-ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ਬਦ ਗੁਰੂ ਯਾਤਰਾ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ

-੫੫੦ ਸਾਲਾ ਪ੍ਰਕਾਸ਼ ਗੁਰਪੁਰਬ ਸਿੱਖੀ ਪ੍ਰਚਾਰ ਲਈ ਇਕ ਸੁਨਹਿਰੀ ਮੌਕਾ-ਗਿਆਨੀ ਹਰਪ੍ਰੀਤ ਸਿੰਘ

-ਸ਼ਬਦ ਗੁਰੂ ਯਾਤਰਾ ਦਾ ਮੰਤਵ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਘਰ ਘਰ ਤੱਕ ਪਹੁੰਚਾਉਣਾ-ਭਾਈ ਲੌਂਗੋਵਾਲ

ਸੁਲਤਾਨਪੁਰ ਲੋਧੀ, 7 ਜਨਵਰੀ-
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਵਿਚ ਮਨਾਏ ਜਾ ਰਹੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ‘ਸ਼ਬਦ ਗੁਰੂ ਯਾਤਰਾ’ ਦੀ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭਤਾ ਹੋਈ। ਇਹ ਸ਼ਬਦ ਗੁਰੂ ਯਾਤਰਾ ਪੂਰੇ ਪੰਜਾਬ ਅੰਦਰ ਵੱਖ-ਵੱਖ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਰਾਹੀਂ ਹੁੰਦੀ ਹੋਈ ਅਪ੍ਰੈਲ ਮਹੀਨੇ ਵਿਚ ਵਾਪਸ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੀ ਸੰਪੂਰਣ ਹੋਵੇਗੀ। ਸ਼ਬਦ ਗੁਰੂ ਯਾਤਰਾ ਅੱਜ ਪਹਿਲੇ ਪੜਾਅ ਤਹਿਤ ਇਥੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਲਈ ਰਵਾਨਾ ਹੋਈ, ਜਿਸ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੇ ਲਿਆ। ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਦਲ ਬਾਬਾ ਬਿੰਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਲੱਖਾ ਸਿੰਘ, ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਵਿਧਾਇਕ ਸ. ਗੁਰਪ੍ਰਤਾਪ ਸਿੰਘ ਵਡਾਲਾ ਤੇ ਸ. ਨਵਤੇਜ ਸਿੰਘ ਸਮੇਤ ਵੱਖ-ਵੱਖ ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਇਸ ਦੌਰਾਨ ਬੈਡ ਪਾਰਟੀਆਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ‘ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਖੂਬਸੂਰਤ ਢੰਗ ਨਾਲ ਬਾਹਰ ਤੱਕ ਸਜਾਇਆ ਗਿਆ ਸੀ ਅਤੇ ਨਗਰ ਕੀਰਤਨ ਦੇ ਰਸਤੇ ਵਿਚ ਵੀ ਥਾਂ-ਥਾਂ ‘ਤੇ ਸਵਾਗਤੀ ਗੇਟ ਬਣਾਏ ਗਏ ਸਨ। ਸ਼ਬਦ ਗੁਰੂ ਯਾਤਰਾ ਨਾਲ ਗੁਰੂ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਬਸਤਰਾਂ ਵਾਲੀ ਬੱਸ ਵੀ ਸ਼ਾਮਲ ਸੀ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ।
ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਦੀ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਬਾਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਸਿੱਖੀ ਪ੍ਰਚਾਰ ਲਈ ਇਕ ਸੁਨਹਿਰੀ ਮੌਕਾ ਹੈ ਅਤੇ ਹਰ ਗੁਰੂ ਨਾਨਕ ਨਾਮ ਲੇਵਾ ਦਾ ਫਰਜ਼ ਬਣਦਾ ਹੈ ਕਿ ਇਸ ਨੂੰ ਸਮਰਪਿਤ ਹੋ ਕੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਂ ਦੇ ਪ੍ਰਚਾਰ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸਿੱਖਿਆ ਵਿਸ਼ਵ-ਵਿਆਪੀ ਅਤੇ ਸਰਬਕਾਲੀ ਹੈ, ਇਹ ਹਰ ਵਰਗ ਅਤੇ ਹਰ ਖਿੱਤੇ ਲਈ ਹੈ। ਸਿੰਘ ਸਾਹਿਬ ਨੇ ਕਿਹਾ ਕਿ ਅੱਜ ਦੇ ਪਦਾਰਥਵਾਦੀ ਯੁੱਗ ਵਿਚ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਅਤੇ ਉਨ੍ਹਾਂ ‘ਤੇ ਅਮਲ ਕਰਨ ਦੀ ਹੋਰ ਵੀ ਵਧੇਰੇ ਲੋੜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰੂ ਸਾਹਿਬ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਾਰਾ ਸਾਲ ਸਮਾਗਮ ਚਲਾਏ ਜਾਣੇ ਹਨ ਅਤੇ ਇਸੇ ਤਹਿਤ ਹੀ ਇਹ ਸ਼ਬਦ ਗੁਰੂ ਯਾਤਰਾ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸੰਗਤ ਨੂੰ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਨਗਰ ਕੀਰਤਨ ਦਾ ਹਿੱਸਾ ਬਣਨ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਇਸ ਸ਼ਬਦ ਗੁਰੂ ਯਾਤਰਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਜ਼ਿਲ੍ਹਾ ਪੱਧਰ ‘ਤੇ ਗੁਰਮਤਿ ਸਮਾਗਮ ਵੀ ਉਲੀਕੇ ਗਏ ਹਨ, ਜਿਨ੍ਹਾਂ ਦੀ ਆਰੰਭਤਾ ਵੀ ਇਸੇ ਮਹੀਨੇ ਤੋਂ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਗਏ ਇਸ ਉਪਰਾਲੇ ਦੀ ਭਰਵੀਂ ਪ੍ਰਸੰਸਾ ਕੀਤੀ ਅਤੇ ਇਸ ਕਾਰਜ ਵਿਚ ਸਮੂਹ ਜਥੇਬੰਦੀਆਂ ਨੂੰ ਵੱਧ-ਚੜ੍ਹ ਕੇ ਹਿੱਸਾ ਪਾਉਣ ਦੀ ਅਪੀਲ ਵੀ ਕੀਤੀ। ਇਸ ਤੋਂ ਪਹਿਲਾਂ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਜਰਨੈਲ ਸਿੰਘ ਕੁਹਾੜਕਾ ਦੇ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਇਸ ਮੌਕੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ, ਬਾਬਾ ਸੁਬੇਗ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਚਰਨ ਸਿੰਘ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਨਾਗਰ ਸਿੰਘ, ਬਾਬਾ ਬਲਬੀਰ ਸਿੰਘ ੯੬ਵੇਂ ਕਰੋੜੀ ਵੱਲੋਂ ਬਾਬਾ ਰਣਯੋਧ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਰਣਜੀਤ ਸਿੰਘ ਕਾਹਲੋਂ, ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਰਤਨ ਸਿੰਘ ਜੱਫਰਵਾਲ, ਸ. ਸੁਖਵਰਸ਼ ਸਿੰਘ ਪੰਨੂੰ, ਸ. ਗੁਰਮੀਤ ਸਿੰਘ ਬੂਹ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸਰਵਨ ਸਿੰਘ ਕੁਲਾਰ, ਸ. ਪਰਮਜੀਤ ਸਿੰਘ ਰਾਏਪੁਰ, ਸ. ਬਲਦੇਵ ਸਿੰਘ ਕਲਿਆਣ, ਸ. ਸਤਵਿੰਦਰ ਸਿੰਘ ਟੌਹੜਾ, ਸ. ਰਵਿੰਦਰ ਸਿੰਘ ਚੱਕ, ਸ. ਨੈਬ ਸਿੰਘ ਕੁਹਾੜ, ਇੰਜ: ਸਵਰਨ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਨਿਸ਼ਾਨ ਸਿੰਘ, ਮੈਨੇਜਰ ਸ. ਜਰਨੈਲ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਅਤੇ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਸੀ।