ਅੰਮ੍ਰਿਤਸਰ, 15 ਮਈ 2017 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਅੱਜ 16 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਮਾਨਯੋਗ ਸ੍ਰੀ ਪ੍ਰਣਬ ਮੁਖਰਜੀ ਨੂੰ ਮਿਲੇਗਾ। ਰਾਸ਼ਟਰਪਤੀ ਨੂੰ ਮਿਲਣ ਵਾਲੇ ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਅਤੇ ਐਡੀਸ਼ਨਲ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਸ਼ਾਮਲ ਹਨ।

ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਬਿਆਨ ਵਿਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸਿੱਖ ਕੌਮ ਦੇ ਕਈ ਅਹਿਮ ਮਸਲਿਆਂ ਸਬੰਧੀ ਦੇਸ਼ ਦੇ ਰਾਸ਼ਟਰਪਤੀ ਪਾਸੋਂ ਸਮਾਂ ਲਿਆ ਗਿਆ ਹੈ, ਜਿਨ੍ਹਾਂ ਬਾਰੇ ਉਨ੍ਹਾਂ ਨੂੰ ਮਿਲ ਕੇ ਗੱਲਬਾਤ ਕੀਤੀ ਜਾਵੇਗੀ। ਵੱਖ-ਵੱਖ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਲੱਭਣ ਲਈ ਸਰਕਾਰਾਂ ਨੂੰ ਆਦੇਸ਼ ਦੇਣ, ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦੀ ਸਿੱਖਾਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪੌੜੀ ਹਰਿਦੁਆਰ ਦੀ ਮੁੜ ਸਥਾਪਨਾ, ਮੱਧ ਪ੍ਰਦੇਸ਼ ਦੇ ਸਿਕਲੀਗਰ ਸਿੱਖਾਂ ਦੀਆਂ ਸਮੱਸਿਆਵਾਂ ਆਦਿ ਮਸਲਿਆਂ ਸਮੇਤ ਕਈ ਹੋਰ ਸਿੱਖ ਮਸਲੇ ਰਾਸ਼ਟਰਪਤੀ ਪਾਸ ਉਠਾਏ ਜਾਣਗੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ ਅਤੇ ਸਿੱਖ ਮਸਲਿਆਂ ਦੀ ਪੈਰਵਾਈ ਸਬੰਧੀ ਵਚਨਬੱਧ ਹੈ।