ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਸ਼ਨਿਚਰਵਾਰ, ੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੯ ਅਪ੍ਰੈਲ, ੨੦੨੫ (ਅੰਗ: ੫੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਤੇ ਨਗਾਰਿਆਂ ਦੀ ਗੂੰਜ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 7 ਨਵੰਬਰ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਜਸ ਉਚਾਰਨ ਕਰਦੇ ਹੋਏ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਨੇ ਵੱਖ-ਵੱਖ ਪਕਵਾਨਾਂ ਦੇ ਲੰਗਰਾਂ ਰਾਹੀਂ ਸੇਵਾ ਕੀਤੀ। ਇਸ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। 
ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਗੁਰਦਿਆਲ ਸਿੰਘ, ਸ. ਲਖਬੀਰ ਸਿੰਘ, ਸ. ਪਰਮਜੀਤ ਸਿੰਘ ਹਰਿਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਇੰਚਾਰਜ ਸ. ਸ਼ਾਹਬਾਜ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਜਸਪਾਲ ਸਿੰਘ, ਏਡੀਸੀਪੀ ਸ. ਪ੍ਰਮਿੰਦਰ ਸਿੰਘ ਭੰਡਾਲ, ਐਸਪੀਡੀ ਸ. ਹਰਜੀਤ ਸਿੰਘ ਸਮੇਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਐਡਵੋਕੇਟ ਧਾਮੀ ਨੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਕਾਸ਼ ਪੁਰਬ ਸਮੇਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ। ਗੁਰੂ ਸਾਹਿਬ ਨੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੰਗਤ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰਬਾਣੀ ਉਪਦੇਸ਼ ਮਨੁੱਖ ਨੂੰ ਸਾਂਵੀਂ-ਸੁਖਾਵੀਂ ਜ਼ਿੰਦਗੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਭ ਦਾ ਫ਼ਰਜ਼ ਹੈ ਕਿ ਗੁਰਬਾਣੀ ’ਤੇ ਅਮਲ ਕਰਕੇ ਆਪਣਾ ਜੀਵਨ ਬਤੀਤ ਕਰੀਏ।