ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਚਿੱਤਰ ਪੁਸਤਕਾਂ ਛਪਵਾਈਆਂ ਜਾਣਗੀਆਂ –ਭਾਈ ਲੌਂਗੋਵਾਲ

ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਧਰਮ ਪ੍ਰਚਾਰ ਸਬੰਧੀ ਲਏ ਅਹਿਮ ਫੈਸਲੇ

ਸੰਗਰੂਰ, 16 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਅੱਜ ਇਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਅਤੇ ਇਹਿਤਾਸ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ। ਇਕੱਤਰਤਾ ਤੋਂ ਬਾਅਦ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸਮੇਂ ਸਮੇਂ ‘ਤੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਅਤੇ ਆਪਣੀਆਂ ਲਿਖਤਾਂ ਰਾਹੀਂ ਇਤਿਹਾਸ ਨਾਲ ਛੇੜਛਾੜ ਕਰਨ ਦੇ ਸਾਹਮਣੇ ਆ ਰਹੇ ਮਾਮਲਿਆਂ ‘ਤੇ ਵਿਚਾਰ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਅਜਿਹੇ ਕੇਸਾਂ ਵਿਚ ਸਬੰਧਤਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਦੂਸਰੇ ਪਾਸੇ ਸਿੱਖੀ ਪ੍ਰਚਾਰ ਅਤੇ ਆਪਣੀਆਂ ਲਿਖਤਾਂ ਰਾਹੀਂ ਪੰਥ ਦੀ ਚੜ੍ਹਦੀ ਕਲਾ ਵਿਚ ਹਿੱਸਾ ਪਾਉਣ ਵਾਲੇ ਸਿੱਖ ਵਿਦਵਾਨਾਂ, ਸਿੱਖ ਕਥਾਕਾਰਾਂ ਅਤੇ ਪ੍ਰਚਾਰਕਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਸਿੱਖ ਇਤਿਹਾਸ ਦੀਆਂ ਸਚਿੱਤਰ ਪੁਸਤਕਾਂ ਤਿਆਰ ਕਰਵਾ ਕੇ ਵੱਡੀ ਗਿਣਤੀ ਵਿਚ ਮੁਫਤ ਵੰਡਿਆ ਜਾਵੇਗਾ।
ਭਾਈ ਲੌਂਗੋਵਾਲ ਨੇ ਕਿਹਾ ਕਿ ਇਕੱਤਰਤਾ ਦੌਰਾਨ ਧਰਮ ਪ੍ਰਚਾਰ ਦੇ ਕਾਰਜਾਂ ਦਾ ਮੁਲਾਂਕਣ ਕਰਦਿਆਂ ਪ੍ਰਚਾਰ ਵਿਧੀ ਨੂੰ ਜ਼ਮੀਨੀ ਪੱਧਰ ਦਾ ਬਣਾਉਣ ਲਈ ਸੰਗਤਾਂ ਨਾਲ ਸੰਵਾਦ ਰਾਹੀਂ ਧਰਮ ਪ੍ਰਚਾਰ ਕਾਰਜਾਂ ਨੂੰ ਅੱਗੇ ਤੋਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਸੰਗਤਾਂ ਨਾਲ ਸਿੱਧਾ ਰਾਬਤਾ ਬਣਾ ਕੇ ਸਿੱਖੀ ਪ੍ਰਤੀ ਚਾਅ ਪੈਦਾ ਕਰਨ ਦੀ ਵੱਡੀ ਲੋੜ ਹੈ ਅਤੇ ਇਸੇ ਅਨੁਸਾਰ ਹੀ ਧਰਮ ਪ੍ਰਚਾਰ ਲਹਿਰ ਨੂੰ ਤੋਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਤਖਤ ਸਾਹਿਬਾਨ ਵਿਖੇ ਪ੍ਰਚਾਰ ਕੇਂਦਰਾਂ ਅਤੇ ਉਪ ਦਫਤਰਾਂ ਨੂੰ ਧਰਮ ਪ੍ਰਚਾਰ ਗਤੀਵਿਧੀਆਂ ਦਾ ਗੜ੍ਹ ਬਣਾਉਣ ਬਣਾਇਆ ਜਾਵੇਗਾ, ਜਿਸ ਸਬੰਧੀ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਵਲੋਂ ਵੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਅੰਦਰ ਕਾਰਜਸ਼ੀਲ ਪ੍ਰਚਾਰਕਾਂ, ਕਵੀਸ਼ਰਾਂ, ਢਾਡੀਆਂ, ਧਾਰਮਿਕ ਅਧਿਆਪਕਾਂ ਅਤੇ ਵੱਖ-ਵੱਖ ਸੂਬਿਆਂ ਦੇ ਮਿਸ਼ਨਾਂ ਦੇ ਇੰਚਾਰਜਾਂ ਨਾਲ ੧੦ ਜਨਵਰੀ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕੱਤਰਤਾ ਕਰ ਕੇ ਧਰਮ ਪ੍ਰਚਾਰ ਸਬੰਧੀ ਆਰੰਭੀ ਜਾਣ ਵਾਲੀ ਲਹਿਰ ਬਾਰੇ ਨਿਰਦੇਸ਼ ਦਿੱਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਪ੍ਰਚਾਰਕ ਸ਼੍ਰੇਣੀ ਧਰਮ ਪ੍ਰਚਾਰ ਪ੍ਰਤੀ ਸੁਹਿਰਦ ਪਹੁੰਚ ਅਪਣਾਏ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਗੁਰਮਤਿ ਸੰਸਥਾਵਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇਗਾ ਅਤੇ ਇਨ੍ਹਾਂ ਅੰਦਰ ਗੁਰਮਤਿ ਦੀ ਸਿੱਖਿਆ ਪ੍ਰਾਪਤ ਕਰ ਰਹੇ ਸਿੱਖਿਆਰਥੀਆਂ ਦੀ ਪ੍ਰੈਕਟੀਕਲ ਸਿੱਖਿਆ ‘ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਮਤਿ ਸੰਸਥਾਵਾਂ ਅੰਦਰ ਤਿਆਰ ਕੀਤੇ ਜਾਣ ਵਾਲੇ ਪ੍ਰਚਾਰਕਾਂ, ਰਾਗੀਆਂ ਆਦਿ ਅੰਦਰ ਸਿੱਖੀ ਪ੍ਰਤੀ ਭਾਵਨਾ ਪੈਦਾ ਕਰਨ ਲਈ ਵੀ ਖਾਸ ਕਦਮ ਚੁੱਕੇ ਜਾਣਗੇ। ਇਕੱਤਰਤਾ ਦੌਰਾਨ ਸ. ਰਾਜਵਿੰਦਰ ਸਿੰਘ ਜੋਗਾ ਦੁਆਰਾ ਲਿਖਿਆ ਗਿਆ ਟ੍ਰੈਕਟ ‘ਸ਼ੇਖ ਫੱਤੇ ਦੀ ਯਾਤਰਾ ਕਿਉਂ?’ ਵੀ ਜਾਰੀ ਕੀਤਾ ਗਿਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਵਣਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਮਨਜੀਤ ਸਿੰਘ ਬੱਪੀਆਣਾ, ਸ. ਸੁਖਵਰਸ਼ ਸਿੰਘ ਪੰਨੂ, ਸ. ਪ੍ਰਿਤਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਧਰਮ ਪ੍ਰਚਾਰ ਕਮੇਟੀ ਦੇ ਅੇਡੀਸ਼ਨਲ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਗੁਰਿੰਦਰਪਾਲ ਸਿੰਘ ਠਰੂ ਇੰਚਾਰਜ ਆਦਿ ਹਾਜ਼ਰ ਸਨ।