ਸ਼ਬਦ ਗੁਰੂ ਯਾਤਰਾ ਗੁਰਦੁਆਰਾ ਗਰਨਾ ਸਾਹਿਬ ਪਾਤਸ਼ਾਹੀ ਛੇਵੀਂ ਬੋਦਲ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 1 ਅਪ੍ਰੈਲ–ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਗਰਨਾ ਸਾਹਿਬ ਪਾਤਸ਼ਾਹੀ ਛੇਵੀਂ ਬੋਦਲ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਲਈ ਰਵਾਨਾ ਹੋਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਤਾਰਾ ਸਿੰਘ ਜੀ ਸੱਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ‘ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਜੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾ, ਮੈਨੇਜਰ ਸ. ਰਤਨ ਸਿੰਘ, ਸ. ਬਿਕਰਮਜੀਤ ਸਿੰਘ ਮੈਨੇਜਰ ਰਮਦਾਸ, ਸ. ਭੁਪਿੰਦਰ ਸਿੰਘ ਸੀ.ਸੀ., ਸ. ਨਿਰੰਜਨ ਸਿੰਘ ਸੁਪਰਵਾਈਜ਼ਰ, ਭਾਈ ਜਸਬੀਰ ਸਿੰਘ ਗੋਰਾ ਸਹਾਇਕ ਸੁਪਰਵਾਈਜ਼ਰ, ਭਾਈ ਕਲਿਆਣਾ ਸਿੰਘ, ਭਾਈ ਰਛਮੀਤ ਸਿੰਘ ਪ੍ਰਚਾਰਕ, ਭਾਈ ਜਸਬੀਰ ਸਿੰਘ ਕਵੀਸ਼ਰ ਧਰਮ ਪ੍ਰਚਾਰ ਕਮੇਟੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।