ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਡੀ.ਸੀ. ਅਤੇ ਪੁਲਿਸ ਕਮਿਸ਼ਨਰ ਨੇ ਪ੍ਰਬੰਧਾਂ ਬਾਰੇ ਕੀਤੀ ਬੈਠਕ

ਅੰਮ੍ਰਿਤਸਰ, 11 ਅਗਸਤ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਨਾਨਕਸ਼ਾਹੀ ਕੈਲੰਡਰ ਅਨੁਸਾਰ ਪ੍ਰਕਾਸ਼ ਦਿਹਾੜਾ 19 ਅਗਸਤ ਨੂੰ ਆ ਰਿਹਾ ਹੈ, ਪਰੰਤੂ ਕੋਰੋਨਾ ਕਾਰਨ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਅੰਮ੍ਰਿਤਸਰ ਦੇ ਡੀ. ਸੀ. ਅਤੇ ਪੁਲਿਸ ਕਮਿਸ਼ਨਰ ਨਾਲ ਇਕੱਤਰਤਾ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਹ ਰਵਾਇਤ ਗੁਰੂ ਕਾਲ ਤੋਂ ਹੀ ਚਲਦੀ ਆ ਰਹੀ ਹੈ। ਪਰੰਤੂ ਕੋਰੋਨਾ ਕਾਰਨ ਇਸ ਵਾਰ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਕੇਵਲ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੇ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਡੀ. ਸੀ. ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨਾਲ ਬੈਠਕ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਪ੍ਰਸ਼ਾਸਨ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ। ਨਗਰ ਕੀਰਤਨ ਦਾ ਸਿੱਧਾ ਪ੍ਰਸਾਰਨ ਵੀ ਕੀਤਾ ਜਾਵੇਗਾ, ਤਾਂ ਜੋ ਸੰਗਤਾਂ ਘਰ ਬੈਠਿਆਂ ਅਨੰਦ ਮਾਣ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ ਅਤੇ ਦੀਪਮਾਲਾ ਵੀ ਹੋਵੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਡਿਪਟੀ ਕਮਿਸ਼ਨਰ ਨੇ ਸਾਂਝੇ ਰੂਪ ਵਿਚ ਸੰਗਤ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਹਾਲਤਾਂ ਨੂੰ ਵੇਖਦਿਆਂ ਘਰਾਂ ਵਿਚ ਰਹਿ ਕੇ ਹੀ ਸਿੱਧੇ ਪ੍ਰਸਾਰਣ ਰਾਹੀਂ ਨਗਰ ਕੀਰਤਨ ਅਤੇ ਗੁਰਬਾਣੀ ਕੀਰਤਨ ਨਾਲ ਜੁੜਨ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਡੀ.ਸੀ. ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਤੇਜ ਸਿੰਘ ਢੱਡੇ, ਸ. ਸੁਖਵਰਸ਼ ਸਿੰਘ ਪੰਨੂ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।