ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਦੇਸ਼ ’ਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ- ਗਿਆਨੀ ਕੁਲਦੀਪ ਸਿੰਘ ਗੜਗੱਜ
ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਨੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਕੀਤਾ ਸਨਾਮਨਿਤ
ਅੰਮ੍ਰਿਤਸਰ, 6 ਜੂਨ-
ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਇਆ ਗਿਆ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਦੋਂ ਸਮੇਂ ਦੀ ਭਾਰਤੀ ਹਕੂਮਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਫੌਜਾਂ, ਟੈਂਕਾਂ, ਤੋਪਾਂ ਨਾਲ ਹਮਲਾ ਕੀਤਾ ਤਾਂ ਦਮਦਮੀ ਟਕਸਾਲ ਦੇ 14ਵੇਂ ਮੁਖੀ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਸਿੰਘਾਂ ਨੇ ਜਿਸ ਤਰ੍ਹਾਂ ਮੁਕਾਬਲਾ ਕਰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ, ਇਹ ਰਹਿੰਦੀ ਦੁਨੀਆਂ ਤੱਕ ਮਿਸਾਲੀ ਇਤਿਹਾਸ ਰਹੇਗਾ। ਇਸ ਘੱਲੂਘਾਰੇ ਦੌਰਾਨ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ, ਬੀਬੀਆਂ ਅਤੇ ਭੁਝੰਗੀਆਂ ਨੇ ਵੀ ਸ਼ਹਾਦਤਾਂ ਪ੍ਰਾਪਤ ਕੀਤੀਆਂ। ਸਿੱਖਾਂ ਨੇ 1984 ਤੋਂ ਪਹਿਲਾਂ ਵੀ ਦੋ ਘੱਲੂਘਾਰੇ ਝੱਲੇ ਪਰੰਤੂ ਇਹ ਤੀਜਾ ਘੱਲੂਘਾਰਾ ਆਪਣੇ ਹੀ ਮੁਲਕ ਅੰਦਰ ਲੋਕਤੰਤਰ ਦੇ ਰਾਜ ਅਧੀਨ ਕੀਤਾ ਗਿਆ, ਲੇਕਿਨ ਇਸ ਦੇ ਬਾਵਜੂਦ ਵੀ ਸਿੱਖ ਅੱਜ ਚੜ੍ਹਦੀ ਕਲਾ ਨਾਲ ਪੂਰੀ ਦੁਨੀਆ ਅੰਦਰ ਵੱਸ ਰਹੇ ਹਨ। ਉਨ੍ਹਾਂ ਇਸ ਮੌਕੇ 1984 ਵਿਚ ਸ਼ਹੀਦ ਹੋਣ ਵਾਲੀਆਂ ਸਿੱਖ ਬੱਚੀਆਂ ਸਤਨਾਮ ਕੌਰ, ਵਾਹਿਗੁਰੂ ਕੌਰ ਅਤੇ ਬੀਬੀ ਉਪਕਾਰ ਕੌਰ ਦਾ ਵਿਸ਼ੇਸ਼ ਜ਼ਿਕਰ ਵੀ ਕੀਤਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਇਸ ਦੇਸ਼ ਵਿਚ ਬਰਾਬਰ ਦੇ ਭਾਈਵਾਲ ਹਨ, ਦੂਜੇ ਦਰਜੇ ਦੇ ਸ਼ਹਿਰੀ ਨਹੀਂ। ਉਨ੍ਹਾਂ ਕਿਹਾ ਕਿ ਸਿੱਖਾਂ ਪ੍ਰਤੀ ਵਰਤੀਆਂ ਜਾ ਰਹੀਆਂ ਦੋਹਰੀਆਂ ਨੀਤੀਆਂ ਦੇਸ਼ ਹਿੱਤ ਵਿਚ ਨਹੀਂ ਹਨ। ਦੇਸ਼ ਅੰਦਰ ਸਿੱਖ ਪਛਾਣ, ਕਕਾਰਾਂ ਅਤੇ ਦਸਤਾਰ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਵੱਡੀ ਚਿੰਤਾ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਘੁੰਮਣ ਗਏ ਸਿੱਖ ਦੀ ਦਸਤਾਰ ਤੇ ਦਾੜ੍ਹੀ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ, ਜਦਕਿ ਪੰਜਾਬ ਅੰਦਰ ਪੂਰੇ ਮੁਲਕ ਤੋਂ ਆ ਕੇ ਲੋਕ ਖੁੱਲ੍ਹੇ ਮਾਹੌਲ ਵਿਚ ਰਹਿ ਰਹੇ ਨੇ ਅਤੇ ਕੰਮ ਵੀ ਕਰ ਰਹੇ ਨੇ, ਉਨ੍ਹਾਂ ਨੂੰ ਕਿਸੇ ਸਿੱਖ ਜਾਂ ਪੰਜਾਬੀ ਨੇ ਕਦੇ ਨਿਸ਼ਾਨਾ ਨਹੀਂ ਬਣਾਇਆ। ਉਨ੍ਹਾਂ ਕਿਹਾ ਕਿ ਸਮੇਂ ਦੇ ਹੁਕਮਰਾਨਾ ਨੂੰ ਇਹ ਸਮਝ ਲੈਣਾ ਚਾਹੀਦਾ ਕੇ ਸਿੱਖ ਆਪਣੀ ਪਛਾਣ ਨਾਲ ਦੂਜੇ ਦਰਜੇ ਦੇ ਵਿਹਾਰ ਨੂੰ ਹੋਰ ਬਰਦਾਸ਼ਤ ਨਹੀਂ ਕਰਨਗੇ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਸਰਬੱਤ ਦੇ ਭਲੇ ਦੇ ਸਿਧਾਂਤ ਉਤੇ ਪਹਿਰਾ ਦਿੰਦਿਆਂ ਅਤੇ ਮਨੁੱਖਤਾ ਦੀ ਸੇਵਾ ਕਰਦਿਆਂ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਹੈ। ਪਰੰਤੂ ਪਿਛਲੇ ਕੁਝ ਸਮੇਂ ਤੋਂ ਵਿਸ਼ਵ ਪੱਧਰ ਉਤੇ ਸਿੱਖਾਂ ਵਿਰੁੱਧ ਸਾਜ਼ਿਸ਼ ਤਹਿਤ ਬਹਾਨੇ ਬਣਾ ਕੇ ਉਨ੍ਹਾਂ ਦੀ ਵਿਲੱਖਣ ਪਛਾਣ ਅਤੇ ਕਕਾਰਾਂ ਨੂੰ ਨਫ਼ਰਤ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਤੋਂ ਹਰ ਦੇਸ਼ ਵਿਚ ਕਾਰਜਸ਼ੀਲ ਸਿੱਖ ਜਥੇਬੰਦੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਦੇਸ਼ ਦੁਨੀਆਂ ਅੰਦਰ ਵਸਦੇ ਸਿੱਖਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਾਡਾ ਘਰ ਹੈ ਅਤੇ ਉਹ ਆਪਣੇ ਬੱਚਿਆਂ ਨੂੰ ਇਸ ਧਰਤੀ ਨਾਲ ਜੋੜੀ ਰੱਖਣ ਲਈ ਸੁਹਿਰਦ ਯਤਨ ਕਰਨ। ਉਨ੍ਹਾਂ ਕਿਹਾ ਕੇ ਪੰਜਾਬ ਨੂੰ ਪੱਕੇ ਤੌਰ ਉੱਤੇ ਨਾ ਛੱਡੀਏ ਅਤੇ ਆਪਣੀਆਂ ਪੰਜਾਬ ਦੀਆਂ ਜ਼ਮੀਨਾਂ ਵੀ ਨਾ ਵੇਚੀਏ।
ਜਥੇਦਾਰ ਗੜਗੱਜ ਨੇ ਕਿਹਾ ਕਿ ਉਸ ਸਮੇਂ ਦੀ ਹਾਕਮ ਇੰਦਰਾ ਗਾਂਧੀ ਵੀ ਕੇਂਦਰੀਕਰਨ ਕਰਕੇ ਪੰਜਾਬ ਨੂੰ ਆਪਣੇ ਹਿਸਾਬ ਨਾਲ ਚਲਾਉਣਾ ਚਾਹੰਦੀ ਸੀ, ਕਈ ਕਾਲੇ ਕਾਨੂੰਨ ਵੀ ਬਣੇ ਲੇਕਿਨ ਸਿੱਖਾਂ ਨੇ ਸੰਘਰਸ਼ ਕਰਕੇ ਵਾਪਸ ਕਰਵਾਏ। ਅੱਜ ਵੀ ਪੰਜਾਬ ਦੀ ਹਾਕਮ ਧਿਰ ਸਿੱਖਾਂ ਉਤੇ ਆਪਣੀ ਮਰਜ਼ੀ ਦੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਸਰਕਾਰ ਦੀ ਮਨਸ਼ਾ ਸਿੱਖਾਂ ਦੇ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਆਪਣੇ ਕਾਬੂ ਵਿਚ ਕਰਨ ਦੀ ਹੈ, ਪਰੰਤੂ ਸਿੱਖ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ। ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਕਾਨੂੰਨ ਨੂੰ ਸਿੱਖਾਂ ਦੀ ਸਹਿਮਤੀ ਤੋਂ ਬਿਨਾਂ ਠੋਸਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਗੁਰੂ ਖਾਲਸਾ ਪੰਥ ਹੈ, ਜੋ ਅਜਿਹੇ ਕਿਸੇ ਵੀ ਕਾਨੂੰਨ ਨੂੰ ਸਹਿਮਤੀ ਤੋਂ ਬਿਨਾਂ ਪ੍ਰਵਾਨ ਨਹੀਂ ਕਰੇਗਾ ਅਤੇ ਨਾ ਹੀ ਮਾਨਤਾ ਦੇਵੇਗਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਮਸਲਾ ਤਾਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਅਤੇ ਸਿੱਖਾਂ ਨੂੰ ਇਨਸਾਫ਼ ਦੇਣ ਦਾ ਸੀ। ਪਰੰਤੂ ਸਰਕਾਰ ਸੇਵਾਦਾਰ ਸਿੱਖ ਧਿਰਾਂ ਅਤੇ ਕੇਂਦਰੀ ਸਿੱਖ ਸੰਸਥਾਵਾਂ ਨੂੰ ਹੀ ਆਪਣੇ ਕੰਟਰੋਲ ਵਿਚ ਕਰਨ ਵੱਲ ਤੁਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਬਰਗਾੜੀ ਬੇਅਦਬੀ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਕਰਕੇ ਪੰਜਾਬ ਕਿਉਂ ਨਹੀਂ ਲਿਆਂਦਾ ਗਿਆ ਅਤੇ 2017 ਮੌੜ ਬੰਬ ਧਮਾਕੇ ਦੇ ਦੋਸ਼ੀ ਕਿੱਥੇ ਹਨ ਅਤੇ ਇਸ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਕਿੱਥੇ ਹੈ?
ਜਥੇਦਾਰ ਗੜਗੱਜ ਨੇ ਇਸ ਮੌਕੇ ਸਮੂਹ ਬੰਦੀ ਸਿੰਘਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਜਗਤਾਰ ਸਿੰਘ ਤਾਰਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੇੜਾ ਅਤੇ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸਮੁੱਚੀ ਕੌਮ ਨੂੰ ਇੱਕਜੁਟ ਹੋ ਕੇ ਕਾਰਜ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਆਪਣੇ ਪੁੱਤਰ ਨੂੰ ਮਿਲਣਾ ਚਾਹੁੰਦੀ ਹੈ ਲੇਕਿਨ ਸਰਕਾਰਾਂ ਅੜਿੱਕਾ ਬਣੀਆਂ ਹਨ। ਉਨ੍ਹਾਂ ਕਿਹਾ ਕਿ ਕੌਮ ਦੇ ਸਮੂਹ ਬੰਦੀ ਸਿੰਘ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜੇਲ੍ਹਾਂ ਅੰਦਰ ਨਜ਼ਰਬੰਦ ਹਨ, ਇਸ ਲਈ ਕੌਮ ਇਕਜੁੱਟ ਹੋ ਕੇ ਉਨ੍ਹਾਂ ਲਈ ਅਵਾਜ਼ ਬੁਲੰਦ ਕਰੇ।
ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਬਾਣੀ ਸਾਨੂੰ ਵਾਤਾਵਰਣ ਤੇ ਕੁਦਰਤ ਦੀ ਸਾਂਭ ਸੰਭਾਲ ਦੀ ਸਿੱਖਿਆ ਦਿੰਦੀ ਹੈ। ਅਗਲੇ ਸਾਲ ਅੰਮ੍ਰਿਤਸਰ ਸ਼ਹਿਰ ਦਾ 450 ਸਾਲਾ ਸਥਾਪਨਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਹ ਪਵਿੱਤਰ ਸ਼ਹਿਰ ਸ੍ਰੀ ਗੁਰੂ ਰਾਮਦਾਸ ਜੀ ਨੇ ਵਸਾਇਆ ਸੀ, ਪਰੰਤੂ ਸਰਕਾਰਾਂ ਗੁਰੂ ਨਗਰੀ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਉੱਤੇ ਪੂਰੀ ਪਾਬੰਦੀ ਹੈ ਪਰੰਤੂ ਅੰਮ੍ਰਿਤਸਰ ਸ਼ਹਿਰ ਤੇ ਸੂਬੇ ਵਿਚ ਕੂੜਿਆਂ ਦੇ ਢੇਰ ਲਗੇ ਪਏ ਹਨ, ਥਾਂ-ਥਾਂ ਪਲਾਸਟਿਕ ਨਾਲ ਵਾਤਾਵਰਣ ਪ੍ਰਦੂਸ਼ਿਤ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸ਼ਤਾਬਦੀ ਨੇੜੇ ਆਉਂਦਿਆਂ ਹੀ ਤਖ਼ਤ ਸਾਹਿਬਾਨ ਨੂੰ ਆਉਂਦੇ ਰਸਤੇ ਪੁੱਟ ਦਿੰਦੀ ਹੈ। ਹੁਣ ਅਜੇ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਦੀ 450 ਸਾਲਾ ਸ਼ਤਾਬਦੀ ਨੂੰ ਇੱਕ ਸਾਲ ਪਿਆ ਹੈ, ਸਰਕਾਰ ਘੱਟੋ ਘੱਟ ਸ਼ਹਿਰ ਵਿੱਚੋਂ ਗੰਦਗੀ ਹਟਾ ਕੇ ਸਾਫ਼ ਸਫਾਈ ਦਾ ਵਿਸ਼ੇਸ਼ ਪ੍ਰਬੰਧ ਹੀ ਕਰ ਲਵੇ।
ਜਥੇਦਾਰ ਗੜਗੱਜ ਨੇ ਕਿਹਾ ਕਿ 1984 ਵਿਚ ਸਿੱਖਾਂ ਨੇ ਸਿੱਖੀ ਸਿਦਕ ਤੇ ਗੁਰੂ ਉੱਤੇ ਭਰੋਸਾ ਰੱਖਦਿਆਂ ਵੱਡੀ ਤਾਕਤ ਦੇ ਵਿਰੁੱਧ ਸੰਘਰਸ਼ ਲੜਿਆ। ਅੱਜ ਕੌਮ ਨੂੰ ਚਾਰੇ ਪਾਸਿਓਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਸਮੂਹ ਸ਼ਹੀਦਾਂ ਤੋਂ ਸਿੱਖੀ ਸਿਦਕ ਦੀ ਪ੍ਰੇਰਨਾ ਲੈ ਕੇ ਸਬਰ ਨਾਲ ਇਕਜੁੱਟ ਰਹਿੰਦਿਆਂ ਅੱਗੇ ਵਧਣ ਦੀ ਲੋੜ ਹੈ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਵੀ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ। ਉਨ੍ਹਾਂ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਕਰੂਰ ਕਾਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖਾਂ ਦੇ ਕੇਂਦਰੀ ਅਸਥਾਨ ਨੂੰ ਨੁਕਸਾਨ ਪਹੁੰਚਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੋਲੀ ਨਾਲ ਜ਼ਖ਼ਮੀ ਕਰਕੇ ਸਿੱਖਾਂ ਨੂੰ ਜੋ ਮਾਨਸਿਕ ਪੀੜਾ ਦਿੱਤੀ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ੁਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ, ਸ. ਕੁਲਦੀਪ ਸਿੰਘ ਰੋਡੇ, ਮਾਤਾ ਗੁਰਜੀਤ ਕੌਰ, ਮਾਤਾ ਜਗੀਰ ਕੌਰ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸੇ ਦੌਰਾਨ ਅੱਜ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਜੂਨ 1984 ’ਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤਾਂ ਲਈ ਦਰਸ਼ਨਾਂ ਲਈ ਸੁਸ਼ੋਭਿਤ ਕੀਤੇ ਗਏ।
ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਪਾਲ ਸਿੰਘ ਜੱਲ੍ਹਾ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸਾਬਕਾ ਐਮਪੀ ਸ. ਸਿਮਰਨਜੀਤ ਸਿੰਘ ਮਾਨ, ਸ. ਕੰਵਰਚੜ੍ਹਤ ਸਿੰਘ, ਸ. ਕੰਵਰਪਾਲ ਸਿੰਘ ਦਲ ਖ਼ਾਲਸਾ, ਭਾਈ ਜਸਬੀਰ ਸਿੰਘ ਘੁੰਮਣ, ਭਾਈ ਤਰਸੇਮ ਸਿੰਘ ਮੋਰਾਂਵਾਲੀ, ਸ. ਸੁਖਵਿੰਦਰ ਸਿੰਘ ਅਗਵਾਨ, ਭਾਈ ਤਰਸੇਮ ਸਿੰਘ, ਸ. ਈਮਾਨ ਸਿੰਘ ਮਾਨ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।
ਜੂਨ 1984 ਦੇ ਘੱਲੂਆਰੇ ਦੀ ਪੀੜਾ ਨੂੰ ਸਿੱਖ ਕਦੇ ਵੀ ਭੁੱਲ ਨਹੀਂ ਸਕਦੇ- ਐਡਵੋਕੇਟ ਧਾਮੀ
ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਤੋਂ 42 ਸਾਲ ਪਹਿਲਾਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮੇਂ ਦੀ ਕਾਂਗਰਸ ਸਰਕਾਰ ਨੇ ਸਿੱਖ ਗੁਰਧਾਮਾਂ ’ਤੇ ਫ਼ੌਜੀ ਹਮਲਾ ਕਰਵਾਇਆ, ਜਿਸ ਦਾ ਜਵਾਬ ਦਿੰਦਿਆਂ ਸਿੱਖ ਯੋਧਿਆਂ ਨੇ ਪੁਰਾਣੇ ਸਾਕਿਆਂ ਨੂੰ ਦੁਹਰਾ ਕੇ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਫ਼ੌਜੀ ਹਮਲੇ ਸਮੇਂ ਦਰਸ਼ਨਾਂ ਲਈ ਪੁੱਜੇ ਬੇਦੋਸ਼ੇ ਸਿੰਘ/ਸਿੰਘਣੀਆਂ ਅਤੇ ਬਜ਼ੁਰਗਾਂ ਦੀਆਂ ਵੀ ਸ਼ਹਾਦਤਾਂ ਹੋਈਆਂ। ਇਹ ਅਜ਼ਾਦ ਭਾਰਤ ਵਿਚ ਕਾਂਗਰਸ ਦੇ ਮੱਥੇ ’ਤੇ ਵੱਡਾ ਕਲੰਕ ਹੈ, ਜੋ ਕਦੇ ਵੀ ਧੋਤਾ ਨਹੀਂ ਜਾ ਸਕੇਗਾ ਅਤੇ ਸਰਕਾਰ ਦੀਆਂ ਵਧੀਕੀਆਂ ਹਮੇਸ਼ਾ ਯਾਦ ਰਹਿਣਗੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰ ਸਾਲ ਜੂਨ ਮਹੀਨੇ ਅੰਦਰ ਸਿੱਖ ਕੌਮ ਦੀਆਂ ਭਾਵਨਾਵਾਂ ਗਹਿਰੀ ਪੀੜਾ ’ਚੋਂ ਲੰਘਦੀਆਂ ਹਨ ਅਤੇ ਹਰ ਸੰਜੀਦਾ ਮਨੁੱਖ ਸਰਕਾਰ ਦੀ ਇਸ ਘਟੀਆ ਹਰਕਤ ਨੂੰ ਨਿੰਦਦਾ ਹੈ। ਇਸ ਪੀੜਾ ਨੂੰ ਸਿੱਖ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਸੇ ਪੀੜਾ ਨੂੰ ਲੈ ਕੇ ਸੰਘਰਸ਼ ਦੇ ਰਾਹ ਤੁਰੇ ਸਾਡੇ ਕਈ ਨੌਜੁਆਨ ਅੱਜ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਹਨ, ਪ੍ਰੰਤੂ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਸਰਕਾਰਾਂ ਨੇ ਕੰਨ ਬੰਦ ਕੀਤੇ ਹੋਏ ਹਨ। ਐਡਵੋਕੇਟ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਪੁੱਜੇ ਸੁਨੇਹੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਈ ਸਾਹਿਬ ਆਪਣੇ ਮਾਮਲੇ ਸਬੰਧੀ ਇਕਪਾਸਾ ਚਾਹੁੰਦੇ ਹਨ। ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ਦੀ ਅਪੀਲ ’ਤੇ ਸਰਕਾਰ ਵੱਲੋਂ ਕੋਈ ਫੈਸਲਾ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਵੀ ਵੱਡੀ ਉਲੰਘਣਾ ਹੈ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਬਲਵੰਤ ਸਿੰਘ ਖੈੜਾ, ਭਾਈ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਉਮਰ ਕੈਦ ਦੀ ਸਜ਼ਾ ਵਾਲੇ ਵਿਅਕਤੀ ਵੱਧ-ਵੱਧ ਤੋਂ 20 ਸਾਲ ਦੀ ਸਜ਼ਾ ਮਗਰੋਂ ਰਿਹਾਅ ਹੋ ਜਾਂਦੇ ਹਨ, ਪਰੰਤੂ ਕਰੀਬ 35 ਸਾਲਾਂ ਤੋਂ ਜੇਲ੍ਹਾਂ ’ਚ ਬੰਦ ਸਿੱਖਾਂ ਨਾਲ ਇਨਸਾਫ਼ ਕਿਉਂ ਨਹੀਂ ਕੀਤਾ ਜਾ ਰਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਮਸਲਿਆਂ ਦੇ ਹੱਲ ਲਈ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ।
