ਅੰਮ੍ਰਿਤਸਰ, 19 ਜੁਲਾਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ ਅਤੇ ਇਸ ਸਬੰਧ ਵਿਚ ਅੱਜ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਮੈਂਬਰਾਂ ਵੱਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਸਭਾ-ਸੁਸਾਇਟੀਆਂ ਦੇ ਪ੍ਰਮੁੱਖ ਆਗੂ ਹਾਜ਼ਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਸੁਸਾਇਟੀਆਂ ਦੇ ਆਗੂਆਂ ਨੇ ਜਿਥੇ ਇਸ ਇਤਿਹਾਸਕ ਪੁਰਬਾਂ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸੁਝਾਅ ਦਿੱਤੇ, ਉਥੇ ਹੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। 
ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 10 ਸਤੰਬਰ ਨੂੰ ਅਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 26 ਅਕਤੂਬਰ ਨੂੰ ਮਨਾਇਆ ਜਾਣਾ ਹੈ ਅਤੇ ਇਨ੍ਹਾਂ ਇਤਿਹਾਸਕ ਪੁਰਬਾਂ ਮੌਕੇ ਹਰ ਸਾਲ ਕਰੀਬ ਇਕ ਮਹੀਨਾ ਪਹਿਲਾਂ ਸ਼ਹਿਰ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਆਰੰਭ ਦਿੱਤੇ ਜਾਂਦੇ ਹਨ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਮਹਾਨ ਪੁਰਬਾਂ ਲਈ ਤਿਆਰੀਆਂ ਤਹਿਤ ਅੱਜ ਦੀ ਮੀਟਿੰਗ ਵਿਚ ਵਿਚਾਰ-ਵਿਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੀ ਡਿਓੜੀ ਸਮੇਤ ਹੋਰ ਚੱਲ ਰਹੇ ਕਾਰਜ ਮੁਕੰਮਲ ਕਰਵਾਏ ਜਾਣਗੇ, ਉਥੇ ਹੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੰਗਤਾਂ ਲਈ ਲੋੜੀਂਦੀ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ ਉਚੇਚੇ ਤੌਰ ’ਤੇ ਹਾਜ਼ਰੀ ਭਰਨਗੇ।
ਉਨ੍ਹਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਦੱਸਿਆ ਕਿ ਗੁਰਪੁਰਬ ਤੋਂ ਪਹਿਲੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ‘ਰਾਗ ਦਰਬਾਰ’ ਕਰਵਾਉਣ ਦੀ ਰਵਾਇਤ ਹੈ, ਜਦਕਿ ਇਸ ਵਾਰ ‘ਰਾਗ ਦਰਬਾਰ’ ਤੋਂ ਇਕ ਰਾਤ ਪਹਿਲਾਂ ਚੌਥੇ ਪਾਤਸ਼ਾਹ ਜੀ ਦੀ ਬਾਣੀ ਅਨੁਸਾਰ ਪੁਰਾਤਨ ਪੜਤਾਲ ਗਾਇਨ ਨਾਲ ਸਬੰਧਤ ਕੀਰਤਨ ਸਮਾਗਮ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨੌਜੁਆਨਾਂ ਲਈ ਇਕ ਵਿਸ਼ੇਸ਼ ਸੈਮੀਨਾਰ ਅਤੇ ਸਕੂਲੀ ਬੱਚਿਆਂ ਲਈ ਵੀ ਚਾਰ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਪਿਛਲੇ ਸਾਲ ਦੀ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ, ਦੀਪਮਾਲਾ ਕਰਨ ਤੋਂ ਇਲਾਵਾ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਕਰਨ ਲਈ ਦੁਕਾਨਦਾਰਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਅੰਤਰਰਾਸ਼ਟਰੀ ਏਅਰਪੋਰਟ, ਬੱਸ ਅੱਡਾ, ਰੇਲਵੇ ਸਟੇਸ਼ਨ, ਅਟਾਰੀ ਸਰਹੱਦ ਸਮੇਤ ਬਹੁਤ ਸਾਰੀਆਂ ਵੱਡ-ਅਕਾਰੀ ਇਮਾਰਤਾਂ ’ਤੇ ਦੀਪਮਾਲਾ ਕੀਤੀ ਗਈ ਸੀ, ਜਦਕਿ ਇਸ ਵਾਰ ਸਮੁੱਚੇ ਸ਼ਹਿਰ ਨੂੰ ਰੁਸ਼ਨਾਉਣ ਲਈ ਯਤਨ ਕੀਤੇ ਜਾਣਗੇ ਅਤੇ ਇਸ ਲਈ ਸਮੂਹ ਸੰਗਤਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੀਰਤਨ ਦਾ ਰੂਟ ਨੂੰ ਪਹਿਲਾਂ ਨਾਲੋਂ ਵਧਾਉਂਦਿਆਂ ਪੁਰਾਤਨ ਸ਼ਹਿਰ ਦੀ ਚਾਰ-ਦਿਵਾਰੀ ਤੱਕ ਲਿਜਾਣ ਲਈ ਵੀ ਵਿਚਾਰ ਕੀਤੀ ਜਾਵੇਗੀ ਅਤੇ ਇਸ ਸਬੰਧੀ ਅੰਤਮ ਨਿਰਣਾ ਸਿੰਘ ਸਾਹਿਬਾਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਜਾਵੇਗਾ। ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦਾ ਇਹ ਵੀ ਯਤਨ ਹੋਵੇਗਾ ਕਿ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸੱਦਾ-ਪੱਤਰ ਭੇਜੇ ਜਾਣ, ਤਾਂ ਜੋ ਉਹ ਵੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਅਨੰਦ ਮਾਣ ਸਕਣ।
ਇਸ ਮੌਕੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਜਗਜੀਤ ਸਿੰਘ ਜੱਗੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਸਵਿੰਦਰ ਸਿੰਘ ਦੀਨਪੁਰ ਮੈਨੇਜਰ, ਸ. ਸੁਲੱਖਣ ਸਿੰਘ ਭੰਗਾਲੀ, ਸ. ਮੁਖਤਾਰ ਸਿੰਘ, ਸ. ਹਰਪ੍ਰੀਤ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਸ. ਸੁਰਿੰਦਰ ਸਿੰਘ ਰੁਮਾਲਿਆਂਵਾਲੇ, ਭਾਈ ਕਿਸ਼ਨ ਸਿੰਘ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਭਾਈ ਚਰਨਜੀਤ ਸਿੰਘ, ਭਾਈ ਅਵਤਾਰ ਸਿੰਘ ਘੁੱੱਲਾ, ਭਾਈ ਹਰਦੇਵ ਸਿੰਘ, ਭਾਈ ਗੁਰਦੀਪ ਸਿੰਘ ਸਲੂਜਾ, ਭਾਈ ਭੁਪਿੰਦਰ ਸਿੰਘ, ਸ. ਕੁਲਦੀਪ ਸਿੰਘ ਪੰਡੋਰੀ, ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਰਾਜਿੰਦਰ ਕੌਰ, ਬੀਬੀ ਅਮਰਜੀਤ ਕੌਰ, ਸ. ਸਰਬਜੀਤ ਸਿੰਘ, ਸ. ਪ੍ਰੀਤਮ ਸਿੰਘ ਭਾਟੀਆ ਆਦਿ ਮੌਜੂਦ ਸਨ।