ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਸ਼ੁੱਕਰਵਾਰ, ੨੬ ਹਾੜ (ਸੰਮਤ ੫੫੮ ਨਾਨਕਸ਼ਾਹੀ) ੧੦ ਜੁਲਾਈ, ੨੦੨੬ (ਅੰਗ: ੬੮੦)

ਅੰਮ੍ਰਿਤਸਰ, 26 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬ੍ਰਹਮਬਾਲਾ ਸਾਹਿਬ ਸਿੱਖ ਛਾਉਣੀ ਹੈਦਰਾਬਾਦ ਤੋਂ ਵਿਜੈਵਾੜਾ ਆਂਧਰਾ ਪ੍ਰਦੇਸ਼ ਲਈ ਰਵਾਨਾ ਹੋਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦਾ ਇਤਿਹਾਸ ਗੌਰਵਮਈ ਹੈ। ਗੁਰੂ ਸਾਹਿਬ ਨੇ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਕੌਮ ਅੰਦਰ ਜ਼ੁਲਮ ਵਿਰੁੱਧ ਖੜ੍ਹੇ ਰਹਿਣ ਦਾ ਜਜ਼ਬਾ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਨੂੰ ਕਰੀਬ 1 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਅਤੇ ਨਗਰ ਕੀਰਤਨ ਦੌਰਾਨ ਸੰਗਤਾਂ ਵੱਡੇ ਉਤਸ਼ਾਹ ਨਾਲ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦਿੱਤੇ। ਨਗਰ ਕੀਰਤਨ ਦੌਰਾਨ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਵੱਡੀ ਸ਼ਰਧਾ ਪ੍ਰਗਟਾਈ ਗਈ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਸ. ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਇੰਚਾਰਜ ਸ. ਗੁਰਮੇਜ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਹਰਵਿੰਦਰ ਸਿੰਘ ਵੇਰਕਾ, ਸ. ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਸੰਤ ਸਿੰਘ ਚਟਿਆਲ, ਸ. ਅਰਜਨ ਸਿੰਘ, ਸ. ਗੁਰਚਰਨ ਸਿੰਘ ਬੱਗਾ, ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।