ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ -ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ 05 ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ ੫੫੦ (੨੦੧੮-੧੯) ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸਾਲ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਮਨਾਉਣ। ਉਨ੍ਹਾਂ ਕਿਹਾ ਕਿ ਸਮੁੱਚੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋ ਕੇ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਦੇ ਪ੍ਰਚਾਰ ਪ੍ਰਸਾਰ ਲਈ ਸੰਯੁਕਤ ਹੰਭਲਾ ਮਾਰਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਜਲਦ ਹੀ ਨਾਨਕਸ਼ਾਹੀ ਜੰਤਰੀ ਅਤੇ ਡਾਇਰੀ ਵੀ ਤਿਆਰ ਕਰਕੇ ਸੰਗਤ ਅਰਪਣ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਗੁਰਬਚਨ ਸਿੰਘ ਇੰਚਾਰਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ. ਸੁਖਬੀਰ ਸਿੰਘ ਵਧੀਕ ਮੈਨੇਜਰ ਅਤੇ ਸ. ਸਤਿੰਦਰਪਾਲ ਸਿੰਘ ਆਦਿ ਮੌਜੂਦ ਸਨ।