ਅੰਮ੍ਰਿਤਸਰ ੩੧ ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਸ. ਅਵਤਾਰ ਸਿੰਘ ਸ਼ਾਸਤਰੀ ਦੇ ਮੀਡੀਆ ਵਿਚ ਦਿੱਤੇ ਇਕ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ, ਜਿਸ ਵਿਚ ਸ਼ਾਸਤਰੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸ਼੍ਰੋਮਣੀ ਅਕਾਲੀ ਦਲ ਕਰ ਰਿਹਾ ਹੈ, ਇਨ੍ਹਾਂ ਸ਼ਬਦਾਂ ‘ਤੇ ਇਤਰਾਜ਼ ਜਿਤਾਉਂਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਿੱਖਾਂ ਦੁਆਰਾ ਚੁਣੀ ਹੋਈ ਨੁਮਾਇੰਦਾ ਸਿੱਖ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਂਦਾ ਹੈ। ਰਾਸ਼ਟਰੀ ਸਿੱਖ ਸੰਗਤ ਕਹਾਉਣ ਵਾਲੀ ਆਰ.ਐਸ.ਐਸ. ਦੀ ਸ਼ਾਖਾ ਹੈ, ਜੋ ਹਮੇਸ਼ਾਂ ਸਿੱਖਾਂ ਵਿਚ ਦੁਬਿਧਾ ਪੈਦਾ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। ਭਾਈ ਲੋਂਗੋਵਾਲ ਨੇ ਇਹ ਵੀ ਕਿਹਾ ਕਿ ਮਹਾਰਾਸ਼ਟਰ ਸਰਕਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਨਾਂਦੇੜ ਦੇ ਐਕਟ ੧੯੫੬ ਦੀ ਧਾਰਾ ੧੧ ਵਿਚ ਮਨਮਰਜ਼ੀ ਨਾਲ ਸੋਧ ਕਰਕੇ ਆਪਣੇ ਪੱਧਰ ‘ਤੇ ਪ੍ਰਧਾਨ ਨਿਯੁਕਤ ਕਰਨਾ ਚਾਹੁੰਦੀ ਹੈ, ਜੋ ਕਿ ਸਹੀ ਨਹੀਂ ਹੈ ਅਤੇ ਸੰਗਤ ਇਸ ਫੈਸਲੇ ਦਾ ਪੁਰਜ਼ੋਰ ਵਿਰੋਧ ਵੀ ਕਰਦੀ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਆਰ.ਐਸ.ਐਸ. ਨੂੰ ਇਹ ਹਰਗਿਜ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਇਕ ਵੱਖਰੀ ਕੌਮ ਹੈ, ਇਸ ਦਾ ਇਤਿਹਾਸ ਨਿਰਾਲਾ ਅਤੇ ਵਿਲੱਖਣ ਹੈ, ਇਸ ਦੀ ਮਰਯਾਦਾ ਅਤੇ ਰੀਤੀ-ਰਿਵਾਜ ਮੌਲਿਕ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਅਜ਼ਾਦੀ ਦਿਵਾਉਣ ਵਿਚ ਸਿੱਖ ਕੌਮ ਦਾ ਭਾਰੀ ਯੋਗਦਾਨ ਹੈ, ਜਿਨ੍ਹਾਂ ਨੇ ਬਾਹਰੋਂ ਹਮਲਾ ਕਰਨ ਆਏ ਧਾੜਵੀਆਂ ਦਾ ਹਿੱਕਾ ਢਾਹ ਕੇ ਮੁਕਾਬਲਾ ਕੀਤਾ, ਜਿਸ ਕਰਕੇ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਿਹੇ ਹਾਂ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਹਰ ਧਰਮ ਦਾ ਸਤਿਕਾਰ ਕਰਦੀ ਹੈ, ਪਰ ਆਪਣੇ ਧਰਮ ਵਿਚ ਕਿਸੇ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਰ.ਐਸ.ਐਸ. ਦੀਆਂ ਅਜਿਹੀਆਂ ਕੋਝੀਆਂ ਹਰਕਤਾਂ ਸਿੱਖਾਂ ਲਈ ਭਰਾ-ਮਾਰੂ ਜੰਗ ਦਾ ਕੰਮ ਕਰ ਰਹੀਆਂ ਹਨ, ਇਸ ਲਈ ਇਸ ਤੋਂ ਸੁਚੇਤ ਹੋਣ ਦੀ ਲੋੜ ਹੈ।