ਅੰਮ੍ਰਿਤਸਰ 25 ਨਵੰਬਰ ( ) ਸਿੱਖ ਸਿਧਾਂਤਾਂ ਨੂੰ ਖੋਰਾ ਲਾਉਣ ਵਾਲੀ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਹੋਵੇਗੀ ਤੇ ਕੌਮ ਦਾ ਨਿਆਰਾਪਣ ਬਰਕਰਾਰ ਰੱਖਣ ਵਾਸਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਰਾਸ਼ਟਰ ਪ੍ਰੇਮ ਉਤਸਵ ਦੇ ਨਾਮ ਹੇਠ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਕਰਵਾਏ ਜਾ ਰਹੇ ਸਮਾਗਮ ਲਈ ਵੰਡੇ ਗਏ ਸੱਦਾ ਪੱਤਰਾਂ ‘ਤੇ ਦਸਮ ਪਿਤਾ ਦੇ ਬਰਾਬਰ ਸਵਾਮੀ ਵਿਵੇਕਾਨੰਦ ਦੀ ਤਸਵੀਰ ਲਾਉਣੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਪਰਸ਼ੂ ਰਾਮ ਦਾ ਅਵਤਾਰ ਦੱਸਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਧਰਮ ਦੇ ਮਹਾਂ ਯੁੱਧ ਵਿੱਚ ਗੁਰੂ ਸਾਹਿਬ ਜੀ ਨੇ ਆਪਣਾ ਸਾਰਾ ਸਰਬੰਸ ਵਾਰ ਦਿੱਤਾ ਜੋ ਸੰਸਾਰ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ।ਉਨ੍ਹਾਂ ਕਿਹਾ ਕਿ ਸਰਬੰਸਦਾਨੀ ਦਸਮੇਸ਼ ਪਿਤਾ ਨੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਹੱਕ, ਸੱਚ ‘ਤੇ ਪਹਿਰਾ ਦੇਣ, ਮਜ਼ਲੂਮਾਂ ਦੀ ਰੱਖਿਆ ਅਤੇ ਧਰਮ ਵਿੱਚ ਪ੍ਰਪੱਕ ਰਹਿਣ ਦਾ ਸੁਨੇਹਾ ਦਿੱਤਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਦਸਮ ਪਿਤਾ ਦੇ ਸੱਚੇ-ਸੁੱਚੇ ਫਲਸਫੇ ਮੁਤਾਬਕ ਅਤੇ ਗੁਰਬਾਣੀ ਅਨੁਸਾਰ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦਾ ਸਵਾਗਤ ਕੀਤਾ ਜਾਵੇਗਾ, ਪਰ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।ਉਨ੍ਹਾਂ ਕਿਹਾ ਕਿ ਹਰ ਧਰਮ ਦੇ ਆਗੂ, ਮਹਾਂਪੁਰਸ਼ ਸਤਿਕਾਰਯੋਗ ਹਨ ਇਸ ਲਈ ਸਾਰਿਆਂ ਧਰਮਾਂ ਦੇ ਪੈਰੋਕਾਰਾਂ ਨੂੰ ਕੋਈ ਵੀ ਪ੍ਰੋਗਰਾਮ ਉਲੀਕਣ ਤੋਂ ਪਹਿਲਾ ਉਸ ਬਾਬਤ ਪੂਰਨ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਧਾਰਮਿਕ ਭਾਵਨਾਵਾਂ ਦਾ ਖਿਆਲ ਰੱਖਿਆ ਜਾ ਸਕੇ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਉਲੀਕਣ ਵਾਲਿਆਂ ਦੀਆਂ ਭਾਵਨਾਵਾਂ ਭਾਵੇਂ ਚੰਗੀਆਂ ਹੋਣ ਪਰ ਸਿੱਖ ਧਰਮ ਖਿਲਾਫ ਕੀਤੀ ਗਈ ਕਾਰਵਾਈ ਨੂੰ ਅਨਜਾਣਪੁਣੇ ਵਜੋਂ ਨਹੀਂ ਲਿਆ ਜਾ ਸਕਦਾ।