹਦੀ ਕਲਾ ਲਈ ਸਿੰਘ ਸਾਹਿਬ ਵੱਲੋਂ ਪਾਏ ਯੋਗਦਾਨ ਦੀ ਸੇਧ ਵਿਚ ਇਕਜੁੱਟ ਹੋ ਕੇ ਸਿੱਖੀ ਪ੍ਰਚਾਰ ਲਈ ਹੰਭਲਾ ਮਾਰੀਏ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਤਕ ਸਾਡਾ ਮਹਾਨ ਵਿਰਸਾ ਪਹੁੰਚ ਸਕੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਸਹਿਜ, ਸੰਜਮ ਅਤੇ ਹਲੇਮੀ ਭਰਪੂਰ ਸ਼ਖਸੀਅਤ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਗੁਰਮਤਿ ਜੁਗਤਿ ਅਨੁਸਾਰ ਜੀਵਿਆ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸਿੰਘ ਸਾਹਿਬ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਵਾਉਣ ਅਤੇ ਉਨ੍ਹਾਂ ਦੀਆਂ ਕਿਤਾਬਾਂ ਨੂੰ ਛਪਵਾ ਕੇ ਸੰਗਤਾਂ ਵਿਚ ਵੰਡਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਨੌਜੁਆਨ ਪੀੜੀ ਨੂੰ ਸਿੰਘ ਸਾਹਿਬ ਦੀ ਗੁਰਮਤਿ ਪ੍ਰਤੀ ਦੇਣ ਬਾਰੇ ਜਾਣਕਾਰੀ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਸਮੇਂ ਗਿਆਨੀ ਮੱਲ ਸਿੰਘ ਨੇ ਅਹਿਮ ਭੂਮਿਕਾ ਨਿਭਾਉਂਦਿਆਂ ਹੋਇਆਂ ਇਨ੍ਹਾਂ ਸਮਾਗਮਾਂ ਦੀ ਸਫਲਤਾ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਕਿਹਾ ਕਿ ਸਿੰਘ ਸਾਹਿਬ ਦੀ ਗੁਰਮੁੱਖ ਸ਼ਖਸੀਅਤ ਦਾ ਹੀ ਅਸਰ ਸੀ ਕਿ ਉਨ੍ਹਾਂ ਦੇ ਸਪੁੱਤਰ ਗਿਆਨੀ ਅਮਰਜੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ।
ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦਮਦਮੀ ਟਕਸਾਲ ਤੋਂ ਗੁਰਮਤਿ ਦੀ ਵਿੱਦਿਆ ਪ੍ਰਾਪਤ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਫਿਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਲੰਮਾ ਸਮਾਂ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਅੱਜ ਕੌਮ ਨੂੰ ਅਜਿਹੀਆਂ ਸ਼ਖਸੀਅਤਾਂ ਦੀ ਵੱਡੀ ਲੋੜ ਹੈ ਜੋ ਪੂਰਨ ਅਦਬ ਸਤਿਕਾਰ ਅਤੇ ਮਰਯਾਦਾ ਨਾਲ ਸਿੱਖੀ ਪ੍ਰਚਾਰ ਨੂੰ ਸਮਰਪਿਤ ਹੋਣ।
ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਿਆਨੀ ਮੱਲ ਸਿੰਘ ਦੀ ਕੌਮ ਪ੍ਰਸਤੀ ਨੂੰ ਯਾਦ ਕਰਦਿਆਂ ਕਿਹਾ ਕਿ ਜਿਥੇ ਉਹ ਸਿੱਖ ਸਿਧਾਂਤਾਂ ਦੇ ਪਹਿਰੇਦਾਰ, ਗੁਰਮਤਿ ਫਲਸਫੇ ਨੂੰ ਪਾਲਣ ਵਾਲੇ ਅਤੇ ਆਪਣੀਆਂ ਲਿਖਤਾਂ ਰਾਹੀਂ ਗੁਰਮਤਿ ਦਾ ਪ੍ਰਚਾਰ ਕਰਨ ਵਾਲੇ ਪ੍ਰਸਿੱਧ ਵਿਦਵਾਨ ਸਨ ਉਥੇ ਹੀ ਉਹ ਦੂਸਰੇ ਧਰਮਾਂ ਦੇ ਲੋਕਾਂ ਵਿਚ ਸਤਿਕਾਰੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਨੇ ਸਾਨੂੰ ਇਹ ਰਸਤਾ ਦਿਖਾਇਆ ਕਿ ਧਰਮ ਪ੍ਰਤੀ ਕਿਵੇਂ ਸਮਰਪਿਤ ਰਹਿਣਾ ਹੈ, ਸਿੱਖ ਸਿਧਾਂਤਾਂ ਦੀ ਪਹਿਰੇਦਾਰੀ ਕਿਵੇਂ ਕਰਨੀ ਹੈ ਅਤੇ ਸਹਿਜ ਸੰਜਮ ਵਾਲਾ ਜੀਵਨ ਕਿਵੇਂ ਬਤੀਤ ਕਰਨਾ ਹੈ।
ਇਸ ਮੌਕੇ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਮੁਖੀ ਬਾਬਾ ਬਿਧੀ ਚੰਦ ਸੰਪ੍ਰਦਾਇ, ਬਾਬਾ ਭਾਗ ਸਿੰਘ ਮੁਖੀ ਨਿਰਮਲੇ ਸੰਪ੍ਰਦਾਇ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੂੰ ਆਪਣੇ ਸ਼ਬਦਾਂ ਰਾਹੀਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਦੇਸ਼ ਵਿਦੇਸ਼ ਦੀਆਂ ਵੱਖ-ਵੱਖ ਸੰਪਰਦਾਵਾਂ, ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਧਾਰਮਿਕ, ਸਮਾਜਕ ਤੇ ਰਾਜਸੀ ਸ਼ਖਸੀਅਤਾਂ ਨੇ ਗਿਆਨੀ ਮੱਲ ਸਿੰਘ ਦੇ ਸਪੁੱਤਰ ਗਿਆਨੀ ਅਮਰਜੀਤ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ। ਇਸ ਤੋਂ ਇਲਾਵਾ ਡਾ. ਇੰਦਰਜੀਤ ਕੌਰ ਯੂ.ਐਸ.ਏ. ਸਿੱਖ ਧਰਮਾ ਮਿਸ਼ਨ ਅਤੇ ਹੋਰ ਸਿੱਖ ਸੰਸਥਾਵਾਂ ਵੱਲੋਂ ਸ਼ੋਕ ਸੰਦੇਸ਼ ਵੀ ਭੇਜੇ ਗਏ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਰਾਮ ਸਿੰਘ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਰਣਜੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਰਨਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਦਾਰ ਤੋਤਾ ਸਿੰਘ, ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜੈਪਾਲ ਸਿੰਘ ਮੰਡੀਆਂ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਕਾਲਾਬੂਲਾ ਤੇ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਪਰਮਜੀਤ ਸਿੰਘ ਖਾਲਸਾ, ਸ. ਕੇਵਲ ਸਿੰਘ ਬਾਦਲ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਬਲਦੇਵ ਸਿੰਘ ਚੂੰਘਾ, ਸ. ਅਜਮੇਰ ਸਿੰਘ ਖੇੜਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਰਣਜੀਤ ਸਿੰਘ ਕਾਹਲੋਂ, ਸ. ਬਲਦੇਵ ਸਿੰਘ ਕਲਿਆਣ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਬੀਬੀ ਕਿਰਨਜੋਤ ਕੌਰ, ਸ. ਮਨਜੀਤ ਸਿੰਘ ਬਪੀਆਣਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਸਕੱਤਰ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਸ. ਰਣਜੀਤ ਸਿੰਘ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਪ੍ਰਨਾਮ ਸਿੰਘ, ਬਾਬਾ ਬਚਨ ਸਿੰਘ ਕਾਰ ਸੇਵਾ ਵਾਲੇ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਵਾਲੇ, ਬਾਬਾ ਬਲਜਿੰਦਰ ਸਿੰਘ, ਬਾਬਾ ਮਹਿੰਦਰ ਸਿੰਘ ਜਨੇਰ, ਬਾਬਾ ਜਰਨੈਲ ਸਿੰਘ ਕਿਲ੍ਹਾ ਨੰਦਗੜ੍ਹ, ਬਾਬਾ ਸਰੂਪ ਸਿੰਘ ਡੂੰਮੇਵਾਲ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਬਾਬਾ ਸਤਪ੍ਰੀਤ ਹਰੀ ਜੀ, ਬਾਬਾ ਗੁਰਚਰਨ ਸਿੰਘ, ਬਾਬਾ ਰੌਸ਼ਨ ਸਿੰਘ, ਬਾਬਾ ਪਿਆਰਾ ਸਿੰਘ ਨਿਰਮਲ, ਬਾਬਾ ਰਣਜੀਤ ਸਿੰਘ ਬੋਨਿਆਣਾ, ਬਾਬਾ ਖੁਸ਼ਹਾਲ ਸਿੰਘ, ਬਾਬਾ ਦਿਲਬਾਗ ਸਿੰਘ, ਬਾਬਾ ਜਸਵੰਤ ਸਿੰਘ, ਬਾਬਾ ਤੇਜਾ ਸਿੰਘ, ਬਾਬਾ ਦਿਲਬਾਗ ਸਿੰਘ, ਸ. ਭਗਵਾਨ ਸਿੰਘ ਜੌਹਲ, ਬਾਬਾ ਹਰਚਰਨ ਸਿੰਘ ਪਟਿਆਲਾ, ਬਾਬਾ ਹਾਕਮ ਸਿੰਘ, ਬਾਬਾ ਨੰਦ ਸਿੰਘ, ਗਿਆਨੀ ਪ੍ਰਤਾਪ ਸਿੰਘ, ਬਾਬਾ ਗੁਰਦੇਵ ਸਿੰਘ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸ. ਇਕਬਾਲ ਸਿੰਘ ਲਾਲਪੁਰਾ, ਬਾਬਾ ਗੁਲਜ਼ਾਰ ਸਿੰਘ, ਬਾਬਾ ਸੁੱਚਾ ਸਿੰਘ, ਬਾਬਾ ਮੱਖਣ ਸਿੰਘ, ਬਾਬਾ ਭਾਗ ਸਿੰਘ, ਬਾਬਾ ਗੁਰਬਚਨ ਸਿੰਘ, ਬਾਬਾ ਸੰਤੋਖ ਸਿੰਘ, ਬਾਬਾ ਗੁਰਚਰਨ ਸਿੰਘ ਪੰਡਵਾਂ, ਬਾਬਾ ਹਰਭਜਨ ਸਿੰਘ ਤਰਨਾ ਦਲ, ਬਾਬਾ ਚਰਨਜੀਤ ਸਿੰਘ ਊਨਾ ਸਾਹਿਬ, ਬਾਬਾ ਬਲਬੀਰ ਸਿੰਘ, ਬਾਬਾ ਹਰਮੀਤ ਸਿੰਘ, ਭਾਈ ਰਣਜੀਤ ਸਿੰਘ ਗੌਹਰ, ਬਾਬਾ ਫਤਹਿ ਸਿੰਘ, ਬਾਬਾ ਤੀਰਥ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।