ਸ਼ਬਦ ਗੁਰੂ ਯਾਤਰਾ ਦੀ ੩ ਮਈ ਨੂੰ ਹੋਵੇਗੀ ਸਮਾਪਤੀ
ਭਾਈ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਭਰਨਗੀਆਂ ਹਾਜ਼ਰੀਆਂ

ਅੰਮ੍ਰਿਤਸਰ, ੨ ਮਈ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਵਿਚ ਮਨਾਏ ਜਾ ਰਹੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੭ ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਈ ਵਿਸ਼ਾਲ ‘ਸ਼ਬਦ ਗੁਰੂ ਯਾਤਰਾ’ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਭਲਕੇ ੩ ਮਈ ਨੂੰ ਸ਼ਾਮ ੬ ਵਜੇ ਸੰਪੰਨ ਹੋਵੇਗੀ। ਇਹ ਯਾਤਰਾ ਆਪਣੇ ਚਾਰ ਮਹੀਨੇ ਦੌਰਾਨ ਪੰਜਾਬ ਦੇ ਵੱਖ-ਵੱਖ ਪਿੰਡਾਂ, ਨਗਰਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ੮ ਨਵੰਬਰ ਤੋਂ ੧੨ ਨਵੰਬਰ ੨੦੧੯ ਤੀਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਕੌਮਾਂਤਰੀ ਪੱਧਰ ਦੇ ਗੁਰਮਤਿ ਸਮਾਗਮਾਂ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਵਿਚ ਸਫਲ ਰਹੀ। ਸ਼ਬਦ ਗੁਰੂ ਯਾਤਰਾ ਦਾ ਜਿਥੇ ਸੰਗਤਾਂ ਨੇ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਸਵਾਗਤ ਕੀਤਾ, ਉਥੇ ਹੀ ਗੁਰੂ ਸਾਹਿਬ ਦੇ ਸ਼ਸਤਰਾਂ ਤੇ ਨਿਸ਼ਾਨੀਆਂ ਦੇ ਦਰਸ਼ਨ ਕਰਕੇ ਸੰਗਤਾਂ ਨਿਹਾਲ ਹੋਈਆਂ। ਸ਼ਬਦ ਗੁਰੂ ਯਾਤਰਾ ਦੀ ਸੰਪੰਨਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬਾਨ, ਸਭਾ ਸੁਸਾਇਟੀਆਂ ਤੇ ਧਾਰਮਿਕ ਜਥੇਬੰਦੀਆਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੀਆਂ। ਭਾਈ ਲੌਂਗੋਵਾਲ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਬਦ ਗੁਰੂ ਯਾਤਰਾ ਦੀ ਸੰਪੰਨਤਾ ਮੌਕੇ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹਾਜ਼ਰੀਆਂ ਭਰਨ।