੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੰਗਲੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ

ਅੰਮ੍ਰਿਤਸਰ 10 ਜੁਲਾਈ- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਮਾਰਗ-ਦਰਸ਼ਨ ਹੈ, ਜਿਸ ‘ਤੇ ਚੱਲ ਕੇ ਅਸੀਂ ਆਪਣਾ ਜੀਵਨ ਬਿਹਤਰ ਬਣਾ ਸਕਦੇ ਹਾਂ। ਇਹ ਪ੍ਰਗਟਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੰਗਲੌਰ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਗੁਰਮਤਿ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਬੰਗਲੌਰ ਅਤੇ ਉਥੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਦੋ ਦਿਨਾਂ ਸਮਾਗਮ ਦੀ ਸਮਾਪਤੀ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਅਮਲੀ ਜੀਵਨ ਵਿਚ ਅਪਨਾਉਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਆਖਿਆ ਕਿ ਇਹ ਬੇਹੱਦ ਖ਼ਾਸ ਮੌਕਾ ਹੈ ਜਦੋਂ ਅਸੀਂ ਗੁਰੂ ਸਾਹਿਬ ਜੀ ਨੂੰ ਸਮਰਪਿਤ ਹੁੰਦਿਆਂ ਉਨ੍ਹਾਂ ਦੇ ਫਲਸਫੇ ਅਨੁਸਾਰ ਚੱਲ ਕੇ ਆਪਣਾ ਜੀਵਨ ਚੰਗੇਰਾ ਬਣਾ ਸਕਦੇ ਹਾਂ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਅੰਦਰ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਦੀ ਸ਼ਲਾਘਾ ਕੀਤੀ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਉੱਦਮ ਨੂੰ ਸਾਰਥਿਕ ਦੱਸਿਆ। ਸਿੰਘ ਸਾਹਿਬ ਨੇ ਬੰਗਲੌਰ ਦੀਆਂ ਸੰਗਤਾਂ ਨੂੰ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਵੀ ਦਿੱਤਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਤੋਂ ਇਲਾਵਾ ਸਿੱਖ ਮਿਸ਼ਨ ਗੁਜਰਾਤ ਦੇ ਇੰਚਾਰਜ ਭਾਈ ਪਰਮਜੀਤ ਸਿੰਘ ਤੇ ਪ੍ਰਚਾਰਕ ਭਾਈ ਸ਼ਿਵਤਾਰ ਸਿੰਘ ਨੇ ਵੀ ਕਥਾ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੰਗਲੌਰ ਦੇ ਪ੍ਰਧਾਨ ਸ. ਕੁਲਦੀਪ ਸਿੰਘ, ਜਨਰਲ ਸਕੱਤਰ ਸ. ਜਸਪਾਲ ਸਿੰਘ ਅਤੇ ਹੋਰ ਆਗੂ ਸਿੱਖਾਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਨੂੰ ਧਰਮ ਪ੍ਰਚਾਰ ਲਈ ਹਰ ਤਰ੍ਹਾਂ ਦੇ ਸਹਿਯੋਗ ਦੀ ਵਚਨਬਧਤਾ ਪ੍ਰਗਟਾਈ। ਇਸ ਤੋਂ ਪਹਿਲਾਂ ਬੰਗਲੌਰ ਵਿਖੇ ਪੁੱਜਣ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਸਥਾਨਕ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।