ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾਣਗੇ ਹਰ ਜ਼ਿਲ੍ਹੇ ਵਿਚ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, ੨ ਜਨਵਰੀ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੧੩ ਜਨਵਰੀ ਤੋਂ ੧੩ ਅਪ੍ਰੈਲ ੨੦੧੯ ਤੱਕ ਪੰਜਾਬ ਅੰਦਰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਸਬ-ਕਮੇਟੀ ਦੀ ਇਕੱਤਰਤਾ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ ਦੀ ਅਗਵਾਈ ਵਿਚ ਹੋਈ। ਇਕੱਤਰਤਾ ਦੌਰਾਨ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਕੇ ਪ੍ਰਵਾਨਗੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਇਕ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਉਣ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਲੜੀ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਸਬੰਧਤ ਪਾਵਨ ਅਸਥਾਨਾਂ ਤੋਂ ਇਲਾਵਾ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਅੰਦਰ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਸਿੱਖ ਕੌਮ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ/ਕਥਾਵਾਚਕ ਹਾਜ਼ਰੀ ਭਰਨਗੇ। ਇਸ ਤੋਂ ਇਲਾਵਾ ਹਰੇਕ ਸਮਾਗਮ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਵੀ ਕਰਵਾਏ ਜਾਣਗੇ। ਡਾ. ਰੂਪ ਸਿੰਘ ਅਨੁਸਾਰ ਹੋਣ ਵਾਲੇ ਸਮਾਗਮਾਂ ਦਾ ਸਮਾਂ ਸਵੇਰੇ ੧੧:੦੦ ਵਜੇ ਤੋਂ ਦੁਪਹਿਰ ੩:੦੦ ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਰਮਤਿ ਸਮਾਗਮਾਂ ਦਾ ਮੰਤਵ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਸੰਗਤਾਂ ਵਿਚ ਪ੍ਰਚਾਰਨਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਤਿਆਰੀ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਜਥਿਆਂ ਦੀ ਡਿਊਟੀ ਲਗਾਈ ਗਈ ਹੈ, ਜੋ ਸੰਗਤਾਂ ਨਾਲ ਰਾਬਤਾ ਬਣਾਉਣਗੇ। ਇਕੱਤਰਤਾ ਵਿਚ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਸੱਜਣ ਸਿੰਘ ਬੱਜੂਮਾਨ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਅਜਮੇਰ ਸਿੰਘ ਖੇੜਾ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸਪ੍ਰਿੰਟੈਂਡੈਂਟ, ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ, ਸ. ਟੇਕ ਸਿੰਘ ਤੇ ਸ. ਭੁਪਿੰਦਰ ਸਿੰਘ ਆਦਿ ਮੌਜੂਦ ਸਨ।