ਅੰਮ੍ਰਿਤਸਰ 4 ਅਪ੍ਰੈਲ ( ) ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਧਾਰਮਿਕ ਭਾਵਨਾ ਭੜਕਾਉਣ ਹੇਠ ਪਰਚਾ ਦਰਜ ਕਰਕੇ ਦੋਸ਼ੀਆ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ. ਮਨਜੀਤ ਸਿੰਘ ਸਕੱਤਰ ਨੇ ਦੱਸਿਆ ਕਿ ਪਿਛਲੇ ਦਿਨੀਂ ਸੋਸ਼ਲ ਸਾਈਟ (ਫੇਸਬੁੱਕ) ਤੇ ਹਿੰਦੂ ਸਮਾਜ ਪੰਜਾਬ ਨਾਮ ਦੇ ਪੇਜ ‘ਚ ਸ਼ਰਾਰਤੀ ਲੋਕਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਤਸਵੀਰ ਨਾਲ ਛੇੜਛਾੜ ਕਰਕੇ ਸ਼ਿਵਲਿੰਗ ਨਾਲ ਦਿਖਾਇਆ ਹੈ।ਇਸ ਦੇ ਨਾਮ ਹੀ ਪੰਥ ਮਾਤਾ ਸਾਹਿਬ ਕੌਰ, ਬੇਬੇ ਨਾਨਕੀ ਤੇ ਮਾਤਾ ਗੁਜਰ ਕੌਰ ਅਤੇ ਹੋਰ ਕੌਮੀ ਸ਼ਹੀਦਾਂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤੀ ਗਈ ਹੈ ਜਿਸ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਇਸ ਘਿਨਾਉਣੀ ਹਰਕਤ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਸੀ ਤੇ ਨਾਲ ਹੀ ਆਦੇਸ਼ ਦਿੱਤੇ ਸਨ ਕਿ ਇਸ ਖਿਲਾਫ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਸਾਹਿਬ ਦੇ ਆਦੇਸ਼ਾਂ ਮੁਤਾਬਿਕ ਸਬੰਧਤ ਦੋਸ਼ੀਆਂ ਦਾ ਪਤਾ ਲਗਾ ਕੇ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਸ਼ਿਕਾਇਤ ਪੱਤਰ ਲਿਖਿਆ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ ਤੇ ਸਿੱਖ ਗੁਰੂ ਸਾਹਿਬਾਨ ਬਾਰੇ ਭੱਦੀ ਸ਼ਬਦਾਵਲੀ ਜਾਂ ਗੁਰੂ ਸਾਹਿਬ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਦੀ ਕਿਸੇ ਨੂੰ ਵੀ ਹਰਗਿਜ ਇਜਾਜਤ ਨਹੀਂ ਦੇਵੇਗੀ।ਉਨ੍ਹਾਂ ਕਿਹਾ ਕਿ ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਜੇਕਰ ਕੋਈ ਗਲਤ ਹਰਕਤ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਜ਼ਰੂਰੀ ਹੈ।