ਪੰਜਾਬ ਨੂੰ ਤਿੰਨ ਜੋਨਾਂ ਵਿਚ ਵੰਡ ਕੇ ਗੁਰਮਤਿ ਪ੍ਰਚਾਰ ਲਹਿਰ ਹੋਰ ਪ੍ਰਚੰਡ ਕੀਤੀ ਜਾਵੇਗੀ-ਪ੍ਰੋ. ਬਡੂੰਗਰ
ਸਥਾਨਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪ੍ਰਚਾਰਕਾਂ ਨਾਲ ਕੀਤੀ ਇਕੱਤਰਤਾ

ਸ੍ਰੀ ਫ਼ਤਹਿਗੜ੍ਹ ਸਾਹਿਬ, ੧੩ ਮਈ (            ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਧਰਮ ਪ੍ਰਚਾਰ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਪ੍ਰਚਾਰਕਾਂ ਨੂੰ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਕੀਤਾ। ਇਸ ਤਹਿਤ ਪਹਿਲਾ ਇਨਾਮ ੫੧ ਹਜ਼ਾਰ ਰੁਪਏ, ਦੂਸਰਾ ੩੧ ਹਜ਼ਾਰ ਰੁਪਏ ਅਤੇ ਤੀਸਰਾ ਇਨਾਮ ੨੧ ਹਜ਼ਾਰ ਰੁਪਏ ਦਿੱਤਾ ਜਾਵੇਗਾ। ਅੱਜ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਪ੍ਰਚਾਰਕਾਂ ਦੀ ਮੀਟਿੰਗ ਉਪਰੰਤ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਪ੍ਰਚਾਰਕਾਂ ਦਾ ਅਹਿਮ ਯੋਗਦਾਨ ਹੈ ਅਤੇ ਇਨ੍ਹਾਂ ਦੀਆਂ ਵੱਡਮੁੱਲੀਆਂ ਸੇਵਾਵਾਂ ਦੇ ਮੱਦੇਨਜ਼ਰ ਵਿਸ਼ੇਸ਼ ਸਨਮਾਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਨੂੰ ਤਿੰਨ ਜੋਨਾਂ ਮਾਝਾ, ਮਾਲਵਾ, ਦੁਆਬਾ ਵਿਚ ਵੰਡ ਕੇ ਤਖ਼ਤ ਸਾਹਿਬਾਨ ਵਿਖੇ ਹੈੱਡ ਕੁਆਰਟਰ ਬਣਾਏ ਜਾਣਗੇ ਅਤੇ ਇਕ-ਇਕ ਸੀਨੀਅਰ ਪ੍ਰਚਾਰਕ ਨੂੰ ਜੋਨ ਇੰਚਾਰਜ ਬਣਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਗੁਰਮਤਿ ਦੇ ਪ੍ਰਚਾਰ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਪ੍ਰਚਾਰਕਾਂ ਪਾਸੋਂ ਸੁਝਾਅ ਪ੍ਰਾਪਤ ਕੀਤੇ ਗਏ ਹਨ ਅਤੇ ਧਰਮ ਪ੍ਰਚਾਰ ਲਈ ਨਵੀਂ ਵਿਉਂਤਬੰਦੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਨੌਜੁਆਨਾਂ ਨੂੰ ਬਾਣੀ ਅਤੇ ਬਾਣੇ ਦੇ ਨਾਲ-ਨਾਲ ਸਿੱਖ ਵਿਰਸੇ ਨਾਲ ਜੋੜਨ ਲਈ ਸੁੰਦਰ ਦਸਤਾਰ ਮੁਕਾਬਲੇ, ਗੁਰਬਾਣੀ ਕੰਠ ਅਤੇ ਕੀਰਤਨ ਮੁਕਾਬਲੇ, ਢਾਡੀ, ਕਵੀਸ਼ਰੀ, ਧਾਰਮਿਕ ਕਵਿਤਾ ਅਤੇ ਗੁਰਮਤਿ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਸਿੱਖ ਮਾਰਸ਼ਲ ਆਰਟ ਗੱਤਕਾ, ਖ਼ਾਲਸਾਈ ਖੇਡਾਂ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ, ਸਿੰਘ ਸਭਾਵਾਂ, ਵਿਦਿਅਕ ਅਦਾਰਿਆਂ, ਨਿਹੰਗ ਸਿੰਘ ਜਥੇਬੰਦੀਆਂ, ਉਦਾਸੀ, ਨਿਰਮਲੇ ਅਤੇ ਸਿੱਖ ਸੰਗਤਾਂ ਨੂੰ ਨਾਲ ਲੈ ਕੇ ਵੱਡੀ ਪ੍ਰਚਾਰ ਮੁਹਿੰਮ ਵਿੱਢੇਗੀ ਜਿਸ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਅਤੇ ਸੇਵਾ ਸੰਭਾਲ ਸਬੰਧੀ ਸੰਗਤਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਧੁਨਿਕ ਸਮੇਂ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਚਾਰਕਾਂ ਨੂੰ ਪ੍ਰਜੈਕਟਰ ਵਿਧੀ ਰਾਹੀਂ ਸਿੱਖੀ ਦਾ ਪ੍ਰਚਾਰ ਕਰਨ ਲਈ ਤਿਆਰ ਕਰੇਗੀ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਾਤ ਪਾਤ ਦੇ ਨਾਮ ‘ਤੇ ਪੈਦਾ ਹੋ ਰਹੇ ਮਨੁੱਖੀ ਵਖਰੇਵੇਂ ਨੂੰ ਠੱਲ ਪਾਉਣ ਲਈ ਪ੍ਰਚਾਰਕ ਸਾਹਿਬਾਨ ਨੂੰ ਅੱਗੇ ਆਉਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਪ੍ਰਚਾਰਕ ਸਾਹਿਬਾਨ ਦੀ ਇਕੱਤਰਤਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਅਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸੰਬੋਧਨ ਕੀਤਾ। ਇਕੱਤਰਤਾ ਦੌਰਾਨ ਵੱਖ-ਵੱਖ ਪ੍ਰਚਾਰਕਾਂ ਨੇ ਜਿਥੇ ਧਰਮ ਪ੍ਰਚਾਰ ਨੂੰ ਵਿਧੀਵਤ ਢੰਗ ਨਾਲ ਅੱਗੇ ਲਿਜਾਣ ਲਈ ਸੁਝਾਅ ਦਿੱਤੇ ਉਥੇ ਹੀ ਪ੍ਰਚਾਰ ਖੇਤਰ ਵਿਚ ਆਉਂਦੀਆਂ ਸਮੱਸਿਆਵਾਂ ਤੋਂ ਵੀ ਸ਼੍ਰੋਮਣੀ ਕਮੇਟੀ ਨੂੰ ਜਾਣੂ ਕਰਵਾਇਆ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਚਾਰਕ ਸਾਹਿਬਾਨ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਪ੍ਰਚਾਰਕਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਲੋਈ, ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਰਿਆ, ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਐਡੀ: ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਸਿਮਰਜੀਤ ਸਿੰਘ ਤੇ ਹਰਜੀਤ ਸਿੰਘ ਲਾਲੂਘੁੰਮਣ, ਪਬਲੀਸਿਟੀ ਅਸਿਸਟੈਂਟ ਸ. ਹਰਭਜਨ ਸਿੰਘ ਵਕਤਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਨੱਥਾ ਸਿੰਘ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੈਨੇਜਰ ਸ. ਬਲਵਿੰਦਰ ਸਿੰਘ ਭਮਾਰਸੀ, ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਬੀਬੀ ਹਰਪ੍ਰੀਤ ਕੌਰ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਸਰਵਨ ਸਿੰਘ, ਭਾਈ ਅਮਰੀਕ ਚਿੱਟੀ, ਭਾਈ ਜੱਜ ਸਿੰਘ, ਭਾਈ ਜਸਵਿੰਦਰ ਸਿੰਘ ਛਾਪਾ, ਭਾਈ ਅਮਰਜੀਤ ਸਿੰਘ ਜੰਡੀ, ਭਾਈ ਤਰਸੇਮ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ, ਭਾਈ ਗੁਰਭੇਜ ਸਿੰਘ, ਭਾਈ ਲਖਬੀਰ ਸਿੰਘ ਮੋਗਾ ਸਮੇਤ ਵੱਡੀ ਗਿਣਤੀ ਵਿਚ ਪ੍ਰਚਾਰਕ ਹਾਜ਼ਰ ਸਨ।