ਅੰਮ੍ਰਿਤਸਰ, ੧੭ ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਆਰੰਭਤਾ ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿ ਸਰਹੱਦ ‘ਤੇ ਕਰਤਾਰਪੁਰ ਸਾਹਿਬ ਦੇ ਲਾਂਘਾ ਦਰਸ਼ਨ ਸਥਲ ਤੋਂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ, ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਮੁੱਢਲੀ ਰੂਪ-ਰੇਖਾ ਸਬੰਧੀ ਵਿਸ਼ੇਸ਼ ਇਕੱਤਰਤਾ ਕੀਤੀ, ਜਿਸ ਤੋਂ ਬਾਅਦ ਇਕ ਪ੍ਰੈਸ ਕਾਨਫਰੰਸ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਸੰਤ ਸਮਾਜ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ੫੫੦ ਸਾਲਾ ਪ੍ਰਕਾਸ਼ ਪੁਰਬ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਭਾਈ ਲੌਂਗੋਵਾਲ ਨੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਰੂਪ-ਰੇਖਾ ਦਾ ਐਲਾਨ ਕਰਦਿਆਂ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ੧੦ ਅਤੇ ੧੧ ਨਵੰਬਰ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਵੱਸੇ ਇਤਿਹਾਸਕ ਕਸਬੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਚ ਹੋਵੇਗੀ, ਜਿਥੇ ਵਿਸ਼ੇਸ਼ ਲੇਜ਼ਰ ਸ਼ੋਅ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਆਰੰਭਤਾ ਭਾਰਤ-ਪਾਕਿ ਸਰਹੱਦ ‘ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘਾ ਦਰਸ਼ਨ ਸਥਲ ਤੋਂ ਕੀਤੀ ਜਾਵੇ, ਜਿਥੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਲੰਬਾ ਸਮਾਂ ਗੁਜ਼ਾਰਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ੨੩ ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਏ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ੫ ਵਿਸ਼ਾਲ ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਸ ਤਹਿਤ ੧ ਅਕਤੂਬਰ ਨੂੰ ਗੁਰਦੁਆਰਾ ਕੋੜੀ ਘਾਟ ਉੱਤਰ ਪ੍ਰਦੇਸ਼ ਤੋਂ ਪਹਿਲਾ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਹਰਿਆਣਾ ਤੋਂ ਹੁੰਦਾ ਹੋਇਆ ੮ ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਇਸ ਤੋਂ ਪਹਿਲਾਂ ੩੦ ਸਤੰਬਰ ਨੂੰ ਗੁਰਦੁਆਰਾ ਕੋੜੀ ਘਾਟ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਹੋਵੇਗਾ। ਇਸ ਤਰ੍ਹਾਂ ਇਕ ਨਗਰ ਕੀਰਤਨ ੨੩ ਫਰਵਰੀ ੨੦੧੯ ਨੂੰ ਗੁਰਦੁਆਰਾ ਮਟਨ ਸਾਹਿਬ ਜੰਮੂ-ਕਸ਼ਮੀਰ ਤੋਂ ਆਰੰਭ ਹੋ ਕੇ ੨੫ ਫਰਵਰੀ ੨੦੧੯ ਨੂੰ ਸੰਪੰਨ ਹੋਵੇਗਾ। ਹੋਰ ਸਮਾਗਮਾਂ ਦਾ ਵੇਰਵਾ ਦਿੰਦਿਆਂ ਭਾਈ ਲੌਂਗੋਵਾਲ ਨੇ ਦੱਸਿਆ ਕਿ ੨੩ ਮਾਰਚ ੨੦੧੯ ਨੂੰ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸਫਲਤਾ ਲਈ ਸਮੂਹ ਸਿੱਖ ਜਥੇਬੰਦੀਆਂ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਗੁਰਮਤਿ ਟਕਸਾਲਾਂ, ਸਿੰਘ ਸਭਾਵਾਂ ਸਿੱਖ ਸੰਪਰਦਾਵਾਂ, ਧਾਰਮਿਕ ਸਭਾ-ਸੁਸਾਇਟੀਆਂ ਆਦਿ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਇਕ ਵਿਸ਼ੇਸ਼ ਇਕੱਤਰਤਾ ੧੨ ਅਕਤੂਬਰ ਨੂੰ ਕੀਤੀ ਜਾਵੇਗੀ, ਜਿਸ ਵਿਚ ਸਾਰੀਆਂ ਜਥੇਬੰਦੀਆਂ ਨੂੰ ਸ਼ਮੂਲੀਅਤ ਲਈ ਸੱਦਾ ਦਿੱਤਾ ਜਾਵੇਗਾ।
ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਨੇ ਪਹਿਲੇ ਪਾਤਸ਼ਾਹ ਜੀ ਦੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਕੌਮ ਲਈ ਇਕ ਸੁਨਹਿਰੀ ਸਮਾਂ ਦੱਸਿਆ ਅਤੇ ਕਿਹਾ ਕਿ ਇਸ ਮੌਕੇ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਸਮਾਗਮਾਂ ਨੂੰ ਯਾਦਗਾਰੀ ਬਣਾਇਆ ਜਾਵੇਗਾ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸ. ਸੱਜਣ ਸਿੰਘ ਬੱਜੂਮਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਮਨਜੀਤ ਸਿੰਘ ਬੱਪੀਆਣਾ, ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ, ਸ. ਕੁਲਮੋਹਨ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ, ਸੁਪ੍ਰਿੰਟੈਂਡੈਂਟ ਸ. ਸਤਨਾਮ ਸਿੰਘ ਤੇ ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਹੋਰ ਮੌਜੂਦ ਸਨ।