ਭਾਈ ਲੌਂਗੋਵਾਲ ਵੱਲੋਂ ਸਿੱਖ ਜਥੇਬੰਦੀਆਂ ਤੇ ਸੰਤ ਸਮਾਜ ਨਾਲ 9 ਨਵੰਬਰ ਨੂੰ ਇਕੱਤਰਤਾ ਦਾ ਐਲਾਨ

ਬਾਬਾ ਹਰਨਾਮ ਸਿੰਘ ਖ਼ਾਲਸਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, 03 ਨਵੰਬਰ – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਪੁਸਤਕਾਂ ਵਿੱਚ ਸਿੱਖ ਇਤਿਹਾਸ ਨਾਲ ਛੇੜ-ਛਾੜ ਕਰਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਥੇ ਕੋਤਵਾਲੀ ਨਜ਼ਦੀਕ ਬੀਤੇ ਦੋ ਦਿਨਾਂ ਤੋਂ ਸਾਂਝੇ ਤੌਰ ’ਤੇ ਲਗਾਇਆ ਗਿਆ ਰੋਸ ਧਰਨਾ ਅੱਜ ਤੀਜੇ ਦਿਨ ਅਰਦਾਸ ਉਪਰੰਤ ਸਮਾਪਤ ਕਰ ਦਿੱਤਾ ਗਿਆ। ਇਸ ਧਰਨੇ ਦੀ ਬੀਤੇ ਕੱਲ੍ਹ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਗਵਾਈ ਕੀਤੀ ਸੀ, ਜਦਕਿ ਉਸ ਤੋਂ ਬਾਅਦ  ਸਮਾਪਤੀ ਤੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਦੇਖ-ਰੇਖ ਹੇਠ ਧਰਨਾ ਜਾਰੀ ਰਿਹਾ। ਰੋਸ ਧਰਨੇ ਦੀ ਸਮਾਪਤੀ ਤੋਂ ਪਹਿਲਾਂ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਜਿਥੇ ਪੰਜਾਬ ਦੀ ਕਾਂਗਰਸ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਸ ਨੂੰ ਪੰਥ ਵਿਰੋਧੀ ਕਰਾਰ ਦਿੱਤਾ, ਉਥੇ ਹੀ ਸਿੱਖ ਇਤਿਹਾਸ ਵਿਗਾੜਨ ਵਾਲੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਸਿੱਖ ਵਿਰੋਧੀ ਮਨਸ਼ਾ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਦੌਰਾਨ ਭਾਈ ਲੌਂਗੋਵਾਲ ਨੇ 9 ਨਵੰਬਰ 2018 ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਸ ਮਾਮਲੇ ਨੂੰ ਲੈ ਕੇ ਸਮੂਹ ਸਿੱਖ ਜਥੇਬੰਦੀਆਂ, ਸੰਤ ਸਮਾਜ ਅਤੇ ਸਿੱਖ ਸੰਸਥਾਵਾਂ ਦੀ ਇਕ ਵਿਸ਼ਾਲ ਇਕੱਤਰਤਾ ਬੁਲਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਇਕੱਤਰਤਾ ਦੌਰਾਨ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਪ੍ਰਤੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਪੁਸਤਕਾਂ ਵਿਚ ਵਰਤੀ ਅਪਮਾਨਜਨਕ ਸ਼ਬਦਾਵਲੀ ਅਤੇ ਸਿੱਖ ਇਤਿਹਾਸ ਦੀ ਪ੍ਰਮਾਣਿਕਤਾ ਨੂੰ ਸੱਟ ਮਾਰਨ ਵਿਰੁੱਧ ਵਿਚਾਰਾਂ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰੋਸ ਧਰਨੇ ਦੌਰਾਨ ਸਹਿਯੋਗ ਦੇਣ ਵਾਲੀਆਂ ਸਮੂਹ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਅਤੇ ਸਿੱਖ ਇਤਿਹਾਸ ਕੌਮ ਦੀ ਜੀਵਨ-ਜਾਚ ਹਨ ਅਤੇ ਪੰਜਾਬ ਸਰਕਾਰ ਨੇ ਇਤਿਹਾਸ ਨਾਲ ਛੇੜ-ਛਾੜ ਕਰਕੇ ਚੰਗਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਇਸ ਸਿੱਖ ਵਿਰੋਧੀ ਚਾਲ ਦਾ ਪਰਦਾਫਾਸ ਕਰਕੇ ਇਸ ਨੂੰ ਸੰਗਤਾਂ ਤੱਕ ਲਿਜਾਣ ਵਿਚ ਸੁਹਿਰਦ ਭੂਮਿਕਾ ਨਿਭਾਈ ਹੈ ਅਤੇ ਜੇਕਰ ਇਹ ਮਾਮਲਾ ਦੱਬਿਆ ਰਹਿ  ਜਾਂਦਾ ਤਾਂ ਕੌਮ ਦੀਆਂ ਅਗਲੀਆਂ ਪੀੜੀਆਂ ਅੰਦਰ ਗੁਰੂ ਸਾਹਿਬਾਨ ਪ੍ਰਤੀ ਗਲਤ ਧਾਰਨਾ ਹੀ ਪੱਕੀ ਹੋ ਜਾਣੀ ਸੀ। ਉਨ੍ਹਾਂ ਇਸ ਮਾਮਲੇ ’ਤੇ ਸਮੁੱਚੀ ਕੌਮ ਅਤੇ ਧਾਰਮਿਕ, ਸਮਾਜਿਕ, ਰਾਜਨੀਤਕ ਜਥੇਬੰਦੀਆਂ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ ਅਤੇ ਦਮਦਮੀ ਟਕਸਾਲ ਵੱਲੋਂ ਇਸ ਸੰਘਰਸ਼ ਵਿਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਾਂਗਰਸ ਵੱਲੋਂ ਸਮੇਂ ਸਮੇਂ ਚੱਲੀਆਂ ਗਈਆਂ ਸਿੱਖ ਵਿਰੋਧੀ ਚਾਲਾਂ ਦਾ ਵਿਸਥਾਰ ਵਿਚ ਖੁਲਾਸਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਬਾਬਾ ਹਰਨਾਮ ਸਿੰਘ ਖ਼ਾਲਸਾ ਅਤੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

ਇਸ ਮੌਕੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਸ. ਗੁਰਤੇਜ ਸਿੰਘ ਢੱਡੇ, ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਪਰਮਜੀਤ ਸਿੰਘ ਖ਼ਾਲਸਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਮ ਸਿੰਘ, ਸ. ਸੁਖਵਰਸ਼ ਸਿੰਘ ਪੰਨੂੰ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਮਰੀਕ ਸਿੰਘ ਵਿਛੋਆ, ਸ. ਮਨਜੀਤ ਸਿੰਘ ਬੱਪੀਆਣਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਬਲਦੇਵ ਸਿੰਘ ਚੂੰਘਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਜਮੇਰ ਸਿੰਘ ਖੇੜਾ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਜਥੇਦਾਰ ਗੁਰਲਾਲ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਸੁਖਮਿੰਦਰ ਸਿੰਘ ਨਿੱਜੀ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਬਿਜੈ ਸਿੰਘ ਬਾਦੀਆਂ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਸ਼ਾਨ ਸਿੰਘ, ਸ. ਸੁਖਵਿੰਦਰ ਸਿੰਘ ਅਗਵਾਨ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਜਗਜੀਤ ਸਿੰਘ ਜੱਗੀ, ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ਼ ਵੱਡੀ ਗਿਣਤੀ ਵਿਚ ਮੌਜੂਦ ਸੀ।