ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗਸਿੰਘਾਂ ਕੋਟਕਪੂਰਾ ਤੋਂ ਸ਼ਬਦ ਗੁਰੂ ਯਾਤਰਾ ਅਗਲੇ ਪੜਾਅ ਲਈ ਰਵਾਨਾ
ਸ਼੍ਰੋਮਣੀ ਕਮੇਟੀ ਵੱਲੋਂ ਸ਼ਬਦ ਗੁਰੂ ਯਾਤਰਾ ਰਾਹੀਂ ਪਹਿਲੇ ਪਾਤਸ਼ਾਹ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ ਸ਼ਲਾਘਾਯੋਗ- ਜਥੇਦਾਰ ਸ਼ੇਰ ਸਿੰਘ

ਅੰਮ੍ਰਿਤਸਰ, ੧ ਫ਼ਰਵਰੀ– ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗਸਿੰਘਾਂ ਕੋਟਕਪੂਰਾ ਤੋਂ ਅਗਲੇ ਪੜਾਅ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਨੇ ਅਰੰਭਤਾ ਦੀ ਅਰਦਾਸ ਕੀਤੀ ਤੇ ਹੁਕਮਨਾਮਾ ਲਿਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡਵਾਲਾ, ਸ. ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਭਾਈ ਮਨਦੀਪ ਸਿੰਘ ਅਨਮੋਲ ਦੇ ਜਥੇ ਨੇ ਸੰਗਤ ਨੂੰ ਢਾਡੀ ਵਾਰਾਂ ਸੁਣਾਈਆਂ।
ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਸ਼ਬਦ ਗੁਰੂ ਯਾਤਰਾ ਰਾਹੀਂ ਪੰਜਾਬ ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਸ. ਅਮਰ ਸਿੰਘ, ਗੁ: ਇੰਸਪੈਕਟਰ ਸ. ਰਣਜੀਤ ਸਿੰਘ ਭੋਮਾ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਦੇ ਮੈਨੇਜਰ ਸ. ਬਲਦੇਵ ਸਿੰਘ, ਸ. ਜਗਜੀਤ ਸਿੰਘ ਮੁੱਖ ਪ੍ਰਬੰਧਕ, ਪ੍ਰਚਾਰਕ ਭਾਈ ਰਵਿੰਦਰ ਸਿੰਘ ਤੇ ਭਾਈ ਖੁਸ਼ਕਰਨ ਸਿੰਘ ਭਾਣਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।