ਅੰਮ੍ਰਿਤਸਰ, 03 ਨਵੰਬਰ (       ) – ਸਿੱਖ ਧਰਮ ਦੇ ਮੋਢੀ ਜਗਤ-ਗੁਰੂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੪੮ਵਾਂ ਪ੍ਰਕਾਸ਼ ਪੁਰਬ ੪ ਨਵੰਬਰ ਨੂੰ ਸੰਸਾਰ ਭਰ ਵਿਚ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ-ਕੀਰਤਨ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੀਸ ਉਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਜਾ ਕੇ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਪਵਿੱਤਰ ਅਵਸਰ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾਵੱਸ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਅਤੇ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦੌਰਾਨ ਨਾਮ ਸਿਮਰਨ ਵਿਚ ਵਿਲੀਨ ਸੰਗਤਾਂ ਨੇ ਗੁਰੂ-ਜੱਸ ਉਚਾਰਨ ਕਰਦਿਆਂ ਨਗਰ ਕੀਰਤਨ ਦੇ ਨਾਲ-ਨਾਲ ਪੈਦਲ ਚੱਲ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਵਾਲੇ ਰਸਤਿਆਂ ਦੀ ਸੰਗਤਾਂ ਨੇ ਸਤਿਕਾਰ ਵਜੋਂ ਸਫਾਈ ਕੀਤੀ ਅਤੇ ਥਾਂ-ਥਾਂ ਚਾਹ, ਪਾਣੀ, ਮਠਿਆਈਆਂ, ਫਰੂਟ ਤੇ ਹੋਰ ਖਾਣ ਵਾਲੇ ਪਦਾਰਥਾਂ ਦੇ ਲੰਗਰ ਲਗਾਏ ਗਏ।
ਇਸ ਪਾਵਨ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਕੂਲੀ ਬੈਂਡ, ਸਿੰਘ-ਸਭਾਵਾਂ, ਟਕਸਾਲਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਗੱਤਕਾ ਪਾਰਟੀਆਂ ਤੇ ਬੈਂਡ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਪਾਪੜਾਂ, ਬਜ਼ਾਰ ਬਾਸਾਂ ਵਾਲਾ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਢਾਬ ਵਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਪਰਾਗਦਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਇਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਸਵਿੰਦਰ ਸਿੰਘ ਸੱਭਰਵਾਲ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ, ਸ. ਅਵਤਾਰ ਸਿੰਘ ਵਣਵਾਲਾ, ਸ. ਤਜਿੰਦਰ ਸਿੰਘ, ਸ. ਭੁਪਿੰਦਰ ਸਿੰਘ ਅਸੰਧ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਲਵਿੰਦਰ ਸਿੰਘ ਜੌੜਾਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਮਹਿੰਦਰ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਤੇ ਸ. ਗੁਰਿੰਦਰ ਸਿੰਘ, ਸੁਪ੍ਰਿੰਟੈਂਡੈਟ ਸ. ਸਤਨਾਮ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਐਡੀਸ਼ਨਲ ਮੈਨੇਜਰ ਸ. ਸੁਖਬੀਰ ਸਿੰਘ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਹਰਜਿੰਦਰ ਸਿੰਘ, ਸ. ਸਤਨਾਮ ਸਿੰਘ ਤੇ ਸ. ਲਖਵਿੰਦਰ ਸਿੰਘ ਬੱਦੋਵਾਲ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਨਿਰਮਲ ਸਿੰਘ, ਸ. ਪਲਵਿੰਦਰ ਸਿੰਘ ਹੇਰ, ਕਰਨਜੀਤ ਸਿੰਘ, ਭੁਪਿੰਦਰ ਸਿੰਘ, ਪ੍ਰੋ. ਸੁਖਦੇਵ ਸਿੰਘ, ਕਰਮਬੀਰ ਸਿੰਘ ਅਤੇ ਵੱਡੀ ਗਿਣਤੀ ਵਿਚ ਦੂਰ-ਦੁਰੇਡੇ ਤੋਂ ਪੁੱਜੀਆਂ ਸੰਗਤਾਂ ਹਾਜ਼ਰ ਸਨ।

ਭਲਕੇ ਦੇ ਪ੍ਰੋਗਰਾਮ :

4 ਨਵੰਬਰ ਦਿਨ ਸ਼ਨੀਵਾਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ ੮:੩੦ ਵਜੇ ਤੋਂ ੧੨:੦੦ ਵਜੇ ਤੀਕ ਜਲੌ ਸਜਾਏ ਜਾਣਗੇ। ਇਥੇ ਹੀ ਸਾਰਾ ਦਿਨ ਦੀਵਾਨ ਸਜਣਗੇ ਤੇ ਰਾਤ ੭:੦੦ ਤੋਂ ੯:੦੦ ਵਜੇ ਤੀਕ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜੱਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਰਾਤ ੯:੦੦ ਵਜੇ ਤੋਂ ਬਾਅਦ ਕਵੀ ਸਮਾਗਮ ਹੋਵੇਗਾ ਜਿਸ ਵਿੱਚ ਉੱਚ ਕੋਟੀ ਦੇ ਕਵੀ-ਜਨ ਜਾਣਕਾਰੀ ਭਰਪੂਰ ਰਚਨਾਵਾਂ ਪੇਸ਼ ਕਰਨਗੇ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ।