ਘੱਲੂਘਾਰੇ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਨਾਲ ਦਿੱਤਾ ਸਨਮਾਨ

ਅੰਮ੍ਰਿਤਸਰ, 6 ਜੂਨ-
ਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਾਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਇਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖਾਲਸਾ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸ਼ਕਤੀ ਨੂੰ ਸੰਗਠਤ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ। ਇਹ ਘੱਲੂਘਾਰਾ ਕੇਵਲ ਸਿੱਖਾਂ ਦੇ ਪਿੰਡੇ ’ਤੇ ਝਰੀਟਾਂ ਹੀ ਨਹੀਂ, ਸਗੋਂ ਦਿਲ ’ਤੇ ਲੱਗੇ ਗਹਿਰੇ ਜ਼ਖਮ ਹਨ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਸਪੱਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ 1984 ਦਾ ਘੱਲੂਘਾਰਾ ਸਿੱਖਾਂ ਦੀ ਕਮਜ਼ੋਰੀ ਨਹੀਂ ਹੈ ਬਲਕਿ ਇਸ ਨੂੰ ਯਾਦ ਕਰਕੇ ਕੌਮ ਹੋਰ ਮਜਬੂਤ ਹੁੰਦੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਭਾਰਤ ਦੀ ਤਤਕਾਲੀ ਸਰਕਾਰ ਵੱਲੋਂ ਕੀਤੇ ਇਸ ਜੁਲਮ ਦੇ ਇਨਸਾਫ਼ ਦੀ ਸਰਕਾਰਾਂ ਤੋਂ ਕੌਮ ਨੂੰ ਕੋਈ ਉਮੀਦ ਨਹੀਂ ਕਰਨੀ ਚਾਹੀਦੀ, ਬਲਕਿ ਇੱਕਜੁਟ ਹੋ ਕੇ ਸਵੈ-ਮੰਥਨ ਕਰਦਿਆਂ ਸਿੱਖ ਸ਼ਕਤੀ ਨੂੰ ਮਜਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕਈ ਸਰਕਾਰਾਂ ਬਣੀਆਂ ਪਰ ਸਿੱਖਾਂ ਨੂੰ ਕਿਸੇ ਨੇ ਵੀ ਨਿਆਂ ਨਹੀਂ ਦਿੱਤਾ। ਸਿੱਖ ਸ਼ਕਤੀ ਇੱਕਜੁਟ ਹੋਵੇਗੀ ਤਾਂ ਸਰਕਾਰਾਂ ਖੁਦ ਚੱਲ ਕੇ ਆਉਣਗੀਆਂ।
ਆਪਣੇ ਸੰਬੋਧਨ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ, ਮਹਾਪੁਰਖਾਂ, ਸਾਬਕਾ ਜਥੇਦਾਰਾਂ ਅਤੇ ਕੌਮ ਦੇ ਪ੍ਰਚਾਰਕਾਂ ਨੂੰ ਅਪੀਲ ਕੀਤੀ ਕਿ ਕਾਫਲੇ ਬਣਾ ਕੇ ਪਿੰਡ-ਪਿੰਡ ਸਿੱਖੀ ਪ੍ਰਚਾਰ ਦੀ ਲਹਿਰ ਸਿਰਜਣ ਲਈ ਅੱਗੇ ਆਉਣ। ਕਿਉਂਕਿ ਇਹ ਸਮਾਂ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕੱਠੇ ਹੋਣ ਦਾ ਹੈ। ਉਨ੍ਹਾਂ ਆਖਿਆ ਕਿ ਅੱਜ ਨਸ਼ਿਆਂ ਰਾਹੀਂ ਨੌਜੁਆਨੀਂ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਸੋਸ਼ਲ ਮੀਡੀਆ ’ਤੇ ਗੁੰਮਰਾਹਕੁਨ ਸਮੱਗਰੀ ਨਾਲ ਨੌਜੁਆਨੀ ਦੀ ਮਾਨਸਿਕਤਾ ਤਬਦੀਲ ਕੀਤੀ ਜਾ ਰਹੀ ਹੈ। ਸਾਨੂੰ ਇਸ ਵਰਤਾਰੇ ਵੱਲ ਧਿਆਨ ਦੇਣਾ ਪਵੇਗਾ ਅਤੇ ਸਭ ਨੂੰ ਨਾਲ ਜੋੜ ਕੇ ਚਲਣਾ ਪਵੇਗਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸੰਸਥਾਵਾਂ ਨੂੰ ਮਜਬੂਤ ਕਰਨ ਲਈ ਵੀ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਸਿੱਖ ਸ਼ਕਤੀ ਦਾ ਸਰੋਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੀਤੇ ’ਚ ਕੁਝ ਸਿੱਖ ਸੰਸਥਾਵਾਂ ਸਰਕਾਰੀ ਹੱਥਾਂ ਵਿੱਚ ਚਲੇ ਗਈਆਂ ਹਨ। ਇਸ ਵੱਲ ਕੌਮ ਨੂੰ ਧਿਆਨ ਦੇਣਾ ਪਵੇਗਾ ਤਾਂ ਜੋ ਸਿੱਖ ਸੰਸਥਾਵਾਂ ਸਿੱਖ ਪ੍ਰਭਾਵ ਹੇਠ ਹੀ ਰਹਿਣ। ਗਿਆਨੀ ਹਰਪ੍ਰੀਤ ਸਿੰਘ ਨੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਅਤੇ ਜਨਰਲ ਸ਼ਾਬੇਗ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ।
ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਜੂਨ 1984 ਦੇ ਘੱਲੂਘਾਰੇ ਨੂੰ ਉਸ ਸਮੇਂ ਦੀ ਕਾਂਗਰਸ ਸਰਕਾਰ ਦੀ ਮਨੁੱਖਤਾ ਮਾਰੂ ਕਾਰਵਾਈ ਕਿਹਾ। ਉਨ੍ਹਾਂ ਕਿਹਾ ਕਿ ਜੋ ਜੁਲਮ ਉਸ ਵਕਤ ਭਾਰਤ ਸਰਕਾਰ ਨੇ ਸਿੱਖਾਂ ’ਤੇ ਕੀਤਾ, ਉਸ ਨੇ ਅਬਦਾਲੀ ਵੱਲੋਂ ਕੀਤੇ ਜ਼ੁਲਮਾਂ ਨੂੰ ਵੀ ਪਿੱਛੇ ਛੱਡ ਦਿੱਤਾ। ਸਰਕਾਰ ਵੱਲੋਂ ਦਿੱਤੇ ਇਹ ਜ਼ਖ਼ਮ ਖਾਲਸਾ ਪੰਥ ਦੇ ਦਿਲਾਂ ਵਿੱਚੋਂ ਕਦੇ ਨਹੀਂ ਮਿਟ ਸਕਦੇ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਫੈਡਰੇਸ਼ਨ ਆਗੂ ਸ. ਕੰਵਰਚੜ੍ਹਤ ਸਿੰਘ ਸਮੇਤ ਸ਼ਹੀਦਾਂ ਦੇ ਕਈ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਹੋਰ ਸ਼ਖ਼ਸੀਅਤਾਂ ਨੂੰ ਵੀ ਇਸ ਦੌਰਾਨ ਸਿਰੋਪਾਓ ਦੇ ਕੇ ਨਿਵਾਜਿਆ ਗਿਆ।
ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਅੰਤ੍ਰਿੰਗ ਮੈਂਬਰ ਸ. ਪਰਮਜੀਤ ਸਿੰਘ ਖਾਲਸਾ, ਸ. ਮਲਕੀਤ ਸਿੰਘ ਚੰਗਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਭੁਪਿੰਦਰ ਸਿੰਘ ਭਲਵਾਨ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਬਲਦੇਵ ਸਿੰਘ ਚੂੰਘਾਂ, ਸ. ਅਮਰੀਕ ਸਿੰਘ ਵਿਛੋਆ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਸ. ਗੁਰਪ੍ਰੀਤ ਸਿੰਘ ਝੱਬਰ, ਬਾਬਾ ਟੇਕ ਸਿੰਘ, ਸੀਨੀਅਰ ਅਕਾਲੀ ਆਗੂ ਸ. ਵਿਰਸਾ ਸਿੰਘ ਵਲਟੋਹਾ, ਫੈਡਰੇਸ਼ਨ ਪ੍ਰਧਾਨ ਸ. ਕੰਵਰਚੜ੍ਹਤ ਸਿੰਘ, ਗੁਰਦੁਆਰਾ ਯਾਦਗਾਰ ਸ਼ਹੀਦਾਂ ਦੇ ਮੁਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਸ. ਅਮਰਬੀਰ ਸਿੰਘ ਢੋਟ, ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ, ਸ. ਈਮਾਨ ਸਿੰਘ ਮਾਨ, ਸ. ਨਰਾਇਣ ਸਿੰਘ ਚੌੜਾ, ਸ. ਕੰਵਰਪਾਲ ਸਿੰਘ, ਭਾਈ ਜਸਬੀਰ ਸਿੰਘ ਘੁੰਮਣ, ਸ. ਹਰਸਿਮਰਨ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਚਰਨ ਸਿੰਘ ਕੁਹਾਲਾ, ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਪਰਮਜੀਤ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਰਾਜਿੰਦਰ ਸਿੰਘ ਰੂਬੀ, ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਅਮਰਜੀਤ ਸਿੰਘ, ਸ. ਉਪਕਾਰ ਸਿੰਘ ਸੰਧੂ, ਭਾਈ ਬਲਵੰਤ ਸਿੰਘ ਗੋਪਾਲਾ ਆਦਿ ਮੌਜੂਦ ਸਨ।

ਜੂਨ 1984 ਦੇ ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਕਰਵਾਏ ਦਰਸ਼ਨ


ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਭਾਰਤ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਗਈ। ਅੱਜ ਇਹ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਤਕ ਦੁਨੀਆ ਰਹੇਗੀ ਕਾਂਗਰਸ ਵੱਲੋਂ ਸਿੱਖਾਂ ’ਤੇ ਵਰਤਾਇਆ ਕਹਿਰ ਯਾਦ ਕੀਤਾ ਜਾਂਦਾ ਰਹੇਗਾ। ਹਰ ਸਾਲ ਜੂਨ ਮਹੀਨੇ ਅੰਦਰ ਸਿੱਖ ਕੌਮ ਦੀਆਂ ਭਾਵਨਾਵਾਂ ਗਹਿਰੀ ਪੀੜਾ ’ਚੋਂ ਲੰਘਦੀਆਂ ਹਨ ਅਤੇ ਹਰ ਸੰਜੀਦਾ ਮਨੁੱਖ ਸਰਕਾਰ ਦੀ ਇਸ ਘਟੀਆ ਹਰਕਤ ਨੂੰ ਨਿੰਦਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜੂਨ 1984 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਜ਼ਖ਼ਮੀ ਕਰਨਾ ਸਿੱਖ ਮਾਨਸਿਕਤਾ ਨੂੰ ਗਹਿਰਾ ਜ਼ਖ਼ਮ ਹੈ। ਉਨ੍ਹਾਂ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਕੌਮ ਦੇ ਜੁਝਾਰੂ ਨਾਇਕ ਕਰਾਰ ਦਿੰਦਿਆਂ ਕੌਮ ਦੀ ਚੜ੍ਹਦੀ ਕਲਾ ਵਾਸਤੇ ਕਾਮਨਾ ਕੀਤੀ।