ਨਗਰ ਕੀਰਤਨ ਦੌਰਾਨ 2 ਅਕਤੂਬਰ ਨੂੰ ਗੁਰਦੁਆਰਾ ਨਾਨਕ ਮਤਾ ਸਾਹਿਬ ਵਿਖੇ ਕੀਤਾ ਜਾਵੇਗਾ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਸਤੰਬਰ–
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਕੋੜੀ ਵਾਲਾ ਘਾਟ ਉਤਰ ਪ੍ਰਦੇਸ਼ ਤੋਂ 1 ਅਕਤੂਬਰ ਨੂੰ ਆਰੰਭ ਹੋਣ ਵਾਲੇ ਨਗਰ ਕੀਰਤਨ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਤਿਆਰੀਆਂ ਲਈ ਪਹੁੰਚੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਖਾਲਸਾਈ ਜਾਹੋ ਜਲਾਲ ਨਾਲ ਹੋਵੇਗੀ ਅਤੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਮੌਕੇ ਸਿੰਘ ਸਾਹਿਬਾਨ ਸਮੇਤ ਕੌਮ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਰਹਿਣਗੀਆਂ। ਭਾਈ ਅਭਿਆਸੀ ਅਨੁਸਾਰ ਉਨ੍ਹਾਂ ਵੱਲੋਂ ਨਗਰ ਕੀਰਤਨ ਦੇ ਸਾਰੇ ਰੂਟ ਤੇ ਸੰਗਤਾਂ ਤੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨਾਲ ਰਾਬਤਾ ਕੀਤਾ ਗਿਆ ਹੈ ਅਤੇ ਨਗਰ ਕੀਰਤਨ ਦੌਰਾਨ ਰਾਤ ਦੇ ਹਰ ਪੜਾਅ ’ਤੇ ਸੰਗਤਾਂ ਦੇ ਠਹਿਰਨ ਤੇ ਲੰਗਰ ਆਦਿ ਦੇ ਬਿਹਤਰ ਪ੍ਰਬੰਧ ਕੀਤੇ ਗਏ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ 2 ਅਕਤੂਬਰ ਨੂੰ ਗੁਰਦੁਆਰਾ ਨਾਨਕ ਮਤਾ ਸਾਹਿਬ ਉਤਰਾਂਚਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ਦੇ ਪ੍ਰਬੰਧ ਅਤੇ ਦੇਖ ਰੇਖ ਲਈ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਮਰੀਕ ਸਿੰਘ ਸ਼ਾਹਪੁਰ ਮੈਂਬਰ, ਸ਼੍ਰੋਮਣੀ ਕਮੇਟੀ ਅਧਿਕਾਰੀ ਸ. ਬਿਜੈ ਸਿੰਘ ਬਾਦੀਆਂ, ਸ. ਸਿਮਰਜੀਤ ਸਿੰਘ ਕੰਗ, ਸ. ਹਰਜੀਤ ਸਿੰਘ ਲਾਲੂ ਘੁੰਮਣ, ਸਿੱਖ ਮਿਸ਼ਨ ਕਾਸ਼ੀਪੁਰ ਦੇ ਇੰਚਾਰਜ ਗਿਆਨੀ ਹਰਜਿੰਦਰ ਸਿੰਘ ਆਦਿ ਪਹੁੰਚੇ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਭਾਈ ਜਗਦੇਵ ਸਿੰਘ ਪ੍ਰਚਾਰਕ ਸਮੇਤ ਸਿੱਖ ਕੌਮ ਦੇ ਮਹਾਨ ਰਾਗੀ, ਢਾਡੀ ਸੰਗਤਾਂ ਨਾਲ ਗੁਰੂ ਜੱਸ ਸਾਂਝਾ ਕਰਨਗੇ।