ਬਾਬਾ ਸੁੱਚਾ ਸਿੰਘ ਨੂੰ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਅਤੇ ਸ. ਸਰੂਪ ਸਿੰਘ ਅਲੱਗ ਨੂੰ ‘ਪ੍ਰਿੰਸੀਪਲ ਗੰਗਾ ਸਿੰਘ ਸ਼੍ਰੋਮਣੀ ਐਵਾਰਡ’ ਦੀ ਮਿਲੇਗੀ ਉਪਾਧੀ
ਕੇਂਦਰੀ ਸਿੱਖ ਅਜਾਇਬ ਘਰ ‘ਚ ਸ. ਰਘਬੀਰ ਸਿੰਘ ਬੈਂਸ ਦੀ ਤਸਵੀਰ ਵੀ ਲੱਗੇਗੀ

ਅੰਮ੍ਰਿਤਸਰ, ੨੩ ਅਗਸਤ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਲਕੇ ੨੪ ਅਗਸਤ ਨੂੰ ਸੰਤ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਅਤੇ ਸ. ਸਰੂਪ ਸਿੰਘ ਅਲੱਗ ਨੂੰ ‘ਪ੍ਰਿੰਸੀਪਲ ਗੰਗਾ ਸਿੰਘ ਸ਼੍ਰੋਮਣੀ ਐਵਾਰਡ’ ਦੀ ਉਪਾਧੀ ਨਾਲ ਨਵਾਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਤਤਪਰ ਰਹੇ ਪ੍ਰਸਿੱਧ ਸਿੱਖ ਵਿਦਵਾਨ ਸਵਰਗੀ ਸ. ਰਘਬੀਰ ਸਿੰਘ ਬੈਂਸ ਦੀ ਤਸਵੀਰ ਭਲਕੇ ੨੪ ਅਗਸਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਲਏ ਗਏ ਫੈਸਲੇ ਅਨੁਸਾਰ ਸੰਤ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਅਤੇ ਸ. ਸਰੂਪ ਸਿੰਘ ਅਲੱਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿਖਰ ਸਨਮਾਨ ਬਖ਼ਸ਼ਿਸ਼ ਕੀਤੇ ਜਾਣਗੇ, ਜਦਕਿ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨ ਸਮਾਗਮ ਸਵੇਰੇ ੯:੩੦ ਵਜੇ ਹੋਵੇਗਾ ਅਤੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਸਵੀਰ ਲਗਾਉਣ ਸਬੰਧੀ ਸਮਾਗਮ ਸਵੇਰੇ ੧੧:੦੦ ਵਜੇ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਸਮਾਗਮਾਂ ਮੌਕੇ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਿੱਖ ਕੌਮ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹਿਣਗੀਆਂ।
ਇਸੇ ਦੌਰਾਨ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੱਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ੨੫ ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ-ਦਫ਼ਤਰ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਿੱਖ ਕੌਮ ਦੇ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ।