ਅੰਮ੍ਰਿਤਸਰ ੦੫ ਅਪ੍ਰੈਲ- ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ੭ ਅਪ੍ਰੈਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਹ ਜਾਣਕਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ੭ ਅਪ੍ਰੈਲ ਨੂੰ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਵਿਖੇ ਕਰਵਾਏ ਜਾਣ ਵਾਲੇ ਇਸ ਸਮਾਗਮ ਵਿਚ ਦੁਪਹਿਰ ੨:੩੦ ਵਜੇ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਅਤੇ ਇਸ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਸਜਾਇਆ ਜਾਵੇਗਾ, ਜੋ ਦੇਰ ਰਾਤ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਗੁਰਇਕਬਾਲ ਸਿੰਘ ਸ੍ਰੀ ਅੰਮ੍ਰਿਤਸਰ ਵਾਲੇ, ਭਾਈ ਗੁਰਸੇਵਕ ਸਿੰਘ ਰੰਗੀਲਾ ਚੰਡੀਗੜ੍ਹ ਵਾਲੇ, ਭਾਈ ਦਵਿੰਦਰ ਸਿੰਘ ਖ਼ਾਲਸਾ ਸੋਹਾਣਾ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਰਾਜਿੰਦਰਪਾਲ ਸਿੰਘ ਲੁਧਿਆਣਾ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ, ਭਾਈ ਬਲਵਿੰਦਰ ਸਿੰਘ ਚੰਡੀਗੜ੍ਹ ਅਤੇ ਭਾਈ ਚਮਨਜੀਤ ਸਿੰਘ ਦਿੱਲੀ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸੇਵਕ ਜਥਾ ਇਸ਼ਨਾਨ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।