ਗਿਆਨੀ ਜਗਤਾਰ ਸਿੰਘ, ਗਿਆਨੀ ਗੁਰਬਚਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਅੰਮ੍ਰਿਤਸਰ, ੧੧ ਸਤੰਬਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਲੰਘੀ ਰਾਤ ਨੂੰ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਇ ਸਿੰਘ, ਭਾਈ ਸੰਦੀਪ ਸਿੰਘ, ਭਾਈ ਕਰਨੈਲ ਸਿੰਘ, ਭਾਈ ਰਵਿੰਦਰ ਸਿੰਘ ਤੋਂ ਇਲਾਵਾ ਡਾ. ਗੁਰਵਿੰਦਰ ਸਿੰਘ ਬਟਾਲਾ ਤੇ ਬੀਬੀ ਪ੍ਰਭਜੋਤ ਕੌਰ ਦੇ ਜਥਿਆਂ ਦੇ ਗੁਰਬਾਣੀ ਕੀਰਤਨ ਦੁਆਰਾ ਹਾਜ਼ਰੀ ਭਰੀ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਮਲਕੀਤ ਸਿੰਘ ਵੀ ਮੌਜੂਦ ਸਨ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦੀ ਵਧਾਈ ਦਿੱਤੀ ਅਤੇ ਪੰਚਮ ਪਾਤਸ਼ਾਹ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿਚ ਕਮਾਉਣ ਲਈ ਗੁਰਬਾਣੀ ਨੂੰ ਦੀ ਵਿਚਾਰ ਜਰੂਰੀ ਹੈ। ਉਨ੍ਹਾਂ ਸੰਗਤ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਗੁਰਬਾਣੀ ਦੇ ਸਿਧਾਂਤਾਂ ਦੀ ਵਿਆਖਿਆ ਕਰਦਿਆਂ ਗੁਰਮਤਿ ਜੁਗਤ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਗੁਰਮਤਿ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਲਖਵਿੰਦਰ ਸਿੰਘ ਬੱਦੋਵਾਲ, ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ, ਮੀਤ ਮੈਨੇਜਰ ਸ. ਜਸਪਾਲ ਸਿੰਘ ਤੇ ਸ. ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਸਮਾਗਮ ਦੌਰਾਨ ਸਟੇਜ ਦੀ ਸੇਵਾ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਭਾਈ ਸੁਰਜੀਤ ਸਿੰਘ ਸਭਰਾ ਨੇ ਨਿਭਾਈ।