ਸੂਚਨਾ ਕੇਂਦਰ ਵਿਖੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 10 ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਇਕਜੁਟਤਾ ਨਾਲ ਸਹਿਯੋਗੀ ਭੂਮਿਕਾ ਨਿਭਾਉਣ ਲਈ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਮੂਹ ਅਹੁਦੇਦਾਰਾਂ ਨੇ ਵਚਨਬਧਤਾ ਪ੍ਰਗਟਾਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸਮੂਹਿਕ ਰੂਪ ਵਿਚ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ਵਾਂ ਪ੍ਰਕਾਸ਼ ਪੁਰਬ ਇਕ ਸੁਭਾਗਾ ਸਮਾਂ ਹੈ, ਜਿਸ ਨੂੰ ਸਮੂਹ ਨਗਰ ਕੌਂਸਲ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਰਲਮਿਲ ਕੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਹੈ ਕਿ ਉਹ ਸਾਰਿਆਂ ਨੂੰ ਏਕਤਾ ਨਾਲ ਗੁਰੂ ਸਾਹਿਬ ਦੇ ਪੁਰਬ ਸਮੇਂ ਸਹਿਯੋਗ ਬਣਨ ਦੀ ਪ੍ਰੇਰਣਾ ਦੇਣ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਅਸ਼ੋਕ ਮੋਗਲਾ ਤੇ ਮੈਂਬਰਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਮੈਂਬਰ ਸ੍ਰੀ ਜੁਗਲ ਕੋਹਲੀ, ਸੰਦੀਪ ਕੌਰ, ਸ੍ਰੀਮਤੀ ਸੁਮਨ ਬਾਲਾ, ਦਵਿੰਦਰ ਕੌਰ, ਸੁਨੀਤਾ ਤੀਰ, ਸ੍ਰੀ ਚਰਨਕਮਲ, ਸ੍ਰੀ ਜਤਿੰਦਰ ਰਾਜੂ, ਸ੍ਰੀਮਤੀ ਵੀਨਾ ਮੰਗਲਾ, ਸ. ਦਿਲਬਾਗ ਸਿੰਘ, ਸ. ਰਵਿੰਦਰ ਸਿੰਘ, ਸ. ਗੁਰਨਾਮ ਸਿੰਘ ਅਤੇ ਹੋਰ ਮੌਜੂਦ ਸਨ।