ਸ਼ਬਦ ਗੁਰੂ ਯਾਤਰਾ ਗੁਰਦੁਆਰਾ ਗੁਰੂ ਕੀ ਢਾਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 31 ਜਨਵਰੀ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗੁਰੂ ਕੀ ਢਾਬ ਤੋਂ ਅਗਲੇ ਪੜਾਅ ਗੁਰਦੁਆਰਾ ਮਾਤਾ ਦਿਆ ਕੌਰ ਸੰਧਵਾਂ ਮੁਕਤਸਰ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਹਾਇਕ ਗ੍ਰੰਥੀ ਭਾਈ ਕੁਲਬੀਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਦੇ ਰਸੀਵਰ ਸ. ਲਖਵਿੰਦਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਖਦੇਵ ਸਿੰਘ ਬਾਠ, ਸ. ਨਾਜਰ ਸਿੰਘ ਸਰਾਵਾਂ ਸਾਬਕਾ ਮੈਂਬਰ, ਸ. ਸੂਬਾ ਸਿੰਘ ਬਾਦਲ ਹਲਕਾ ਇੰਚਾਰਜ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ, ਸ. ਨਿਸ਼ਾਨ ਸਿੰਘ ਮੀਤ ਸਕੱਤਰ, ਮੈਨੇਜਰ ਸ. ਨਾਇਬ ਸਿੰਘ, ਸ. ਦੀਵਾਨ ਸਿੰਘ ਗੁ: ਇੰਸਪੈਕਟਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।