ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਅੰਮ੍ਰਿਤਸਰ, 20 ਅਪ੍ਰੈਲ- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਨਾਲ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਗਏ ਦੁਰਵਿਹਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇੱਕ ਪਾਸੇ ਤਾਂ ਮੌਜੂਦਾ ਸੰਕਟਮਈ ਸਮੇਂ ਦੌਰਾਨ ਪੱਤਰਕਾਰ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾ ਰਹੇ ਹਨ ਅਤੇ ਕੋਰੋਨਾ ਵਾਇਰਸ ਦੀ ਭਿਆਨਕਤਾ ਦੇ ਮੱਦੇਨਜ਼ਰ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਜਦਕਿ ਦੂਸਰੇ ਪਾਸੇ ਉਨ੍ਹਾਂ ਨੂੰ ਕੁਝ ਸਰਕਾਰੀ ਨੁਮਾਇੰਦਿਆਂ ਦੀ ਵਜ੍ਹਾ ਕਾਰਨ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦਵਿੰਦਰਪਾਲ ਸਿੰਘ ਵਰਗੇ ਸੀਨੀਅਰ ਪੱਤਰਕਾਰ ਨਾਲ ਪੁਲਿਸ ਵੱਲੋਂ ਦੁਰਵਿਹਾਰ ਕਰਨਾ ਲੋਕ ਸੇਵਾ ਕਰਨ ਵਾਲਿਆਂ ਲਈ ਇੱਕ ਚੁਣੌਤੀ ਦੀ ਤਰ੍ਹਾਂ ਹੈ। ਇਸ ਮੰਦਭਾਗੀ ਕਾਰਵਾਈ ਕਰਨ ਵਾਲੇ ਮੁਲਾਜ਼ਮਾਂ ਨੂੰ ਸਖਤ ਸਜਾਵਾਂ ਮਿਲਣੀਆਂ ਹੀ ਚਾਹੀਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਮੁਖੀ ਇਸ ਘਟਨਾ ਨੂੰ ਸੰਜੀਦਗੀ ਨਾਲ ਲੈਣ ਅਤੇ ਪੁਲਿਸ ਦੀ ਕਾਰਜਸ਼ੈਲੀ ’ਤੇ ਉਠੇ ਸਵਾਲਾਂ ਦਾ ਗੰਭੀਰਤਾ ਨਾਲ ਅਧਿਐਨ ਕਰਨ। ਅੱਗੇ ਤੋਂ ਅਜਿਹਾ ਨਾ ਵਾਪਰਨ ਦਾ ਜਨਤਕ ਤੌਰ ’ਤੇ ਭਰੋਸਾ ਵੀ ਦੇਣਾ ਵੀ ਪੁਲਿਸ ਮੁਖੀ ਦਾ ਫਰਜ਼ ਹੈ।