ਅੰਮ੍ਰਿਤਸਰ 10 ਸਤੰਬਰ (          ) ਸੁਪਰੀਮ ਕੋਰਟ ਆਫ ਇੰਡੀਆ ਦੇ ਜੱਜ ਸ੍ਰੀ ਪੀਨਾਕੀ ਚੰਦਰਾ ਘੋਸ਼ ਆਪਣੀ ਧਰਮ ਪਤਨੀ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਨ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰਨਾਂ ਇਤਿਹਾਸਕ ਅਸਥਾਨਾਂ ਬਾਰੇ ਜਸਟਿਸ ਘੋਸ਼ ਨੇ ਬੜੀ ਤੀਬਰਤਾ ਨਾਲ ਜਾਣਕਾਰੀ ਹਾਸਲ ਕੀਤੀ।ਸੂਚਨਾ ਕੇਂਦਰ ਵਿਖੇ ਸ. ਦਿਲਜੀਤ ਸਿੰਘ ਬੇਦੀ ਸਕੱਤਰ ਨੇ ਸ੍ਰੀ ਪੀਨਾਕੀ ਚੰਦਰਾ ਘੋਸ਼ ਨੂੰ ਜੀ ਆਇਆ ਕਹਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਉਨ੍ਹਾਂ ਨਾਲ ਸ. ਹਰਭਜਨ ਸਿੰਘ ਮਨਾਵਾਂ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਬਦਲੇ ਸ੍ਰੀ ਪੀਨਾਕੀ ਚੰਦਰਾ ਘੋਸ਼ ਨੇ ਧੰਨਵਾਦ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮਨ ਨੂੰ ਆਤਮਿਕ ਸ਼ਾਂਤੀ ਮਿਲਣ ਦੇ ਨਾਲ-ਨਾਲ ਅਨੋਖਾ ਅਨੁਭਵ ਹੋਇਆ ਹੈ।ਉਨ੍ਹਾਂ ਕਿਹਾ ਕਿ ਮੈਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੀ ਬੜੀ ਤਾਂਘ ਸੀ ਜੋ ਇਥੇ ਆ ਕੇ ਪੂਰੀ ਹੋਈ ਹੈ।ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਦੀ ਯਾਤਰਾ ਰੂਹਾਨੀਅਤ ਦੇ ਮਾਰਗ ‘ਤੇ ਚੱਲਣ ਲਈ ਕਾਫੀ ਕਾਰਗਰ ਸਾਬਤ ਹੋਵੇਗੀ।ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਦਾਖਲ ਹੁੰਦਿਆਂ ਹੀ ਇਕ ਅਜੀਬ ਕਿਸਮ ਦਾ ਅਦੁੱਤੀ ਰੂਹਾਨੀ ਊਰਜਾ ਨਾਲ ਭਰਿਆ ਅਹਿਸਾਸ ਹੁੰਦਾ ਹੈ।ਉਨ੍ਹਾਂ ਕਿਹਾ ਕਿ ਮੈਂ ਪਹਿਲੀ ਵਾਰ ਇਸ ਅਸਥਾਨ ਦੇ ਦਰਸ਼ਨ ਕੀਤੇ ਹਨ, ਅਰਦਾਸ ਹੈ ਮੈਂ ਮੁੜ ਇਥੇ ਆ ਸਕਾਂ।ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਇਸ ਨਾਲ ਸਬੰਧਤ ਸਾਰੇ ਅਸਥਾਨਾਂ ਦੀ ਜਾਣਕਾਰੀ ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਨੇ ਜਸਟਿਸ ਘੋਸ਼ ਤੇ ਉਨ੍ਹਾਂ ਨਾਲ ਆਏ ਸਾਥੀਆਂ ਨੂੰ ਮੁਹੱਈਆ ਕੀਤੀ।

ਇਸ ਮੌਕੇ ਸ. ਜਸਵਿੰਦਰ ਸਿੰਘ ਸੂਚਨਾ ਅਧਿਕਾਰੀ, ਸ. ਸਰਬਜੀਤ ਸਿੰਘ ਸਹਾਇਕ ਸੂਚਨਾ ਅਧਿਕਾਰੀ ਤੇ ਸ. ਗੁਰਬੀਰ ਸਿੰਘ ਡਿਸਟ੍ਰਿਕ ਐਂਡ ਸੈਸ਼ਨ ਜੱਜ ਅੰਮ੍ਰਿਤਸਰ ਵੀ ਮੌਜੂਦ ਸਨ।