ਅੰਮ੍ਰਿਤਸਰ, 24 ਅਗਸਤ-
ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸੰਤ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਬਖਸ਼ਿਸ਼ ਕੀਤੀ ਗਈ। ਇਸ ਸਬੰਧ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਪਾਵਨ ਹੁਕਮਨਾਮੇ ਤੋਂ ਬਾਅਦ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਤ ਬਾਬਾ ਸੁੱਚਾ ਸਿੰਘ ਦਾ ਸਨਮਾਨ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਅਮੀਰ ਸਿੰਘ ਨੂੰ ਦਿੱਤਾ। ਸਨਮਾਨ ‘ਚ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ ਅਤੇ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਤਸਤਰੀ ਸ਼ਾਮਲ ਸੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਸਨਮਾਨ ਦੇਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਰਵਾਇਤ ਅਨੁਸਾਰ ਸੰਤ ਬਾਬਾ ਸੁੱਚਾ ਸਿੰਘ ਨੂੰ ਸਨਮਾਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਸੰਤ ਬਾਬਾ ਸੁੱਚਾ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਆਏ ਸ਼ੁੱਧ ਤੇ ਮਿਸ਼ਰਤ ਰਾਗਾਂ ਦਾ ਕੀਰਤਨ ਕਰਵਾਇਆ ਅਤੇ ਵਿਦਿਆਰਥੀ ਪੈਦਾ ਕੀਤੇ। ਇਸ ਦੇ ਨਾਲ-ਨਾਲ ਗੁਰਮਤਿ ਸੰਗੀਤ ਦੀ ਪ੍ਰੰਪਰਾ ਦਾ ਵੱਡੇ ਪੱਧਰ ‘ਤੇ ਪ੍ਰਚਾਰ ਕੀਤਾ। ਬਾਬਾ ਸੁੱਚਾ ਸਿੰਘ ਵੱਲੋਂ ਨਿਭਾਈਆਂ ਵੱਡਮੁਲੀਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਗੁਰੂ ਪੰਥ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਨ੍ਹਾਂ ਨੂੰ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਬਖ਼ਸ਼ਿਸ਼ ਕੀਤੀ ਜਾਂਦੀ ਹੈ।
ਸਨਮਾਨ ਸਮਾਗਮ ਦੌਰਾਨ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਤ ਬਾਬਾ ਸੁੱਚਾ ਸਿੰਘ ਵੱਲੋਂ ਗੁਰਮਤਿ ਸੰਗੀਤ ਦੇ ਖੇਤਰ ਵਿਚ ਪਾਏ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸੁੱਚਾ ਸਿੰਘ ਨੇ ਅਨੇਕਾਂ ਰਾਗੀ ਪੈਦਾ ਕੀਤੇ, ਰਾਗ ਅਧਾਰਿਤ ਗੁਰਮਤਿ ਸੰਗੀਤ ਸੰਮੇਲਨ ਕਰਵਾਏ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਤੱਤਪਰ ਰਹੇ। ਉਨ੍ਹਾਂ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਵਿਦਿਆਰਥੀਆਂ ਨੂੰ ਇਸ ਸਨਮਾਨ ਦੀ ਵਧਾਈ ਵੀ ਦਿੱਤੀ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਤ ਬਾਬਾ ਸੁੱਚਾ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਪੂਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਰਣਜੀਤ ਕੌਰ ਮਾਹਿਲਪੁਰ, ਭਾਈ ਪਿੰਦਰਪਾਲ ਸਿੰਘ, ਗਿਆਨੀ ਕੁਲਵੰਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਫੈਡਰੇਸ਼ਨ ਆਗੂ ਸ. ਪਰਮਜੀਤ ਸਿੰਘ ਖ਼ਾਲਸਾ, ਸ. ਮੇਜਰ ਸਿੰਘ ਖਾਲਸਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਨਿਸ਼ਾਨ ਸਿੰਘ, ਸ. ਗੁਰਬਚਨ ਸਿੰਘ ਲੇਹਲ, ਸ. ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸੁਖਰਾਜ ਸਿੰਘ, ਪ੍ਰਚਾਰਕ ਭਾਈ ਸੁਰਜੀਤ ਸਿੰਘ ਸਭਰਾ, ਸ. ਮਲਕੀਤ ਸਿੰਘ ਬਹਿੜਵਾਲ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਕੁਲਦੀਪ ਸਿੰਘ ਦਬੜੀਖਾਨਾ, ਡਾ. ਜੋਧ ਸਿੰਘ, ਡਾ. ਜਸਬੀਰ ਕੌਰ, ਡਾ. ਕੰਵਲਜੀਤ ਸਿੰਘ ਤੇ ਡਾ. ਹਿੰਮਤ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਜਸਬੀਰ ਸਿੰਘ ਸਾਬਰ ਆਦਿ ਮੌਜੂਦ ਸਨ।