ਇਤਿਹਾਸਕ ਮਹੱਤਤਾ ਉਜਾਗਰ ਕਰਨ ਦੇ ਨਾਲ ਨਾਲ ਕਾਨੂੰਨੀ ਚਾਰਾਜੋਈ ਵੀ ਕਰਾਂਗੇ

ਅੰਮ੍ਰਿਤਸਰ, 31 ਅਗਸਤ 2017 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਅਤੇ ਚੂੰਗਥਾਂਗ ਦੀ ਸਿੱਖ ਸੰਗਤਾਂ ਦੀ ਭਾਵਨਾ ਅਨੁਸਾਰ ਹੋਂਦ ਬਰਕਰਾਰ ਰੱਖਣ ਲਈ ਹਰ ਸਭੰਵ ਯਤਨ ਕੀਤੇ ਜਾਣਗੇ। ਇਸ ਸਬੰਧੀ ਜਿਥੇ ਇਸਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕੀਤਾ ਜਾਵੇਗਾ ਉਥੇ ਹੀ ਕਾਨੂੰਨੀ ਪੱਖ ਤੋਂ ਵੀ ਚਾਰਾਜੋਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜਾਰੀ ਇੱਕ ਬਿਆਨ ਰਾਹੀਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਅਸਥਾਨਾਂ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਨ ਲਈ ਇੱਕ ਕਮੇਟੀ ਕਾਇਮ ਕਰ ਦਿੱਤੀ ਗਈ ਹੈ ਜਿਸ ਵਿਚ ਡਾ. ਕਿਰਪਾਲ ਸਿੰਘ ਚੰਡੀਗੜ੍ਹ, ਡਾ. ਬਲਵੰਤ ਸਿੰਘ ਢਿੱਲੋਂ ਅੰਮ੍ਰਿਤਸਰ, ਡਾ. ਪਰਮਵੀਰ ਸਿੰਘ ਪਟਿਆਲਾ ਅਤੇ ਡਾ. ਦਲਵਿੰਦਰ ਸਿੰਘ ਲੁਧਿਆਣਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਨੂੰ ਡਾ. ਚਮਕੌਰ ਸਿੰਘ ਕੋਆਰਡੀਨੇਟ ਕਰਨਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ ਦਫਤਰ ਵੱਲੋਂ ਕਾਨੂੰਨੀ ਮਾਹਿਰਾਂ ਦੀ ਰਾਇ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਪ੍ਰੋ: ਬਡੂੰਗਰ ਨੇ ਕਿਹਾ ਕਿ ਸਿੱਕਮ ਸਥਿਤ ਇਨ੍ਹਾਂ ਗੁਰਧਾਮਾਂ ਦੀ ਰਖਵਾਲੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਸ ਕਾਰਜ ਲਈ ਸਥਾਨਕ ਸਰਕਾਰ ਤੋਂ ਇਲਾਵਾ ਭਾਰਤ ਦੀ ਕੇਂਦਰ ਸਰਕਾਰ ਤਕ ਵੀ ਪਹੁੰਚ ਕੀਤੀ ਜਾਵੇਗੀ।
ਉਨ੍ਹਾਂ ਆਖਿਆ ਕਿ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਇਨ੍ਹਾਂ ਗੁਰਧਾਮਾਂ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਪਰ ਸਥਾਨਕ ਲਾਮਿਆਂ ਵੱਲੋਂ ਗੁਰਦੁਆਰਾ ਸਾਹਿਬਾਨ ਦੀ ਹੋਂਦ ਖਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੀ ਅਸਲ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਕਰਨਲ ਡਾ. ਦਲਵਿੰਦਰ ਸਿੰਘ ਅਤੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੂੰ ਵੀ ਪਿਛਲੇ ਦਿਨੀਂ ਭੇਜਿਆ ਗਿਆ ਸੀ ਜਿਨ੍ਹਾਂ ਨੇ ਆਪਣੀ ਰਿਪੋਰਟ ਦੇ ਦਿੱਤੀ ਹੈ।
ਪ੍ਰੋ: ਬਡੂੰਗਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਵਫਦ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿਲੀਗੁੜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੁਰਚਰਨ ਸਿੰਘ ਹੁਰਾ, ਮੀਤ ਪ੍ਰਧਾਨ ਸ. ਪਿਆਰਾ ਸਿੰਘ, ਸਕੱਤਰ ਸ. ਦਲਵਿੰਦਰ ਸਿੰਘ ਅਤੇ ਸ. ਭੁਪਿੰਦਰ ਸਿੰਘ ਬਰਮੀ ਨਾਲ ਵੀ ਗੱਲਬਾਤ ਕੀਤੀ ਹੈ।