ਅੰਮ੍ਰਿਤਸਰ 27 ਅਗਸਤ (           ) – ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ‘ਤੇ ਦੂਜਾ ਗੁਰਮਤਿ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ੨੯ ਅਗਸਤ ਦਿਨ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸਾਹਿਬੇ ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦੂਜੇ ਗੁਰਮਤਿ ਸਮਾਗਮ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗਿਆਨੀ ਬਲਦੇਵ ਸਿੰਘ ਲੁਧਿਆਣੇ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।ਸ. ਬੇਦੀ ਨੇ ਕਿਹਾ ਕਿ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਰਾਏ ਸਿੰਘ ਦੇਹਰਾਦੂਨ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਈ ਗੁਰਦਿਤ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬ੍ਹੋ (ਬਠਿੰਡਾ) ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਕਿਹਾ ਕਿ ਭਾਈ ਪੂਰਨ ਸਿੰਘ ਅਰਸ਼ੀ, ਭਾਈ ਸਵਿੰਦਰ ਸਿੰਘ ਭੰਗੂ, ਭਾਈ ਗੁਰਿੰਦਰਪਾਲ ਸਿੰਘ ਬੈਂਕਾ ਤੇ ਭਾਈ ਜੋਗਾ ਸਿੰਘ ਭਾਗੋਵਾਲੀਆ ਦੇ ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਜਾਵੇਗਾ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਦਸਮੇਸ਼ ਪਿਤਾ ਨੂੰ ਸਮਰਪਿਤ ਹੋਣ ਵਾਲੇ ਗੁਰਮਤਿ ਸਮਾਗਮ ਵਿੱਚ ਆਪਣੇ ਪਰਿਵਾਰਾਂ ਸਮੇਤ ਪਹੁੰਚ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।