ਅੰਮ੍ਰਿਤਸਰ ੧੫ ਸਤੰਬਰ (            ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੇ ੨੦੧੧ ਵਿੱਚ ਚੁਣੇ ਗਏ ਹਾਊਸ ਨੂੰ ਬਹਾਲ ਕਰਨ ਦੇ ਫੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਇਸ ਨੂੰ ਸਿੱਖਾਂ ਦੀ ਸਿਧਾਂਤਿਕ ਜਿੱਤ ਦੱਸਿਆ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਹ ਕੌਮੀ ਮਸਲਾ ਸੀ ਜਿਸ ਲਈ ਸ਼੍ਰੋਮਣੀ ਕਮੇਟੀ ਨੇ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਲੰਮੀ ਲੜਾਈ ਲੜੀ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ੮ ਅਕਤੂਬਰ ੨੦੦੩ ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਸਹਿਜਧਾਰੀ ਸਿੱਖਾਂ ਨੂੰ ਵੋਟ ਦਾ ਕੋਈ ਹੱਕ ਨਹੀਂ ਹੈ ਜਿਸ ਦੇ ਬਾਵਜੂਦ ਸਹਿਜਧਾਰੀ ਸਿੱਖਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।ਉਨ੍ਹਾਂ ਕਿਹਾ ਕਿ ਭਾਰਤ ਦੇ ਗ੍ਰਹਿ ਮੰਤਰਾਲੇ ਨੇ ਤਦ ਸਪੱਸ਼ਟ ਕੀਤਾ ਸੀ ਕਿ ਹਾਈ ਕੋਰਟ ਨੇ ਨੋਟੀਫਿਕੇਸ਼ਨ ਰੱਦ ਕਰਕੇ ਕਾਨੂੰਨੀ ਕੋਤਾਹੀ ਕੀਤੀ ਹੈ ਜਦੋਂਕਿ ਗੁਰਦੁਆਰਾ ਐਕਟ ੧੯੨੫ ਦੀਆਂ ਵੱਖ-ਵੱਖ ਧਾਰਾਵਾਂ ਵਿੱਚ ਕੇਸਧਾਰੀ ਸਿੱਖਾਂ ਦਾ ਜ਼ਿਕਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿੱਚ ਕੋਈ ਵੀ ਸਹਿਜਧਾਰੀ ਨਹੀਂ ਹੈ, ਜੋ ਵਿਅਕਤੀ ਦਸ ਗੁਰੂ ਸਾਹਿਬਾਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਤੇ ਪੂਰਨ ਵਿਸ਼ਵਾਸ਼ ਰੱਖਦਾ ਹੈ, ਹੋਰ ਕਿਸੇ ਧਰਮ ਨੂੰ ਨਹੀਂ ਮੰਨਦਾ ਅਤੇ ਸਾਬਤ ਸੂਰਤ ਰਹਿੰਦਾ ਹੈ ਉਹ ਗੁਰੂ ਦਾ ਸਿੱਖ ਹੈ ਅਤੇ ਜੋ ਆਪਣੇ ਕੇਸ ਕਤਲ ਕਰਵਾ ਲੈਂਦਾ ਹੈ ਤੇ ਦੂਸਰੇ ਧਰਮ ਨੂੰ ਮੰਨਦਾ ਹੈ ਉਹ ਪਤਿਤ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸਿੱਖਾਂ ਦਾ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਵੋਟ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ ਜਿਸ ਸਬੰਧੀ ਮਾਣਯੋਗ ਸੁਪਰੀਮ ਕੋਰਟ ਵੱਲੋਂ ਸ਼ਲਾਘਾਯੋਗ ਫੈਸਲਾ ਦਿੱਤਾ ਗਿਆ ਹੈ।ਉਨ੍ਹਾਂ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ, ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਅਤੇ ਕੇਂਦਰ ਸਰਕਾਰ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਸਮੇਂ-ਸਮੇਂ ‘ਤੇ ਸਹਿਜਧਾਰੀ ਸਿੱਖਾਂ ਸਬੰਧੀ ਅਦਾਲਤੀ ਕਾਰਵਾਈ ਵਿੱਚ ਸਹਿਯੋਗ ਦਿੱਤਾ।