sਅੰਮ੍ਰਿਤਸਰ 31 ਦਸੰਬਰ (          ) – ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਨੁਸਾਰ ਦਸਮੇਸ਼ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਏਗੀ।ਇਸ ਸ਼ਤਾਬਦੀ ਨੂੰ ਸਮਰਪਿਤ ਗੁਰੂ ਸਾਹਿਬ ਦੇ ਚਰਨ ਛੋਹ ਅਸਥਾਨਾਂ ‘ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ,ਜਿਸ ਦਾ ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਮੁੱਚੇ ਗੁਰਧਾਮਾਂ ਅਤੇ ਇਤਿਹਾਸਕ ਅਸਥਾਨਾਂ ਦੇ ਮੈਨੇਜਰ ਸਾਹਿਬਾਨ ਅਤੇ ਪ੍ਰਬੰਧਕਾਂ ਨੂੰ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਹਿਤ ੩ ਜਨਵਰੀ ਨੂੰ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕਰਨ ਅਤੇ ੫ ਜਨਵਰੀ ਨੂੰ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਸੰਪੂਰਨਤਾ ਕਰਨ।ਉਨ੍ਹਾਂ ਇਸ ਮੌਕੇ ‘ਤੇ ਇਲਾਕੇ ਭਰ ਦੀ ਸਮੂਹ ਸੰਗਤ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਤੇ ਸੇਵਾ ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮੂਹ ਸੰਤ-ਮਹਾਂਪੁਰਸ਼ਾਂ ਨੂੰ ਪ੍ਰਕਾਸ਼ ਪੁਰਬ ਸਬੰਧੀ ਆਯੋਜਿਤ ਕੀਤੇ ਜਾ ਰਹੇ ਵੱਖ-ਵੱਖ ਸਮਾਗਮਾਂ ਦੌਰਾਨ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਕਿਹਾ ਹੈ।ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਸਿੱਖ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਵੀ ਪ੍ਰਕਾਸ਼ ਪੁਰਬ ਸਬੰਧੀ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਅੰਦਰ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰਨ ਲਈ ਪ੍ਰੇਰਿਤ ਕਰਦਿਆਂ ਹੋਇਆ ਕਿਹਾ ਕਿ ਉਹ ਗੁਰੂ ਸਾਹਿਬਾਨ ਦੇ ਦਰਸਾਏ ਹੋਏ ਮਾਰਗ ‘ਤੇ ਚੱਲ ਕੇ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੁੜਨ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੧੦ ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖ ਨੌਜਵਾਨ ਚੇਤਨਾ ਸਮਾਗਮ ਰੱਖਿਆ ਗਿਆ ਹੈ।ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਸਮੁੱਚੀਆਂ ਵਿਦਿਅਕ ਸੰਸਥਾਵਾਂ ਦੇ ਨਾਲ ਸਿੱਖ ਵਿਦਿਅਕ ਅਦਾਰਿਆਂ ਦੇ ਲੱਖਾਂ ਵਿਦਿਆਰਥੀ ਅਤੇ ਨੌਜਵਾਨ ਸ਼ਾਮਲ ਹੋ ਕੇ ਸਿੱਖੀ ਦੀ ਚੜ੍ਹਦੀ ਕਲਾ ਦਾ ਪ੍ਰਦਰਸ਼ਨ ਕਰਨਗੇ।