ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਿੰਘ ਸਭਾ ਫ਼ਾਜ਼ਿਲਕਾ ਤੋਂ ਅਗਲੇ ਪੜਾਅ ਲਈ ਰਵਾਨਾ

ਫ਼ਾਜ਼ਿਲਕਾ, 5 ਫ਼ਰਵਰੀ-
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਿੰਘ ਸਭਾ ਫ਼ਾਜ਼ਿਲਕਾ ਤੋਂ ਅਗਲੇ ਪੜਾਅ ਗੁਰਦੁਆਰਾ ਟਿੱਬਾ ਸਾਹਿਬ ਬੱਲੂਆਣਾ ਅਬੋਹਰ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰੀਤਮ ਸਿੰਘ ਨੇ ਅਰੰਭਤਾ ਦੀ ਅਰਦਾਸ ਅਤੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰੀਤਮ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ, ਜਥੇਦਾਰ ਕੋਰ ਸਿੰਘ ਬਹਾਵਵਾਲਾ ਤੇ ਬੀਬੀ ਪ੍ਰਮਿੰਦਰ ਕੌਰ ਦਾਨੇਵਾਲੀਆਂ, ਸਾਬਕਾ ਵਿਧਾਇਕ ਸ. ਪ੍ਰਕਾਸ਼ ਸਿੰਘ ਭੱਟੀ ਆਦਿ ਮੌਜੂਦ ਸਨ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਸ਼ਬਦ ਗੁਰੂ ਯਾਤਰਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜਸਵਿੰਦਰਪਾਲ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਵੱਲੋਂ ਦਿੱਤੇ ਆਦੇਸ਼ ਅਨੁਸਾਰ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਅਨੁਸਾਰ ਜੀਵਨ ਜਿਊਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਅਤੇ ਸੰਗਤ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਪ੍ਰੇਰਣਾ ਕੀਤੀ। 
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਪ੍ਰਚਾਰਕ ਬੀਬੀ ਬਲਜੀਤ ਕੌਰ, ਜਥੇਦਾਰ ਗੁਰਲਾਲ ਸਿੰਘ ਦਾਨੇਵਾਲੀਆਂ, ਸ. ਦੀਪਇੰਦਰ ਸਿੰਘ ਇੰਚਾਰਜ 85 ਤੇ ਸ. ਜਸਬੀਰ ਸਿੰਘ, ਸ. ਮੁਕੰਦ ਸਿੰਘ ਗੁਰਦੁਆਰਾ ਇੰਸਪੈਕਟਰ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸ. ਦਵਿੰਦਰਪਾਲ ਸਿੰਘ, ਸ. ਜਸਬੀਰ ਸਿੰਘ, ਸ. ਨਿਰੰਜਣ ਸਿੰਘ ਸੁਪਰਵਾਈਜ਼ਰ, ਬੀਬੀ ਰਾਜਦੀਪ ਕੌਰ ਇਸਤਰੀ ਅਕਾਲੀ ਦਲ ਸੀਨੀਅਰ ਕੌਮੀ ਮੀਤ ਪ੍ਰਧਾਨ, ਸ. ਗੁਰਕੀਰਤਨ ਸਿੰਘ ਲੱਖੋਵਾਲ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸ. ਗੁਰਜੀਤ ਸਿੰਘ ਮਿੱਟੂ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।