ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਰਾਣਵਾਂ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ


ਅੰਮ੍ਰਿਤਸਰ, ੨੮ ਫ਼ਰਵਰੀ– ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾ: ਛੇਵੀਂ ਰਾਣਵਾਂ (ਫ਼ਤਿਹਗੜ੍ਹ ਸਾਹਿਬ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਹ ਯਾਤਰਾ ਅਮਰਾਲਾ, ਹਵਾਰਾ ਕਲਾਂ, ਬਦੇਸਾਂ, ਮਨੈਲਾ, ਮਨਸੂਰਪੁਰ, ਲਖਨਪੁਰ, ਮੰਡੇਰਾ, ਖਮਾਣੋ, ਭਾਬਰੀ, ਰਿਆ, ਭਾਮੀਆਂ, ਬਾਠਾਂ, ਮੋਹਨ ਮਾਜਰਾ, ਸੁਹਾਵੀ, ਹਰਗੁਣਾ, ਖੇੜੀ ਨੌਧ ਸਿੰਘ, ਬੋੜ, ਖਾਲਸਪੁਰ, ਬੱਸੀ ਪਠਾਣਾ ਤੋਂ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਪੁੱਜੇਗੀ। ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਕਰਮ ਸਿੰਘ ਨੇ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਸ. ਅਵਤਾਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ, ਸ. ਦਰਬਾਰਾ ਸਿੰਘ ਗੁਰੂ ਮੈਂਬਰ ਸਕੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਟਰੱਸਟ ਸ. ਮਨਜੀਤ ਸਿੰਘ, ਸ. ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਸ. ਕਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ, ਸ. ਬਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ, ਗੁ: ਇੰਸਪੈਕਟਰ ਸ. ਗੁਰਚਰਨ ਸਿੰਘ, ਸ. ਗੁਰਵਿੰਦਰ ਸਿੰਘ, ਸ. ਭੁਪਿੰਦਰ ਸਿੰਘ, ਸ. ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।