dsc_1035-copyਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਤੇ ਵਿਰਾਸਤ ਨਾਲ ਜੋੜਨ ‘ਚ ਸਹਾਈ ਸਿੱਧ ਹੋਵੇਗੀ ਪੁਸਤਕ  –ਪ੍ਰੋ: ਕਿਰਪਾਲ ਸਿੰਘ ਬਡੂੰਗਰ

ਅੰਮ੍ਰਿਤਸਰ, 11 ਜਨਵਰੀ 2017- ਪੰਜਾਬੀ ਪੱਤਰਕਾਰੀ ਦੇ ਇਤਿਹਾਸ ‘ਚ ਆਪਣੀਆਂ ਲਿਖਤਾਂ ਰਾਹੀਂ ਨਵਾਂ ਵਡਮੁੱਲਾ ਯੋਗਦਾਨ ਪਾਉਣ ਵਾਲੀ ਸ਼ਖਸੀਅਤ ਸ. ਨਰਪਾਲ ਸਿੰਘ ਸ਼ੇਰਗਿੱਲ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਪੁਸਤਕ ‘ਇੰਡੀਅਨਜ਼ ਅਬਰੌਡ’ ਕੇਵਲ ਇੱਕ ਪੁਸਤਕ ਹੀ ਨਹੀਂ ਬਲਕਿ ਇੱਕ ਇਤਿਹਾਸਕ ਦਸਤਾਵੇਜ਼ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸ. ਨਰਪਾਲ ਸਿੰਘ ਸ਼ੇਰਗਿੱਲ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਪੁਸਤਕ ‘ਇੰਡੀਅਨਜ਼ ਅਬਰੌਡ’ ਨੂੰ ਲੋਕ ਅਰਪਣ ਕਰਨ ਸਬੰਧੀ ਆਯੋਜਿਤ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਇਸ ਇਤਿਹਾਸਕ ਪੁਸਤਕ ਦੇ ਰਾਹੀਂ ਸ. ਨਰਪਾਲ ਸਿੰਘ ਸ਼ੇਰਗਿੱਲ ਨੇ ਆਪਣੀ ਦੂਰਅੰਦੇਸ਼ੀ ਵਾਲੀ ਉੱਤਮ ਸੋਚ ਦਾ ਪ੍ਰਗਟਾਵਾ ਕਰਦਿਆਂ ਹੋਇਆਂ, ਜਿਸ ਢੰਗ ਦੇ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ, ਫਲਸਫੇ ਅਤੇ ਜਨਮ ਅਸਥਾਨ ਦੇ ਨਾਲ-ਨਾਲ ਪ੍ਰਵਾਸੀ ਪੰਜਾਬੀਆਂ ਵੱਲੋਂ ਅੰਤਰਰਾਸ਼ਟਰੀ ਪੱਧਰ ‘ਤੇ ਕੀਤੀਆਂ ਗਈਆਂ ਪ੍ਰਾਪਤੀਆਂ ਅਤੇ ਪ੍ਰਮੁੱਖ ਸਿੱਖ ਸ਼ਖਸੀਅਤਾਂ, ਵਿਦਵਾਨਾਂ ਤੇ ਰਾਜਨੀਤਿਕ ਆਗੂਆਂ ਵੱਲੋਂ ਸਿੱਖੀ ਦੇ ਝੰਡੇ ਨੂੰ ਬੁਲੰਦ ਕਰਨ ਵਾਲੀਆਂ ਕਾਰਗੁਜ਼ਾਰੀਆਂ ਨੂੰ ਖੂਬਸੂਰਤ ਢੰਗ ਨਾਲ ਬਿਆਨ ਕੀਤਾ ਹੈ। ਉਹ ਆਪਣੇ ਆਪ ਵਿਚ ਇਕ ਮਿਸਾਲੀ ਕਾਰਜ ਹੈ। ਇਸ ਮੌਕੇ ‘ਤੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸੰਸਾਰ ਵਿਚ ਪੰਜਾਬੀਆਂ ਦੇ ਰਾਜਦੂਤ ਵਜੋਂ ਆਪਣੀ ਪਹਿਚਾਣ ਕਾਇਮ ਕਰਨ ਵਾਲੇ ਸ. ਨਰਪਾਲ ਸਿੰਘ ਸ਼ੇਰਗਿੱਲ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਆਪਣਾ ਸਤਿਕਾਰ ਭੇਟ ਕਰਦਿਆਂ ਹੋਇਆਂ ਜੋ ਆਪਣੀ ਪੁਸਤਕ ‘ਇੰਡੀਅਨਜ਼ ਅਬਰੌਡ’ ਸੰਗਤਾਂ ਦੀ ਝੋਲੀ ਵਿਚ ਪਾਈ ਹੈ, ਇਹ ਇਕ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਨੇ ਸ. ਨਰਪਾਲ ਸਿੰਘ ਸ਼ੇਰਗਿੱਲ ਨੂੰ ਆਪਣੀ ਦਿਲੀ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਪੁਸਤਕ ਰਾਹੀਂ ਜਿਸ ਕਦਰ ਉਨ੍ਹਾਂ ਨੇ ਸਿੱਖ ਧਰਮ ਦਾ ਕੌਮਾਂਤਰੀ ਵਿਕਾਸ, ਵਿਦੇਸ਼ਾਂ ਵਿਚ ਗੁਰਦੁਆਰਾ ਪ੍ਰਬੰਧ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਕਾਰਜਾਂ ਸਮੇਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਤਕ ਪੱਖਾਂ, ਪਹਿਲੀ ਅਤੇ ਦੂਜੀ ਵਿਸ਼ਵ ਜੰਗ ਵਿਚ ਸਿੱਖਾਂ ਦੀ ਭੂਮਿਕਾ, ਉਨ੍ਹਾਂ ਦੀਆਂ ਕੁਰਬਾਨੀਆਂ, ਸੰਸਾਰ ਦੇ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਕੌਮ ਵੱਲੋਂ ਸਥਾਪਤ ਕੀਤੇ ਗਏ ਗੁਰਦੁਆਰਾ ਸਾਹਿਬਾਨ ਦਾ ਵੇਰਵਾ, ਦੇ ਨਾਲ-ਨਾਲ ਆਪੋ-ਆਪਣੇ ਖੇਤਰਾਂ ਦੇ ਮਾਹਿਰ ਲੇਖਕ ਵਿਦਵਾਨਾਂ ਦੇ ਗਿਆਨ ਭਰਪੂਰ ਲੇਖਾਂ ਨੂੰ ਉਭਾਰਿਆ ਹੈ। ਉਹ ਪ੍ਰਤੱਖ ਰੂਪ ਵਿਚ ਇਤਿਹਾਸਕ ਕਦਮ ਹੈ। ਜੋ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਧਰਮ, ਇਤਿਹਾਸ ਤੇ ਵਿਰਾਸਤ ਨਾਲ ਜੋੜਨ ਵਿਚ ਸਹਾਈ ਸਿੱਧ ਹੋਵੇਗਾ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਜੈਕਾਰਿਆਂ ਦੀ ਗੂੰਜ ਵਿਚ ਸ. ਨਰਪਾਲ ਸਿੰਘ ਸ਼ੇਰਗਿੱਲ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਕਾਸ਼ਿਤ ਕੀਤੀ ਪੁਸਤਕ ‘ਇੰਡੀਅਨਜ਼ ਅਬਰੌਡ’ ਨੂੰ ਸਾਂਝੇ ਰੂਪ ‘ਚ ਲੋਕ ਅਰਪਣ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਬੀਬੀ ਰਣਜੀਤ ਕੌਰ ਮਾਹਿਲਪੁਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਨਰਪਾਲ ਸਿੰਘ ਸ਼ੇਰਗਿੱਲ, ਸ. ਭੁਪਿੰਦਰ ਸਿੰਘ ਹਾਲੈਂਡ, ਸ. ਗੁਰਮੋਹਨ ਸਿੰਘ ਵਾਲੀਆ ਵੀ.ਸੀ. ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।