ਅੰਮ੍ਰਿਤਸਰ : 28 ਅਕਤੂਬਰ (        ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਜਾ ਰਿਹਾ ਗੁਰਮਤਿ ਸਮਾਗਮ ਆਰੰਭ ਹੋ ਚੁੱਕਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸ੍ਰ: ਜਗਜੀਤ ਸਿੰਘ ਨੇ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 1 ਜਨਵਰੀ ਤੋਂ 5 ਜਨਵਰੀ ਤੀਕ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜ ਗੁਰਮਤਿ ਸਮਾਗਮ ਰੱਖੇ ਗਏ ਸਨ। ਜਿਨ੍ਹਾਂ ਵਿਚੋਂ ਪਹਿਲਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪਾਤਸ਼ਾਹੀ 10ਵੀਂ (ਹਿਮਾਚਲ ਪ੍ਰਦੇਸ਼) ਵਿਖੇ, ਦੂਸਰਾ ਗੁਰਮਤਿ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਵਿਖੇ, ਤੀਸਰਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਲੋਹਗੜ੍ਹ ਸਾਹਿਵ ਪਾਤਸ਼ਾਹੀ ਦਸਵੀਂ, ਪਿੰਡ ਦੀਨਾ, ਮੋਗਾ ਵਿਖੇ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਨੂੰ ਜ਼ਫਰਨਾਮਾ ਲਿਖਿਆ ਸੀ ਅਤੇ ਚੌਥਾ ਗੁਰਮਤਿ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ (ਰੋਪੜ) ਵਿਖੇ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਵਾਂ ਗੁਰਮਤਿ ਸਮਾਗਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ (ਨਾਂਦੇੜ) ਦੇ ਪ੍ਰਬੰਧਕੀ ਬੋਰਡ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਮਨਾਇਆ ਜਾ ਰਿਹਾ ਹੈ।

ਉਨ੍ਹਾਂ ਜਾਣਕਾਰੀ ਦੇਂਦਿਆਂ ਦੱਸਿਆ ਕਿ ਆਰੰਭਤਾ ਦੀ ਅਰਦਾਸ ਉਪਰੰਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ (ਨਾਂਦੇੜ) ਦੇ ਹਜ਼ੂਰੀ ਰਾਗੀ ਜਥੇ ਭਾਈ ਗੁਰਪ੍ਰਤਾਪ ਸਿੰਘ ਦਾ ਜਥਾ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰੇਗਾ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਸ਼ੌਕੀਨ ਸਿੰਘ, ਭਾਈ ਕਰਨੈਲ ਸਿੰਘ, ਭਾਈ ਅਨੰਦ ਸਿੰਘ ਤੇ ਭਾਈ ਰਵਿੰਦਰ ਸਿੰਘ ‘ਧੁਰ ਕੀ ਬਾਣੀ’ ਦੇ ਕੀਰਤਨ ਦੀਆਂ ਛਹਿਬਰਾਂ ਲਾਉਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ aੁਚੇਚੇ ਤੌਰ ਤੇ ਪਹੁੰਚੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ (ਨਾਂਦੇੜ) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਨ੍ਹਾਂ ਪ੍ਰਮੁੱਖ ਸਖ਼ਸ਼ੀਅਤਾਂ ਦੇ ਇਲਾਵਾ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੇ ਕਥਾਵਾਚਕ ਭਾਈ ਬਲਦੇਵ ਸਿੰਘ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਸਟੇਜ ਸਕੱਤਰ ਦੀ ਸੇਵਾ ਭਾਈ ਸੁਰਜੀਤ ਸਿੰਘ ਪ੍ਰਚਾਰਕ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਕਤ ਸਖ਼ਸ਼ੀਅਤਾਂ ਦੇ ਇਲਾਵਾ ਸੰਤ-ਮਹਾਂਪੁਰਸ਼ ਵੀ ਗੁਰਮਤਿ ਸਮਾਗਮ ਵਿੱਚ ਹਾਜ਼ਰੀਆਂ ਭਰ ਰਹੇ ਹਨ।