ਅੰਮ੍ਰਿਤਸਰ, 9 ਮਾਰਚ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਸਥਾਨਕ ਸੰਤ ਚੰਨਣ ਸਿੰਘ ਕਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਤੇ ਭਾਈ ਸਿਮਰਨਜੀਤ ਸਿੰਘ ਦੇ ਜਥਿਆਂ ਨੂੰ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ ਉਪਦੇਸ਼ਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖ ਦੇ ਜੀਵਨ ਨੂੰ ਸਵਾਰਨ ਵਾਲੀ ਹੈ ਅਤੇ ਸਾਡਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰੀਏ। ਇਸ ਮੌਕੇ ਮੁਹੱਲਾ ਨਿਵਾਸੀਆਂ ਵੱਲੋਂ ਗੁਰੂ ਕਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਸ. ਨਿਸ਼ਾਨ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਸ਼੍ਰੋਮਣੀ ਕਮੇਟੀ, ਸ. ਹਰਿੰਦਰਪਾਲ ਸਿੰਘ, ਸ. ਰੋਬਿਨ ਸਿੰਘ, ਸ. ਰਘਬੀਰ ਸਿੰਘ ਸ. ਤੇਜਿੰਦਰ ਸਿੰਘ ਅਤੇ ਸ. ਇੰਦਰਜੀਤ ਸਿੰਘ ਅਤੇ ਸੰਗਤ ਹਾਜ਼ਰ ਸੀ।