ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਗਿਆਨੀ ਗੁਰਬਚਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ

-ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ ਦਾ ਸੰਗਤ ਨੇ ਮਾਣਿਆ ਅਨੰਦ

ਅੰਮ੍ਰਿਤਸਰ, 10 ਸਤੰਬਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਸਾ ਦੀ ਵਾਰ ਦੇ ਕੀਰਤਨ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਮੌਕੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ, ਜਦਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਲਿਆ। ਨਗਰ ਕੀਰਤਨ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੀਸ ਉਪਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਜਾ ਕੇ ਪਾਲਕੀ ਸਾਹਿਬ ਵਿਚ ਸਸ਼ੁਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਉਚੇਰੇ ਤੌਰ ’ਤੇ ਮੌਜੂਦ ਸਨ। ਪਰੰਪਰਾ ਅਨੁਸਾਰ ਨਗਰ ਕੀਰਤਨ ਕਰੋੜੀ ਚੌਂਕ ਅਤੇ ਬਾਬਾ ਸਾਹਿਬ ਚੌਂਕ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ।
ਇਸ ਸਮੇਂ ਦੂਰੋਂ-ਨੇੜਿਓਂ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ, ਗੱਤਕਾ ਅਖਾੜਿਆਂ, ਸਭ-ਸੁਸਾਇਟੀਆਂ, ਸਕੂਲੀ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਨੇ ਸ਼ਮੂਲੀਅਤ ਕੀਤੀ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਛਬੀਲਾਂ ਅਤੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੇ ਸਾਰੇ ਰਸਤੇ ਵਿਚ ਵਿਸ਼ੇਸ਼ ਤੌਰ ’ਤੇ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਜਿਥੇ ਪਹਿਲੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ, ਉਥੇ ਹੀ ਇਤਿਹਾਸ ਵਿਚੋਂ ਇਸ ਮਹਾਨ ਨਗਰ ਕੀਰਤਨ ਦੀ ਪਰੰਪਰਾ ਸਬੰਧੀ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ 1604 ਈ: ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ ਅਤੇ ਇਸੇ ਪਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ’ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਦਾ ਅੰਮ੍ਰਿਤਮਈ ਉਪਦੇਸ਼ ਜੀਵਨ ਵਿਚ ਕਮਾਉਣ ਦੀ ਅਪੀਲ ਵੀ ਕੀਤੀ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਆਈ ਰਾਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਦੇਵ ਸਿੰਘ ਚੂੰਘਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਬਚਨ ਸਿੰਘ ਲੇਹਲ, ਸ. ਸਤਿੰਦਰ ਸਿੰਘ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਵਧੀਕ ਮੈਨੇਜਰ ਸ. ਲਖਬੀਰ ਸਿੰਘ, ਸ. ਬਘੇਲ ਸਿੰਘ, ਸ. ਸੁਖਬੀਰ ਸਿੰਘ, ਸ. ਸਤਨਾਮ ਸਿੰਘ, ਸ. ਹਰਪ੍ਰੀਤ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਜਗਤਾਰ ਸਿੰਘ, ਸ. ਗੁਰਾ ਸਿੰਘ, ਸ. ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਅਮਰਬੀਰ ਸਿੰਘ ਢੋਟ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਸੁੰਦਰ ਜਲੌ, ਦੀਪਮਾਲਾ ਤੇ ਫੁੱਲਾਂ ਦੀ ਸਜਾਵਟ

ਇਸ ਦੌਰਾਨ ਗੁਰਪੁਰਬ ਦੇ ਸਬੰਧ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਇਸ ਤੋਂ ਇਲਾਵਾ ਸੁੰਦਰ ਦੀਪਮਾਲਾ ਅਤੇ ਰੰਗ-ਬਿਰੰਗੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਵੀ ਕੀਤੀ ਗਈ, ਜਿਸ ਦਾ ਸੰਗਤ ਨੇ ਭਰਪੂਰ ਅਨੰਦ ਮਾਣਿਆ।