ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਅਸਥਾਨਾਂ ਵਿਖੇ ਇਸ ਸਾਲ ਕੀਤੇ ਜਾਣਗੇ ਵਿਸ਼ੇਸ਼ ਗੁਰਮਤਿ ਸਮਾਗਮ-ਭਾਈ ਲੌਂਗੋਵਾਲ

ਅੰਮ੍ਰਿਤਸਰ, ੧ ਜਨਵਰੀ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਸਾਕਚੀ ਟਾਟਾਨਗਰ ਜਮਸ਼ੇਦਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਸੇਵਾ ਦਲ ਜਮਸ਼ੇਦਪੁਰ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵਿਸ਼ੇਸ਼ ਗੁਰਮਤਿ ਸਮਾਗਮਾਂ ਸਮੇਂ ਭਰਵੀਂ ਸ਼ਮੂਲੀਅਤ ਕਰਨ ਦੀ ਪ੍ਰੇਰਣਾ ਕੀਤੀ। ਭਾਈ ਲੌਂਗੋਵਾਲ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਹ ਇਤਿਹਾਸਕ ਪੁਰਬ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਇਕ ਸੁਨਹਿਰੀ ਮੌਕਾ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਸਮਰਪਿਤ ਜਿਥੇ ਪੰਜਾਬ ਅੰਦਰ ਧਰਮ ਪ੍ਰਚਾਰ ਲਈ ਕਾਰਜ ਕਰ ਰਹੀ ਹੈ, ਉਥੇ ਹੀ ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੇ ਬਾਹਰਲੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨਾਂ ਵਿਖੇ ਇਸ ਸਾਲ ਦੌਰਾਨ ਗੁਰਮਤਿ ਸਮਾਗਮ ਕੀਤੇ ਜਾਣਗੇ, ਜਿਸ ਤਹਿਤ ੧੯ ਅਤੇ ੨੦ ਜਨਵਰੀ ਨੂੰ ਉੜੀਸਾ ਦੇ ਗੁਰਦੁਆਰਾ ਬਾਉਲੀ ਸਾਹਿਬ ਜਗਨਨਾਥ ਪੁਰੀ ਅਤੇ ਗੁਰਦੁਆਰਾ ਦਾਤਣ ਸਾਹਿਬ ਕੱਟਕ ਵਿਖੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਥਾਵਾਂ ‘ਤੇ ਗੁਰਮਤਿ ਸਮਾਗਮ ਨਿਰੰਤਰ ਆਯੋਜਤ ਕੀਤੇ ਜਾਣਗੇ ਤਾਂ ਜੋ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਇਆ ਜਾ ਸਕੇ। ਇਸ ਦੌਰਾਮ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਧਰਮ ਪ੍ਰਚਾਰ ਕਮੇਟੀ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਸਮਾਗਮ ਸਮੇਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਹੋਰਾਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੁਰਮੁੱਖ ਸਿੰਘ, ਭਾਈ ਭਗਵਾਨ ਸਿੰਘ, ਭਾਈ ਬਲਬੀਰ ਸਿੰਘ ਬੱਲੀ, ਗੁਰੂ ਨਾਨਕ ਸੇਵਾ ਦਲ ਦੇ ਮੁਖੀ ਸ. ਹਰਵਿੰਦਰ ਸਿੰਘ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਮਨਮੋਹਨ ਸਿੰਘ, ਸ. ਹਰਜੀਤ ਸਿੰਘ, ਸ. ਪਰਮਜੀਤ ਸਿੰਘ, ਸ. ਖ਼ੁਸ਼ਬੀਰ ਸਿੰਘ, ਸ. ਤਰਲੋਚਨ ਸਿੰਘ, ਸ. ਚਰਨਜੀਤ ਸਿੰਘ, ਸ. ਸੁਖਦੇਵ ਸਿੰਘ, ਸ. ਤਰਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।