ਅੰਮ੍ਰਿਤਸਰ, 8 ਜੂਨ- ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਕਮਲਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਸਥਾਪਤ ਇਹ ਉਹ ਤਖ਼ਤ ਹੈ, ਜਿਸ ਨੇ ਹਮੇਸ਼ਾ ਹੀ ਮਾਨਵਤਾ ਦੇ ਹੱਕਾਂ ਦੀ ਅਵਾਜ਼ ਨੂੰ ਬੁਲੰਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਜਿਹੀਆਂ ਕਈ ਘਟਨਾਵਾਂ ਮੌਜੂਦ ਹਨ, ਜਦੋਂ ਮਜਲੂਮ ਤੇ ਜ਼ਰੂਰਤਮੰਦ ਲੋਕਾਂ ਦੀ ਕਿਸੇ ਨੇ ਬਾਂਹ ਨਹੀਂ ਫੜ੍ਹੀ, ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਹਾਰਾ ਦਿੱਤਾ। ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜਨ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ ਗਿਆ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਰਾਜਿੰਦਰ ਸਿੰਘ ਰੂਬੀ, ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਜਸਪਾਲ ਸਿੰਘ ਢੱਡੇ, ਸ. ਗੁਰਤਿੰਦਰਪਾਲ ਸਿੰਘ ਅਤੇ ਸੰਗਤਾਂ ਮੌਜੂਦ ਸਨ।