ਨਗਰ ਕੀਰਤਨ ਗੁਰਦੁਆਰਾ ਨਾਨਕਮਤਾ ਸਾਹਿਬ ਤੋਂ ਤੀਸਰੇ ਪੜਾਅ ਲਈ ਹੋਇਆ ਰਵਾਨਾ

ਅੰਮ੍ਰਿਤਸਰ ੦੩ ਅਕਤੂਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਕੋੜੀ ਵਾਲਾ ਘਾਟ ਉੱਤਰ ਪ੍ਰਦੇਸ਼ ਤੋਂ ਸੁਲਤਾਨਪੁਰ ਲੋਧੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਾਨਕ ਮਤਾ ਸਾਹਿਬ ਤੋਂ ਆਪਣੇ ਤੀਸਰੇ ਪੜਾਅ ਗੁਰਦੁਆਰਾ ਨਾਨਕਿਆਣਾ ਸਾਹਿਬ ਕਾਸ਼ੀਪੁਰ ਲਈ ਰਵਾਨਾ ਹੋਇਆ, ਜਿਸ ਦੀ ਆਰੰਭਤਾ ਲਈ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੇ ਪ੍ਰਬੰਧਕਾਂ ਦਾ ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰ ਆਦਿ ਦਾ ਸੁਚੱਜਾ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ। ਇਸ ਦੌਰਾਨ ਸਿੰਘ ਸਾਹਿਬਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰੀਕ ਸਿੰਘ ਸ਼ਾਹਪੁਰ, ਸ. ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਸ. ਬਿਜੈ ਸਿੰਘ ਬਾਦੀਆਂ, ਸ. ਸਿਮਰਜੀਤ ਸਿੰਘ ਕੰਗ, ਸ. ਹਰਜੀਤ ਸਿੰਘ ਲਾਲੂਘੁੰਮਣ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਸਰਬਜੀਤ ਸਿੰਘ ਢੋਟੀਆ ਅਤੇ ਨਗਰ ਕੀਰਤਨ ਨਾਲ ਚੱਲ ਰਹੇ ਹੋਰ ਪ੍ਰਬੰਧਕਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਾਈ ਅਜਾਇਬ ਸਿੰਘ ਅਭਿਆਸੀ ਨੇ ਸੰਗਤਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਨਗਰ ਕੀਰਤਨ ਦੌਰਾਨ ਨਾਨਕ ਮਤਾ ਇੰਟਰ ਕਾਲਜ ਦੇ ਵਿਦਿਆਰਥੀਆਂ ਦੀ ਬੈਂਡ ਟੀਮ ਨੇ ਨਗਰ ਕੀਰਤਨ ਦਾ ਭਰਪੂਰ ਸਵਾਗਤ ਕੀਤਾ ਅਤੇ ਗਤਕਾ ਟੀਮਾਂ ਵੱਲੋਂ ਵੀ ਸਿੱਖ ਸ਼ਸਤਰ ਕਲਾ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਨਾਲ ਚੱਲ ਰਹੇ ਭਾਈ ਅਜਾਇਬ ਸਿੰਘ ਅਭਿਆਸੀ ਤੇ ਸ. ਸੁਖਵਰਸ਼ ਸਿੰਘ ਪੰਨੂੰ ਨੇ ਦੱਸਿਆ ਹੈ ਕਿ ਸੰਗਤਾਂ ਵਿਚ ਨਗਰ ਕੀਰਤਨ ਦੇ ਸਵਾਗਤ ਲਈ ਭਾਰੀ ਉਤਸ਼ਾਹ ਹੈ ਅਤੇ ਥਾਂ-ਥਾਂ ‘ਤੇ ਸੰਗਤ ਵੱਲੋਂ ਲੰਗਰ ਆਦਿ ਵੀ ਲਗਾਏ ਗਏ ਹਨ।
ਇਸ ਤੋਂ ਪਹਿਲਾਂ ਮੰਗਲਵਾਰ ਦੀ ਰਾਤ ਨੂੰ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕੌਮ ਦੇ ਰਾਗੀ ਤੇ ਢਾਡੀ ਸਿੰਘਾਂ ਨੇ ਗੁਰਬਾਣੀ ਕੀਰਤਨ ਤੇ ਸਿੱਖ ਇਤਿਹਾਸ ਨਾਲ ਸੰਗਤ ਨੂੰ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਵੀ ਕੀਤੀ। ਇਸ ਮੌਕੇ ਗੁਰਦੁਆਰਾ ਨਾਨਕ ਮਤਾ ਸਾਹਿਬ ਦੇ ਮੁਖ ਪ੍ਰਬੰਧਕ ਸ. ਸੇਵਾ ਸਿੰਘ, ਸ. ਪ੍ਰੀਤਮ ਸੰਧੂ, ਜਥੇਦਾਰ ਗੁਰਮੇਜ ਸਿੰਘ, ਸ. ਬਲਜਿੰਦਰ ਸਿੰਘ, ਡਾ. ਕਰਮ ਸਿੰਘ, ਸ. ਸੂਰਤ ਸਿੰਘ, ਧਰਮ ਪ੍ਰਚਾਰਕ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆ ਆਦਿ ਵੀ ਮੌਜੂਦ ਸਨ।